ਜੰਮੂ/ਨਵੀਂ ਦਿੱਲੀ— ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਲੋਕ ਸਭਾ ਚੋਣਾਂ ਨਾਲ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਨਾ ਕਰਾਉਣ ਦੇ ਫੈਸਲੇ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਇਹ ਭਾਜਪਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਅਸਫਲਤਾ ਹੈ। ਮਾਇਆਵਤੀ ਨੇ ਟਵੀਟ ਕਰ ਕੇ ਕਿਹਾ, ”ਜੰਮੂ-ਕਸ਼ਮੀਰ ਵਿਚ ਵਿਧਾਨ ਸਭਾ ਚੋਣਾਂ ਲੋਕ ਸਭਾ ਚੋਣਾਂ ਨਾਲ ਨਾ ਕਰਾਉਣਾ ਮੋਦੀ ਸਰਕਾਰ ਦੀ ਕਸ਼ਮੀਰ ਨੀਤੀ ਦੀ ਅਸਫਲਤਾ ਦਾ ਸੰਕੇਤ ਹੈ। ਜੇ ਸੁਰੱਖਿਆ ਫੋਰਸ ਲੋਕ ਸਭਾ ਚੋਣਾਂ ਕਰਵਾ ਸਕਦੇ ਹਨ, ਉਹ ਉਸੇ ਦਿਨ ਵਿਧਾਨ ਸਭਾ ਚੋਣਾਂ ਕਿਉਂ ਨਹੀਂ ਕਰਵਾ ਸਕਦੇ? ਕੇਂਦਰ ਦਾ ਤਰਕ ਬੇਤੁਕਾ ਹੈ ਅਤੇ ਭਾਜਪਾ ਦਾ ਬਹਾਨਾ ਬਚਕਾਨਾ ਹੈ।”
ਦੱਸਣਯੋਗ ਹੈ ਕਿ ਚੋਣ ਕਮਿਸ਼ਨ ਨੇ ਐਤਵਾਰ ਨੂੰ ਲੋਕ ਸਭਾ ਚੋਣਾਂ 2019 ਦੀਆਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਹੈ। ਚੋਣਾਂ 11 ਅਪ੍ਰੈਲ ਤੋਂ 19 ਮਈ ਤਕ 7 ਪੜਾਵਾਂ ‘ਚ ਹੋਣਗੀਆਂ। ਇਸ ਦੇ ਨਾਲ ਹੀ ਆਂਧਰਾ ਪ੍ਰਦੇਸ਼, ਸਿੱਕਮ, ਅਰੁਣਾਚਲ ਪ੍ਰਦੇਸ਼ ਅਤੇ ਓਡੀਸ਼ਾ ਵਿਚ ਵਿਧਾਨ ਸਭਾ ਚੋਣਾਂ ਹੋਣਗੀਆਂ। ਜੰਮੂ-ਕਸ਼ਮੀਰ ਵਿਚ ਵਿਧਾਨ ਸਭਾ ਚੋਣਾਂ ਸੁਰੱਖਿਆ ਕਾਰਨਾਂ ਕਰ ਕੇ ਟਾਲ ਦਿੱਤੀਆਂ ਗਈਆਂ ਹਨ। ਹਾਲਾਂਕਿ ਸੂਬੇ ਵਿਚ ਲੋਕ ਸਭਾ ਦੀਆਂ 6 ਲੋਕ ਸਭਾ ਸੀਟਾਂ ‘ਤੇ ਸੰਸਦੀ ਚੋਣਾਂ ਹੋਣਗੀਆਂ।