ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਵਿਚ ਮਹਿਲਾਵਾਂ/ਦਿਵਿਆਂਗਾਂ/ ਬਜ਼ੁਰਗਾਂ ਲਈ 15 ਸੀਟਾਂ ਰਾਖਵੀਆਂ ਰੱਖਣ ਦੇ ਆਦੇਸ਼
ਟਰਾਂਸਪੋਰਟ ਵਿਭਾਗ ਨੂੰ ਹਦਾਇਤਾਂ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ
ਚੰਡੀਗੜ: ਕੌਮਾਂਤਰੀ ਮਹਿਲਾ ਦਿਵਸ ਮੌਕੇ ਮਹਿਲਾਵਾਂ ਸਮੇਤ ਬਜ਼ੁਰਗਾਂ ਤੇ ਦਿਵਿਆਂਗਾਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਵਿਚ ਮਹਿਲਾਵਾਂ/ਦਿਵਿਆਂਗਾਂ/ਬਜ਼ੁਰਗਾਂ ਲਈ 15 ਸੀਟਾਂ ਰਾਖਵੀਆਂ ਰੱਖਣ ਦਾ ਫੈਸਲਾ ਕੀਤਾ ਹੈ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿਚ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਸੀਟਾਂ ਰਾਖਵੀਆਂ ਰੱਖਣ ਦੇ ਫੈਸਲੇ ਨੂੰ ਸਖਤੀ ਨਾਲ ਲਾਗੂ ਕਰਨ ਲਈ ਪ੍ਰਮੁੱਖ ਸਕੱਤਰ ਟਰਾਂਸਪੋਰਟ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਨੂੰ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ। ਉਹਨਾਂ ਅੱਗੇ ਕਿਹਾ ਕਿ ਬੱਸਾਂ ਵਿਚ ਮਹਿਲਾਵਾਂ/ਦਿਵਿਆਂਗਾਂ/ ਬਜ਼ੁਰਗਾਂ ਦੀ ਭਲਾਈ ਅਤੇ ਉਹਨਾਂ ਦੀ ਸੁਰੱਖਿਅਤ ਅਤੇ ਆਰਾਮਦਾਇਕ ਯਾਤਰਾ ਨੂੰ ਯਕੀਨੀ ਬਣਾਉਣਾ ਸੂਬਾ ਸਰਕਾਰ ਦਾ ਮੁੱਖ ਮੰਤਵ ਹੈ।
ਟਰਾਂਸਪੋਰਟ ਮੰਤਰੀ ਸ੍ਰੀਮਤੀ ਚੌਧਰੀ ਨੇ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ 4 ਤੋਂ 6 ਸੀਟਾਂ ਬਜ਼ੁਰਗਾਂ ਅਤੇ 7 ਤੋਂ 18 ਸੀਟਾਂ ਮਹਿਲਾਵਾਂ ਲਈ ਰਾਖਵੀਆਂ ਰੱਖੀਆਂ ਗਈਆਂ ਹਨ। ਦਿਵਿਆਂਗਾਂ ਲਈ ਸੀਟ ਨੰਬਰ 4 ਤੋਂ 18 ਵਿਚ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਸਬੰਧੀ ਸੀਟ ਦੇ ਪਿਛਲੇ ਪਾਸੇ ਵੀ ਸਪੱਸ਼ਟ ਕੀਤਾ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਹੋਰ ਵਿਅਕਤੀ ਇਹਨਾਂ ਰਾਖਵੀਆਂ ਸੀਟਾਂ ‘ਤੇ ਨਾ ਬੈਠੇ। ਉਪਰੋਕਤ ਵਰਗਾਂ ਨੂੰ ਸੀਟ ਨੰਬਰ ਜਾਰੀ ਕਰਨ ਲਈ ਬੱਸ ਅੱਡਿਆਂ ‘ਤੇ ਵੱਖਰੀ ਕਤਾਰ ਬਣਾਉਣ ਲਈ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ।
ਇਹ ਵੀ ਜਿਕਰਯੋਗ ਹੈ ਕਿ ਪਹਿਲੀ ਵਾਰ ਪ੍ਰਾਈਵੇਟ ਬੱਸਾਂ ਵਿਚ ਵੀ ਅਜਿਹੇ ਆਦੇਸ਼ ਲਾਗੂ ਕੀਤੇ ਜਾਣਗੇ।