ਕਿਹਾ – ਬੱਸਾਂ ਦੇ ਕਿਰਾਇਆਂ ਵਿਚ ਕਟੌਤੀ ਕਰੇ ਕੈਪਟਨ ਸਰਕਾਰ
ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਮਹਿੰਗਾਈ ਦੀ ਮਾਰ ਝੱਲ ਰਹੇ ਪੰਜਾਬ ਦੇ ਲੋਕਾਂ ਲਈ ਆਵਾਜ਼ ਚੁੱਕੀ ਹੈ। ‘ਆਪ’ ਦੀ ਪੰਜਾਬ ਇਕਾਈ ਨੇ ਕੈਪਟਨ ਅਮਰਿੰਦਰ ਸਰਕਾਰ ਤੋਂ ਮੰਗ ਕੀਤੀ ਉਹ ਛੇਤੀ ਤੋਂ ਛੇਤੀ ਪੰਜਾਬ ‘ਚ ਬੱਸਾਂ ਦੇ ਕਿਰਾਏ ਵਿਚ ਕਟੌਤੀ ਕਰੇ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਨੇ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਦਿਆਂ ਕਿਹਾ ਸੀ ਕਿ ਉਹ ਸੂਬੇ ਦੇ ਲੋਕਾਂ ਨੂੰ ਰੋਜ਼ਗਾਰ ਦੇਣਗੇ, ਪਰ ਚੋਣਾਂ ਤੋਂ ਬਾਅਦ ਉਹ ਵਾਅਦਿਆਂ ਤੋਂ ਮੁੱਕਰ ਗਏ ਹਨ। ‘ਆਪ’ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ਵਿਚ ਡੀਜ਼ਲ ਦੀਆਂ ਵਧੀਆਂ ਕੀਮਤਾਂ ਦਾ ਬਹਾਨਾ ਲਗਾ ਕੇ ਕਈ ਵਾਰ ਬੱਸ ਕਿਰਾਇਆ ਵਧਾਇਆ। ਹੁਣ ਜਦੋਂ ਤੇਲ ਦੀਆਂ ਕੀਮਤਾਂ ਘਟ ਰਹੀਆਂ ਹਨ ਤਾਂ ਪੰਜਾਬ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਬੱਸਾਂ ਦੇ ਕਿਰਾਇਆਂ ਵਿਚ ਕਟੌਤੀ ਕਰੇ।