ਬੁਢਲਾਡਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ‘ਘਰ-ਘਰ ਨੌਕਰੀ’ ਵਰਗੇ ਵਾਅਦਿਆਂ ਤੋਂ ਮੁਕਰ ਕੇ ਨੌਜਵਾਨਾਂ ਨੂੰ ਧੋਖਾ ਦਿੱਤਾ ਹੈ, ਜਿਸ ਦਾ ਨਤੀਜਾ ਮਾਨਸਾ ਜ਼ਿਲ੍ਹੇ ਦੇ ਪਿੰਡ ਚੱਕ ਭਾਈਕੇ ਦੇ ਪੜ੍ਹੇ ਲਿਖੇ ਨੌਜਵਾਨ ਜਗਸੀਰ ਸਿੰਘ ਦੀ ਮੰਦਭਾਗੀ ਖੁਦਕੁਸ਼ੀ ਦੇ ਰੂਪ ‘ਚ ਸਾਹਮਣੇ ਆਇਆ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਜਨਰਲ ਸਕੱਤਰ (ਯੁਵਕ ਮਾਮਲੇ) ਬਿਕਰਮ ਸਿੰਘ ਮਜੀਠੀਆ ਨੇ ਅੱਜ ਜਗਸੀਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ‘ਚ ਇਹ ਪਹਿਲੀ ਵਾਰ ਵਾਪਰਿਆ ਹੈ ਕਿ ਇੱਕ ਬੇਹੱਦ ਪੜ੍ਹੇ ਲਿਖੇ ਐਮ. ਫਿਲ ਤੇ ਯੂ.ਜੀ. ਸੀ. ਨੈਟ ਪਾਸ ਵਿਦਿਆਰਥੀ ਨੇ ਖੁਦਕੁਸ਼ੀ ਕੀਤੀ ਹੈ। ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਗੱਲ ਇਸ ਕਰਕੇ ਹੋਰ ਵੀ ਦੁਖਾਂਤਕ ਹੋ ਜਾਂਦੀ ਹੈ ਕਿ ਜਗਸੀਰ ਨੂੰ ਆਪਣੀਆਂ ਦੋ ਭੈਣਾਂ ਦੀ ਪੜ੍ਹਾਈ ਦਾ ਖਰਚਾ ਤੋਰਨ ਲਈ ਮਜ਼ਦੂਰੀ ਕਰਨੀ ਪੈਂਦੀ ਸੀ। ਉਨ੍ਹਾਂ ਇਸ ਦੁੱਖ ਦੀ ਘੜੀ ‘ਚ ਪੀੜਤ ਪਰਿਵਾਰ ਨੂੰ ਹੌਂਸਲਾ ਦਿੰਦਿਆਂ ਕਿਹਾ ਕਿ ਜਗਸੀਰ ਦੀ ਮੌਤ ਅਜਾਂਈ ਨਹੀਂ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਇਸ ਮੁੱਦੇ ਨੂੰ ਵਿਧਾਨ ਸਭਾ ‘ਚ ਉਠਾਵਾਂਗੇ ਤੇ ਸਰਕਾਰ ਨੂੰ ਜਗਸੀਰ ਦੇ ਪਰਿਵਾਰ ਨੂੰ ਢੁੱਕਵਾਂ ਮੁਆਵਜ਼ਾ ਦੇਣ ਤੇ ਨੌਜਵਾਨਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਲਈ ਮਜ਼ਬੂਰ ਕਰ ਦਿਆਂਗੇ।
ਕਾਂਗਰਸ ਸਰਕਾਰ ਨੂੰ ਵਾਅਦੇ ਮੁਤਾਬਕ ਨੌਜਵਾਨਾਂ ਦੀ ਭਰਤੀ ਸ਼ੁਰੂ ਕਰਨ ਲਈ ਆਖਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਕਿੰਨੀ ਚਿੰਤਾ ਦੀ ਗੱਲ ਹੈ ਕਿ ਹੁਣ ਉਨ੍ਹਾਂ ਕਿਸਾਨਾਂ ਵਾਂਗ ਨੌਜਵਾਨਾਂ ਨੇ ਵੀ ਖੁਦਕੁਸ਼ੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਮਜੀਠੀਆ ਨੇ ਅਕਾਲੀ ਦਲ ਵਲੋਂ ਜਗਸੀਰ ਦੇ ਪਰਿਵਾਰ ਨੂੰ ਇੱਕ ਲੱਖ ਰੁਪਏ ਦੀ ਵਿੱਤੀ ਮੱਦਦ ਦੇਣ ਦਾ ਵੀ ਐਲਾਨ ਕੀਤਾ। ਉਨ੍ਹਾਂ ਇਹ ਵੀ ਘੋਸ਼ਣਾ ਕੀਤੀ ਕਿ ਜਗਸੀਰ ਦੇ ਭੋਗ ਤੇ ਅੰਤਿਮ ਅਰਦਾਸ ਦਾ ਖਰਚਾ ਵੀ ਪਾਰਟੀ ਵਲੋਂ ਉਠਾਇਆ ਜਾਵੇਗਾ। ਇਸ ਮੌਕੇ ‘ਤੇ ਜਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਫਫੜੇ ਭਾਈਕੇ, ਸਾਬਕਾ ਵਿਧਾਇਕ ਜਗਦੇਵ ਸਿੰਘ ਨਕਈ, ਗੁਰਪਾਲ ਸਿੰਘ ਠੇਕੇਦਾਰ, ਬਲਮ ਸਿੰਘ ਕਲੀਪੁਰ, ਜੋਗਾ ਸਿੰਘ ਬੋਹਾ, ਗੁਰਦੀਪ ਸਿੰਘ ਟੋਡਰਪੁਰ, ਕੌਂਸਲਰ ਵਿਵੇਕ ਜਲਾਨ ਆਦਿ ਹਾਜ਼ਰ ਸਨ।