ਚੰਡੀਗੜ੍ਹ – ਆਮ ਆਦਮੀ ਪਾਰਟੀ ਨੇ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੁਆਰਾ ਸੂਬੇ ਵਿੱਚ ਬੇਰੁਜ਼ਗਾਰੀ ਪ੍ਰਤੀ ਕੋਈ ਠੋਸ ਨੀਤੀ ਨਾ ਲਿਆਉਣ ਲਈ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਹੈ ਕਿ ਸਰਕਾਰ ਚੋਣਾਂ ਤੋਂ ਪਹਿਲਾਂ ਨੌਜਵਾਨਾਂ ਅਤੇ ਹੋਰ ਵਰਗਾਂ ਨਾਲ ਕੀਤੇ ਵਾਅਦਿਆਂ ਨੂੰ ਭੁੱਲ ਗਈ ਹੈ ਜਿਸਦਾ ਖ਼ਮਿਆਜ਼ਾ ਸੂਬੇ ਦੇ ਨੌਜਵਾਨਾਂ ਨੂੰ ਭੁਗਤਣਾ ਪੈ ਰਿਹਾ ਹੈ।
ਪਾਰਟੀ ਦੇ ਚੰਡੀਗੜ੍ਹ ਸਥਿਤ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ (ਮੀਤ ਹੇਅਰ), ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਹਰ ਘਰ ਰੁਜ਼ਗਾਰ ਦਾ ਵਾਅਦਾ ਕਰਕੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪ੍ਰੰਤੂ ਸਰਕਾਰ ਹੁਣ ਆਪਣੇ ਕੀਤੇ ਵਾਅਦੇ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਂਗਰਸ ਸਰਕਾਰ ਨੌਜਵਾਨਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਹੈ।
‘ਆਪ’ ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਨਾ ਸਿਰਫ਼ ਆਪਣੇ ਕੀਤੇ ਵਾਅਦੇ ਤੋਂ ਮੁੱਕਰੀ ਹੈ ਬਲਕਿ ਉਸ ਨੇ ਨੌਜਵਾਨਾਂ ਨਾਲ ਧੋਖਾ ਕਰਕੇ ਉਨ੍ਹਾਂ ਨੂੰ ਪੰਜਾਬ ਛੱਡਣ ਲਈ ਮਜਬੂਰ ਕੀਤਾ ਹੈ। ਮੀਤ ਹੇਅਰ ਨੇ ਕਿਹਾ ਕਿ ਰੁਜ਼ਗਾਰ ਦੀ ਅਣਹੋਂਦ ਕਾਰਨ ਪੰਜਾਬ ਵਿਚੋਂ ਹਰ ਰੋਜ਼ ਹਜ਼ਾਰਾਂ ਨੌਜਵਾਨ ਹਰ ਸਹੀ ਗ਼ਲਤ ਰਸਤਾ ਅਪਣਾ ਕੇ ਵਿਦੇਸ਼ ਜਾਣ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨ ਦਾ ਵਿਦੇਸ਼ਾਂ ਵਿੱਚ ਜਾਣ ਨਾਲ ਸੂਬੇ ਦਾ ਅਣਮੁੱਲਾ ਖ਼ਜ਼ਾਨਾ ਤਾਂ ਜਾ ਹੀ ਰਿਹਾ ਹੈ ਇਸ ਨਾਲ ਸੂਬੇ ਨੂੰ ਮਾਲੀਏ ਦਾ ਵੀ ਨੁਕਸਾਨ ਹੋ ਰਿਹਾ ਹੈ।
ਅੰਗਰੇਜ਼ੀ ਦੇ ਇੱਕ ਪ੍ਰਮੁੱਖ ਅਖ਼ਬਾਰ ਵਿੱਚ ਛਪੀ ਰਿਪੋਰਟ ਦਾ ਹਵਾਲਾ ਦਿੰਦਿਆਂ ਹੇਅਰ ਨੇ ਕਿਹਾ ਕਿ ਫਰਵਰੀ 2018 ਦੀ 5.9 ਦੇ ਮੁਕਾਬਲੇ ਫਰਵਰੀ 2019 ਵਿੱਚ ਦੇਸ਼ ਦੀ ਬੇਰੁਜ਼ਗਾਰੀ ਦੀ ਦਰ 7.2 % ਹੋ ਗਈ ਹੈ ਜੋ ਕਿ ਸਤੰਬਰ 2016 ਤੋਂ ਹੁਣ ਤੱਕ ਦੀ ਸਭ ਤੋਂ ਉੱਚੀ ਦਰ ਹੈ। ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਵੀ ਬੇਰੁਜ਼ਗਾਰੀ ਦੀ ਸਥਿਤੀ ਬਹੁਤ ਬਦਤਰ ਹੈ।
ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਪਿਛਲੀ ਅਕਾਲੀ ਭਾਜਪਾ ਦੀ ਸਰਕਾਰ ਵਾਂਗ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵੀ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰਨ ਦੀ ਥਾਂ ਉਨ੍ਹਾਂ ਤੋਂ ਪਹਿਲਾਂ ਵਾਲਾ ਰੁਜ਼ਗਾਰ ਵੀ ਖੋਹਣ ਦੀ ਨੀਤੀ ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਹਰ ਘਰ ਰੋਜ਼ਗਾਰ ਦੇਣ ਦਾ ਵਾਅਦਾ ਵੀ ਮੋਦੀ ਸਰਕਾਰ ਵਾਂਗ ਜੁਮਲਾ ਹੀ ਸਾਬਤ ਹੋਇਆ ਹੈ।
ਸੂਬਾ ਸਰਕਾਰ ਦੁਆਰਾ ਬੇਰੁਜ਼ਗਾਰ ਨੌਜਵਾਨਾਂ ਪ੍ਰਤੀ ਅਖ਼ਤਿਆਰ ਕੀਤੀ ਨੀਤੀ ਉੱਤੇ ਹੈਰਾਨੀ ਪ੍ਰਗਟ ਕਰਦਿਆਂ ਮਨਿੰਦਰ ਸਿੱਧੂ ਨੇ ਕਿਹਾ ਕਿ ਅਜਿਹਾ ਕਰਕੇ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਵੱਖ ਵੱਖ ਅਲਾਮਤਾਂ ਜਿਵੇਂ ਨਸ਼ਾ ਖੋਰੀ ਅਤੇ ਆਤਮ ਹੱਤਿਆ ਵੱਲ ਧੱਕ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪੜ੍ਹੇ ਲਿਖੇ ਨੌਜਵਾਨਾਂ ਦਾ ਨੌਕਰੀ ਦੀ ਭਾਲ ਵਿੱਚ ਵੱਖ ਵੱਖ ਮੁਲਕਾਂ ਵਿੱਚ ਜਾਣਾ ਵੀ ਸੂਬੇ ਲਈ ਸ਼ੁੱਭ ਸੰਕੇਤ ਨਹੀਂ ਹੈ।
ਕੇਂਦਰੀ ਮੰਤਰੀ ਅਤੇ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਉੱਤੇ ਨਿਸ਼ਾਨਾ ਵਿੰਨ੍ਹਦਿਆਂ ਸਿੱਧੂ ਨੇ ਕਿਹਾ ਕਿ ਕੀ ਉਹ ਮੋਦੀ ਸਰਕਾਰ ਵਿੱਚ ਮੰਤਰੀ ਹੋਣ ਦੇ ਬਾਵਜੂਦ ਵੀ ਸੂਬੇ ਦੇ ਨੌਜਵਾਨਾਂ ਅਤੇ ਹੋਰ ਵਰਗਾਂ ਲਈ ਗੰਭੀਰ ਨਹੀਂ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਮੰਤਰੀ ਰਹਿੰਦਿਆਂ ਹਰਸਿਮਰਤ ਬਾਦਲ ਕੋਈ ਯਤਨ ਕਰਦੇ ਤਾਂ ਨਿਸ਼ਚਿਤ ਤੌਰ ਤੇ ਸੂਬੇ ਵਿੱਚ ਬੇਰੁਜ਼ਗਾਰੀ ਦਾ ਮੁੱਦਾ ਇੰਨਾ ਗੰਭੀਰ ਰੂਪ ਧਾਰਨ ਨਾ ਕਰਦਾ। ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਵੱਲੋਂ ਐਲਾਨ ਕਰਨ ਦੇ ਬਾਵਜੂਦ ਵੀ ਪੰਜਾਬ ਵਿੱਚ ਕੋਈ ਫੂਡ ਪ੍ਰੋਸੈਸਿੰਗ ਯੂਨਿਟ ਨਾ ਲਗਾਉਣ ਨਾਲ ਵੀ ਸੂਬੇ ਵਿੱਚ ਰੁਜ਼ਗਾਰ ਦੇ ਮੌਕੇ ਘੱਟ ਹੀ ਹੋਏ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੂੰ ਵੀ ਸੂਬੇ ਵਿੱਚ ਬੇਰੁਜ਼ਗਾਰੀ ਉੱਤੇ ਆਪਣਾ ਸਪਸ਼ਟੀਕਰਨ ਦੇਣਾ ਚਾਹੀਦਾ ਹੈ।