ਧੂਰੀ ਸੂਗਰ ਮਿੱਲ ਦੇ ਮਾਲਕਾਂ ਦੀ ਕਾਂਗਰਸੀ ਵਿਧਾਇਕ ਨਾਲ ਗੰਢ ਤੁੱਪ- ਮੀਤ ਹੇਅਰ
ਚੰਡੀਗੜ੍ਹ, ਸੂਬੇ ਭਰ ਵਿੱਚ ਧਰਨਾ ਪ੍ਰਦਰਸ਼ਨ ਕਰ ਰਹੇ ਗੰਨਾ ਕਿਸਾਨਾਂ ਨੂੰ ਅਦਾਇਗੀ ਕਰਨ ਦਾ ਝੂਠਾ ਲਾਰਾ ਲਗਾ ਕੇ ਵਾਅਦੇ ਤੋਂ ਮੁੱਕਰਨ ਲਈ ਕੈਪਟਨ ਸਰਕਾਰ ਦੀ ਆਲੋਚਨਾ ਕਰਦਿਆਂ ਆਮ ਆਦਮੀ ਪਾਰਟੀ ਨੇ ਇਸ ਨੂੰ ਸੂਬੇ ਦੇ ਕਿਸਾਨਾਂ ਨਾਲ ਧੋਖਾ ਕਰਾਰ ਦਿੱਤਾ ਹੈ। ‘ਆਪ’ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਕੋਟਕਪੂਰਾ ਤੋਂ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਅਤੇ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਸਰਕਾਰ ਸੂਬੇ ਦੇ ਕਿਸਾਨਾਂ ਦੀਆਂ ਮੰਗਾਂ ਤੇ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਗੰਭੀਰ ਨਹੀਂ ਹੈ।
ਸੰਧਵਾਂ ਨੇ ਕਿਹਾ ਕਿ ਕਾਂਗਰਸੀ ਆਗੂ ਪੰਜਾਬ ‘ਚ ਸ਼ੂਗਰ ਮਿੱਲਾਂ ਦੇ ਮਾਲਕ ਹੋਣ ਕਾਰਨ ਸੱਤਾ ਦਾ ਦਬਾਅ ਪਾ ਕੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਮੁੱਲ ਦੇਣ ਤੋਂ ਮੁੱਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੋਆਬਾ ਅਤੇ ਮਾਝਾ ਖੇਤਰ ਸੀਨੀਅਰ ਕਾਂਗਰਸੀ ਆਗੂਆਂ ਦੀਆਂ ਮਿੱਲਾਂ ਵੱਲ ਲੋਕਾਂ ਦਾ ਕਰੋੜਾਂ ਰੁਪਿਆ ਬਕਾਇਆ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਸੂਬੇ ਦੇ ਕਿਸਾਨ ਕਣਕ ਝੋਨੇ ਦੇ ਫਸਲੀ ਚੱਕਰ ਵਿੱਚੋਂ ਨਿਕਲ ਕੇ ਪਛਤਾ ਰਹੇ ਹਨ। ਉਨ੍ਹਾਂ ਕਿਹਾ ਕਿ ਫਸਲੀ ਵਿਭਿੰਨਤਾ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਸਰਕਾਰ ਝੂਠੀ ਸਾਬਤ ਹੋਈ ਹੈ।
‘ਆਪ’ ਵਿਧਾਇਕ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਅਤੇ ਮੌਜੂਦਾ ਕਾਂਗਰਸ ਸਰਕਾਰ ਨੇ ਸੂਬੇ ਵਿੱਚ ਸਹਿਕਾਰੀ ਖੰਡ ਮਿੱਲਾਂ ਨੂੰ ਖਤਮ ਕਰਕੇ ਸਿਆਸੀ ਆਗੂਆਂ ਦਾ ਖੰਡ ਮਿੱਲਾਂ ਉੱਤੇ ਕਬਜ਼ਾ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਟਰਾਂਸਪੋਰਟ ਰੇਤ ਅਤੇ ਨਸ਼ਾ ਮਾਫੀਆ ਵਾਂਗ ਖੰਡ ਮਿੱਲ ਮਾਫੀਆ ਵੀ ਸੂਬੇ ਦੇ ਕਿਸਾਨਾਂ ਦੀ ਬਦਤਰ ਹਾਲਤ ਲਈ ਜਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਖੰਡ ਮਿੱਲ ਮਾਲਕਾਂ ਦੀ ਸਰਕਾਰਾਂ ਨਾਲ ਮਿਲੀਭੁਗਤ ਕਾਰਨ ਹੀ ਗੰਨਾ ਉਤਪਾਦਕ ਕਰਜੇ ਦੀ ਮਾਰ ਝੱਲ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਆਤਮ ਹੱਤਿਆ ਲਈ ਕੇਂਦਰ ਦੀ ਨਰਿੰਦਰ ਮੋਦੀ ਅਤੇ ਸੂਬੇ ਦੀ ਕੈਪਟਨ ਸਰਕਾਰ ਜ਼ਿੰਮੇਵਾਰ ਹੈ।
ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਸਰਕਾਰ ਨੇ ਧੂਰੀ ਖੰਡ ਮਿਲ ਦੇ ਸਾਹਮਣੇ ਧਰਨਾ ਲਗਾ ਰਹੇ ਗੰਨਾ ਉਤਪਾਦਕਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦਾ ਬਕਾਇਆ ਭੁਗਤਾਨ ਹਫ਼ਤੇ ਵਿੱਚ ਕਰ ਦਿੱਤਾ ਜਾਵੇਗਾ ਪ੍ਰੰਤੂ ਹੁਣ ਕੈਪਟਨ ਆਪਣੇ ਵਾਅਦੇ ਤੋਂ ਮੁੱਕਰ ਰਹੇ ਹਨ। ਉਨ੍ਹਾਂ ਕਿਹਾ ਕਿ ਧੂਰੀ ਤੋਂ ਕਾਂਗਰਸੀ ਵਿਧਾਇਕ ਦਲਬੀਰ ਸਿੰਘ ਗੋਲਡੀ ਖੁਦ ਧਰਨਾ ਸਥਾਨ ਤੇ ਜਾ ਕੇ ਕਿਸਾਨਾਂ ਨੂੰ ਬਕਾਇਆ ਰਾਸੀ ਦਿਵਾਉਣ ਦਾ ਵਾਅਦਾ ਕਰਕੇ ਆਏ ਸਨ ਪ੍ਰੰਤੂ ਹੁਣ ਉਹ ਖੰਡ ਮਿੱਲ ਮਾਲਕਾਂ ਦੀ ਬੋਲੀ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਸ਼ਹਿ ‘ਤੇ ਹੀ ਖੰਡ ਮਿੱਲ ਮਾਲਕ ਕਿਸਾਨਾਂ ਦਾ ਸੋਸ਼ਣ ਕਰ ਰਹੇ ਹਨ।
‘ਆਪ’ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਗੰਨਾ ਉਤਪਾਦਕਾਂ ਦੀ ਬਕਾਇਆ ਰਾਸੀ ਦਾ ਭੁਗਤਾਨ ਕਰੇ ਨਹੀਂ ਤਾਂ ਸੂਬੇ ਭਰ ਵਿੱਚ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਗੰਨਾ ਉਤਪਾਦਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਚੁੱਕਣਾ ਆਮ ਆਦਮੀ ਪਾਰਟੀ ਦਾ ਫਰਜ਼ ਹੈ।