ਮੋਗਾ : ਜ਼ਿਲਾ ਮੋਗਾ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ‘ਚ ਵਧ ਰਹੇ ਬਿਜਲੀ ਦੇ ਰੇਟ, ਨਸ਼ੇ ਅਤੇ ਸੂਬੇ ‘ਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਧਰਨਾ ਦਿੱਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਪੰਜਾਬ ਸਰਕਾਰ ਖਿਲਾਫ ਆਵਾਜ਼ ਬੁਲੰਦ ਕਰਦੇ ਹੋਏ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਬਾਰੇ ਜਾਣੂ ਕਰਵਾਇਆ ਗਿਆ।
ਧਰਨੇ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਪੰਜਾਬ ਦੇ ਇਤਿਹਾਸ ਵਿਚ ਕਈ ਸਰਕਾਰਾਂ ਆਈਆਂ, ਕਈ ਮੁੱਖ ਮੰਤਰੀ ਆਏ ਪਰ ਸਭ ਤੋਂ ਨਿਕੰਮਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਬਣਿਆ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ-ਜਿਨ੍ਹਾਂ ਅਫਸਰਾਂ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਝੂਠੇ ਪਰਚੇ ਦਰਜ ਕੀਤੇ ਹਨ ਉਨ੍ਹਾਂ ਦੀ ਸਰਕਾਰ ਆਉਣ ‘ਤੇ ਸਭ ਤੋਂ ਪਹਿਲਾਂ ਉਨ੍ਹਾਂ ‘ਤੇ ਹੀ ਕਾਰਵਾਈ ਕੀਤੀ ਜਾਵੇਗੀ। ਸੁਖਬੀਰ ਨੇ ਕਿਹਾ ਕਿ ਕਿਹਾ ਸ਼੍ਰੋਮਣੀ ਅਕਾਲੀ ਦਲ ਜੇਲਾਂ ਤੋਂ ਡਰਨ ਵਾਲੀ ਪਾਰਟੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇ ਸ਼੍ਰੋਅਦ ਪਾਰਟੀ ਦੇ ਵਰਕਰ ਕੋਈ ਗੁਨਾਹ ਕੀਤੇ ਬਿਨਾਂ 16 ਸਾਲ ਤੱਕ ਜੇਲਾਂ ਵਿਚ ਰਹਿ ਸਕਦੇ ਹਨ, ਕੀ ਉਹ ਇਨ੍ਹਾਂ ਝੂਠੇ ਪਰਚਿਆਂ ਤੋਂ ਡਰਨਗੇ?
ਇਸ ਧਰਨੇ ‘ਚ ਸੁਖਬੀਰ ਸਿੰਘ ਬਾਦਲ, ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਗਰੇਵਾਲ, ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਸਮੇਤ ਪਾਰਟੀ ਦੇ ਵਰਕਰ ਵੀ ਮੌਜੂਦ ਹਨ।