ਚੰਡੀਗੜ੍ਹ : ਡਰੱਗ ਤਸਕਰਾਂ ਨਾਲ ਕਥਿਤ ਸਬੰਧਾਂ ਦੇ ਮਾਮਲੇ ‘ਚ ‘ਪੰਜਾਬੀ ਏਕਤਾ ਪਾਰਟੀ’ ਬਣਾਉਣ ਵਾਲੇ ਸੁਖਪਾਲ ਖਹਿਰਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਅਸਲ ‘ਚ ਡੱਰਗ ਤਸਕਰੀ ਨਾਲ ਸਬੰਧਿਤ ਮਾਮਲੇ ‘ਚ ਸੁਖਪਾਲ ਖਹਿਰਾ ਖਿਲਾਫ ਫਾਜ਼ਿਲਕਾ ਅਦਾਲਤ ਨੇ ਸੰਮਨ ਜਾਰੀ ਕੀਤੇ ਸਨ। ਸੰਮਨ ਜਾਰੀ ਹੋਣ ਤੋਂ ਬਾਅਦ ਸੁਖਪਾਲ ਖਹਿਰਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਇਸ ‘ਤੇ ਰੋਕ ਲਾਉਣ ਦੀ ਮੰਗ ਕੀਤੀ ਸੀ ਪਰ ਹਾਈਕੋਰਟ ਨੇ ਖਹਿਰਾ ਨੂੰ ਵੱਡਾ ਝਟਕਾ ਦਿੰਦੇ ਹੋਏ ਉਨ੍ਹਾਂ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਸੁਖਪਾਲ ਖਹਿਰਾ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਹਾਈਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ ਅਤੇ ਫਾਜ਼ਿਲਕਾ ਅਦਾਲਤ ਵਲੋਂ ਜਾਰੀ ਸੰਮਨ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਹੁਣ ਸੁਪਰੀਮ ਕੋਰਟ ਤੈਅ ਕਰੇਗਾ ਕਿ ਫਾਜ਼ਿਲਕਾ ਅਦਾਲਤ ਵਲੋਂ ਜਾਰੀ ਸੰਮਨ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ ਜਾਂ ਨਹੀਂ।