ਫਤਹਿਵੀਰ ਦੀ ਮੌਤ ਤੋਂ ਬਾਅਦ ਸਰਕਾਰ ਨਵਾਂ ਕਾਨੂੰਨ ਬਣਾਉਣ ਲਈ ਹੋਈ ਸਰਗਰਮ
ਚੰਡੀਗੜ੍ਹ : ਪੰਜਾਬ ਵਿਚ ਹੁਣ ਸਰਕਾਰ ਦੀ ਆਗਿਆ ਤੋਂ ਬਿਨਾ ਟਿਊਬਵੈਲ ਨਹੀਂ ਲਗਾਏ ਜਾ ਸਕਣਗੇ। ਪੰਜਾਬ ਸਰਕਾਰ ਨੇ ਸਿੰਜਾਈ ਵਿਭਾਗ ਦੇ ਅਫ਼ਸਰਾਂ ਨੂੰ ਟਿਊਬਵੈੱਲ ਲਾਉਣ ਸਬੰਧੀ ਕਾਨੂੰਨ ਦਾ ਖ਼ਰੜਾ ਤਿਆਰ ਕਰਨ ਦੀਆਂ ਹਦਾਇਤਾਂ ਦੇ ਦਿੱਤੀਆਂ ਹਨ। ਇਸ ਬਾਰੇ ਸਿੰਜਾਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਅਗਸਤ ਮਹੀਨੇ ਹੋਣ ਵਾਲੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਟਿਊਬਵੈਲ ਲਾਉਣ ਬਾਰੇ ਨਵਾਂ ਕਾਨੂੰਨ ਲਾਗੂ ਕਰਨ ਲਈ ਬਿੱਲ ਲਿਆਂਦਾ ਜਾ ਸਕਦਾ ਹੈ। ਜੇ ਇਹ ਕਾਨੂੰਨ ਬਣਣਾ ਹੈ ਤਾਂ ਇਸ ਤੋਂ ਬਾਅਦ ਸਰਕਾਰ ਦੀ ਪ੍ਰਵਾਨਗੀ ਨਾਲ ਹੀ ਟਿਊਬਵੈੱਲ ਲਾਏ ਜਾ ਸਕਣਗੇ। ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੀ ਦੁਰਵਰਤੋਂ ਰੋਕਣ ਲਈ ਪਿਛਲੇ ਕਈ ਸਾਲਾਂ ਤੋਂ ਤਿਆਰੀ ਕੀਤੀ ਜਾ ਰਹੀ ਸੀ ਪਰ ਮੰਤਰੀਆਂ ਦੇ ਵਿਰੋਧ ਕਾਰਨ ਸਰਕਾਰ ਦਾ ਇਹ ਏਜੰਡਾ ਸਿਰੇ ਨਹੀਂ ਚੜ੍ਹ ਰਿਹਾ ਸੀ। ਉਧਰ ਦੂਜੇ ਪਾਸੇ ਫ਼ਤਹਿਵੀਰ ਸਿੰਘ ਦੀ ਖੁੱਲ੍ਹੇ ਬੋਰ ਵਿੱਚ ਡਿੱਗ ਕੇ ਮੌਤ ਹੋ ਜਾਣ ਬਾਅਦ ਸਰਕਾਰ ਇਸ ਕਾਨੂੰਨ ਨੂੰ ਲਿਆਉਣ ਲਈ ਹੋਰ ਵੀ ਸਰਗਰਮ ਹੋ ਗਈ ਹੈ।