ਨਵੀਂ ਦਿੱਲੀ—ਕਾਂਗਰਸ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਪੀ. ਚਿਦਾਂਬਰਮ ਨੂੰ ਅੱਜ ਭਾਵ ਸ਼ੁੱਕਰਵਾਰ ਸੁਪਰੀਮ ਕੋਰਟ ਨੇ ਆਈ. ਐੱਨ. ਐਕਸ. ਮੀਡੀਆ ਭ੍ਰਿਸ਼ਟਾਚਾਰ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਗ੍ਰਿਫਤਾਰੀ ਤੋਂ ਅੰਤਰਿਮ ਰਾਹਤ ਦੇ ਦਿੱਤੀ ਫਿਲਹਾਲ ਚਿਦਾਂਬਰਮ ਨੂੰ ਹਿਰਾਸਤ ‘ਚ ਹੀ ਰਹਿਣਾ ਹੋਵੇਗਾ ਕਿਉਂਕਿ ਸੁਪਰੀਮ ਕੋਰਟ ਨੇ ਸੀ. ਬੀ. ਆਈ. ਵਾਲੇ ਮਾਮਲੇ ‘ਚ ਸਿਗਨੇਚਰ ਨਹੀਂ ਕੀਤੇ। ਇਸ ਮਾਮਲੇ ‘ਚ ਚਿਦਾਂਬਰਮ ਨੂੰ 26 ਅਗਸਤ ਤੱਕ ਪੁੱਛਗਿੱਛ ਲਈ ਕੇਂਦਰੀ ਜਾਂਚ ਏਜੰਸੀ ਦੀ ਹਿਰਾਸਤ ‘ਚ ਭੇਜਿਆ ਗਿਆ ਹੈ। ਜਸਟਿਸ ਆਰ. ਭਾਨੂੰਮੂਰਤੀ ਅਤੇ ਜਸਟਿਸ ਏ. ਐੱਸ. ਬੋਪੰਨਾ ਦੀ ਬੈਂਚ ਨੇ ਦੋਵਾਂ ਹੀ ਮਾਮਲਿਆਂ ਨੂੰ ਸੋਮਵਾਰ 26 ਅਗਸਤ ਨੂੰ ਸੁਣਵਾਈ ਲਈ ਸੂਚੀਬੱਧ ਕਰ ਦਿੱਤਾ। ਸੁਣਵਾਈ ਦੌਰਾਨ ਇਸਤਗਾਸਾ ਦੇ ਵਕੀਲ ਅਤੇ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ, ਸੀਨੀਅਰ ਬੁਲਾਰੇ ਅਤੇ ਚਿਦਾਂਬਰਮ ਦੇ ਪਾਰਟੀ ਸਹਿਯੋਗੀ ਕਪਿਲ ਸਿੱਬਲ ਅਤੇ ਏ. ਐੱਮ. ਸਿੰਘਵੀ ਵਿਚਾਲੇ ਤਿੱਖੀ ਬਹਿਸ ਹੋਈ। ਮੇਹਤਾ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ‘ਚ ਈ. ਡੀ. ਵੱਲੋਂ ਦਰਜ ਭ੍ਰਿਸ਼ਟਾਚਾਰ ਮਾਮਲੇ ‘ਚ ਚਿਦਾਂਬਰਮ ਦੀ ਗ੍ਰਿਫਤਾਰੀ ਤੋਂ ਅੰਤਰਿਮ ਰਾਹਤ ਦਿੱਤੇ ਜਾਣ ਦਾ ਵਿਰੋਧ ਕੀਤਾ। ਦੱਸ ਦੇਈਏ ਕਿ ਚਿਦਾਂਬਰਮ ਨੂੰ ਸੀ. ਬੀ. ਆਈ. ਨੇ ਮਾਮਲੇ ‘ਚ ਬੁੱਧਵਾਰ 21 ਅਗਸਤ ਨੂੰ ਗ੍ਰਿਫਤਾਰ ਕੀਤਾ ਸੀ।
ਦੱਸਣਯੋਗ ਹੈ ਕਿ ਸਾਬਕਾ ਕੇਂਦਰੀ ਮੰਤਰੀ ਚਿਦਾਂਬਰਮ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ‘ਚ ਅੰਤਰਿਮ ਜ਼ਮਾਨਤ ਦੀ ਪਟੀਸ਼ਨ ਖਾਰਿਜ ਕਰਨ ਦੇ ਦਿੱਲੀ ਹਾਈ ਕੋਰਟ ਦੇ 20 ਅਗਸਤ ਦੇ ਫੈਸਲੇ ਨੂੰ ਬੁੱਧਵਾਰ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ। ਕਾਂਗਰਸ ਨੇਤਾ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ ਗਿਆ ਸੀ, ਜਦੋਂ ਉਹ ਸੁਪਰੀਮ ਕੋਰਟ ਤੋਂ ਰਾਹਤ ਪਾਉਣ ‘ਚ ਅਸਫਲ ਰਹੇ ਸੀ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਆਦੇਸ਼ ‘ਤੇ ਰੋਕ ਲਗਾਉਣ ਦੀ ਮੰਗ ਕਰਨ ਵਾਲੀ ਉਨ੍ਹਾਂ ਦੀ ਪਟੀਸ਼ਨ ‘ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰਨ ਦਾ ਫੈਸਲਾ ਕੀਤਾ ਸੀ। ਵੀਰਵਾਰ ਨੂੰ ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਭ੍ਰਿਸ਼ਟਾਚਾਰ ਮਾਮਲੇ ‘ਚ ਚਿਦਾਂਬਰਮ ਨੂੰ 4 ਦਿਨਾਂ ਲਈ ਸੀ. ਬੀ. ਆਈ. ਦੀ ਹਿਰਾਸਤ ‘ਚ ਸੌਂਪ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਤੋਂ ਹਿਰਾਸਤ ‘ਚ ਪੁੱਛ-ਗਿੱਛ ਜਾਇਜ਼ ਹੈ।