ਸ਼੍ਰੀਨਗਰ— ਜੰਮੂ-ਕਸ਼ਮੀਰ ਵਿਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇਕੱਠੀਆਂ ਕਰਵਾਈਆਂ ਜਾ ਸਕਦੀਆਂ ਹਨ। ਮੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਸੋਮਵਾਰ ਭਾਵ ਅੱਜ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ ‘ਤੇ ਪਹੁੰਚ ਰਹੇ ਹਨ। ਸੂਤਰਾਂ ਮੁਤਾਬਕ ਮੁੱਖ ਚੋਣ ਕਮਿਸ਼ਨਰ ਦੀ ਅਗਵਾਈ ਵਿਚ ਚੋਣ ਕਮਿਸ਼ਨ ਦੀ ਇਕ ਟੀਮ ਸ਼੍ਰੀਨਗਰ ਪਹੁੰਚ ਰਹੀ ਹੈ। ਅਪ੍ਰੈਲ-ਮਈ ‘ਚ ਲੋਕ ਸਭਾ ਚੋਣਾਂ ਹੋਣੀਆਂ ਹਨ, ਇਨ੍ਹਾਂ ਚੋਣਾਂ ਨਾਲ ਹੀ ਵਿਧਾਨ ਸਭਾ ਚੋਣਾਂ ਕਰਾਉਣ ਦੀ ਵੀ ਤਿਆਰੀ ਹੈ। ਸੁਨੀਲ ਅਰੋੜਾ ਚੋਣਾਂ ਦੀ ਤਿਆਰੀਆਂ ਦਾ ਵੀ ਜਾਇਜ਼ਾ ਲੈਣਗੇ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਚੋਣ ਕਮਿਸ਼ਨ ਦੀ ਟੀਮ 4 ਮਾਰਚ ਨੂੰ ਸ਼੍ਰੀਨਗਰ ਅਤੇ 5 ਮਾਰਚ ਨੂੰ ਜੰਮੂ ‘ਚ ਰਾਜ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਸਿਆਸੀ ਦਲਾਂ ਦੇ ਪ੍ਰਤੀਨਿਧੀਆਂ ਨਾਲ ਬੈਠਕਾਂ ਵੀ ਕਰੇਗੀ। ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ ਦੇ ਰਾਜਪਾਲ ਸੱਤਿਆਪਾਲ ਮਲਿਕ ਨੇ ਨਵੰਬਰ 2018 ਵਿਚ ਵਿਧਾਨ ਸਭਾ ਭੰਗ ਕਰ ਦਿੱਤੀ ਸੀ। ਇਸ ਤੋਂ ਪਹਿਲਾਂ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ. ਡੀ. ਪੀ.) ਦੀ ਮੁਖੀ ਮਹਿਬੂਬਾ ਮੁਫਤੀ ਨੇ ਆਪਣੇ ਵਿਰੋਧੀ ਉਮਰ ਅਬਦੁੱਲਾ ਦੀ ਨੈਸ਼ਨਲ ਕਾਨਫਰੰਸ ਅਤੇ ਕਾਂਗਰਸ ਦੇ ਸਮਰਥਨ ਤੋਂ ਸੂਬੇ ਵਿਚ ਸਰਕਾਰ ਬਣਾਉਣ ਦਾ ਦਾਵਆ ਕੀਤਾ ਸੀ। ਉਨ੍ਹਾਂ ਨੇ 87 ਮੈਂਬਰੀ ਵਿਧਾਨ ਸਭਾ ਵਿਚ 56 ਵਿਧਾਇਕਾਂ ਦੇ ਸਮਰਥਨ ਦਾ ਦਾਅਵਾ ਕੀਤਾ ਸੀ। ਇੱਥੇ ਦੱਸ ਦੇਈਏ ਕਿ ਜੰਮੂ-ਕਸ਼ਮੀਰ ਵਿਚ ਦਸੰਬਰ 2018 ਤੋਂ ਰਾਸ਼ਟਰਪਤੀ ਸ਼ਾਸਨ ਲੱਗਾ ਹੋਇਆ ਹੈ। ਉਸ ਤੋਂ ਪਹਿਲਾਂ ਉਹ 6 ਮਹੀਨੇ ਤਕ ਰਾਜਪਾਲ ਸ਼ਾਸਨ ਵਿਚ ਸੀ।