ਬਟਾਲਾ – ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ-ਪੁਰਬ ਉਤਸ਼ਾਹ ਨਾਲ ਮਨਾਉਣ ਲਈ ਸੂਬਾ ਸਰਕਾਰ ਪੱਬਾਂ ਭਾਰ ਹੈ। ਵਿਆਹ-ਪੁਰਬ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉਜਵਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਨਾਲ ਸਥਾਨਕ ਪੁਲਸ ਲਾਈਨ ਦੇ ਕਾਨਫਰੰਸ ਹਾਲ ਵਿਖੇ ਮੀਟਿੰਗ ਕੀਤੀ ਗਈ। ਜਿਸ ਦੌਰਾਨ ਐੱਸ. ਐੱਸ. ਪੀ. ਬਟਾਲਾ ਉਪਿੰਦਰਜੀਤ ਸਿੰਘ ਘੁੰਮਣ, ਐੱਸ. ਡੀ. ਐੱਮ. ਬਟਾਲਾ ਬਲਬੀਰ ਰਾਜ ਸਿੰਘ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ ਅਨਮਜੋਤ ਕੌਰ, ਤਹਿਸੀਲਦਾਰ ਬਟਾਲਾ ਬਲਜਿੰਦਰ ਸਿੰਘ, ਐੱਸ. ਜੀ. ਪੀ. ਸੀ. ਮੈਂਬਰ ਜਥੇ. ਗੁਰਿੰਦਰਪਾਲ ਸਿੰਘ ਗੋਰਾ, ਐੱਸ. ਜੀ. ਪੀ. ਸੀ. ਮੈਂਬਰ ਜਥੇ. ਗੁਰਨਾਮ ਸਿੰਘ ਜੱਸਲ, ਮੈਨੇਜਰ ਗੁਰਦੁਆਰਾ ਕੰਧ ਸਾਹਿਬ ਗੁਰਤਿੰਦਰਪਾਲ ਸਿੰਘ ਮਾਂਟੂ ਤੋਂ ਇਲਾਵਾ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ-ਪੁਰਬ ਪੂਰੀ ਸ਼ਰਧਾ ਅਤੇ ਧਾਰਮਕ ਰਵਾਇਤਾਂ ਅਨੁਸਾਰ ਮਨਾਇਆ ਜਾਵੇਗਾ। ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ’ਚ ਸਫ਼ਾਈ ਵਿਵਸਥਾ ਵੱਲ ਉਚੇਚਾ ਧਿਆਨ ਦਿੱਤਾ ਜਾਵੇ ਅਤੇ ਸੈਕੰਡਰੀ ਪੁਆਇੰਟਾਂ ਉੱਪਰ ਇਕੱਠੇ ਹੁੰਦੇ ਕੂਡ਼ੇ ਨੂੰ ਨਾਲ ਦੀ ਨਾਲ ਹੀ ਚੁੱਕਿਆ ਜਾਵੇ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵੱਲੋਂ ਬਟਾਲਾ ਸ਼ਹਿਰ ਦੀ ਸਫ਼ਾਈ ਲਈ ਦੂਸਰੀਆਂ ਨਗਰ ਕੌਂਸਲਾਂ ਤੋਂ ਵੀ ਸਫ਼ਾਈ ਕਰਮੀ ਦਿੱਤੇ ਜਾਣਗੇ। ਡੀ. ਸੀ. ਨੇ ਨਾਲ ਹੀ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ’ਚ ਲੰਗਰ ਲਾਉਣ ਸਮੇਂ ਸਫ਼ਾਈ ਦਾ ਖਾਸ ਖਿਆਲ ਰੱਖਣ ਅਤੇ ਜੇਕਰ ਲੰਗਰ ਡੂਨਿਆਂ ਜਾਂ ਪੱਤਰਾਂ ’ਚ ਵਰਤਾਇਆ ਜਾਂਦਾ ਹੈ ਤਾਂ ਉਨ੍ਹਾਂ ਦੇ ਕਚਰੇ ਦੀ ਸੰਭਾਲ ਦਾ ਖਾਸ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਐੱਸ. ਜੀ. ਪੀ. ਸੀ. ਨੁਮਾਇੰਦਿਆਂ ਨੂੰ ਕਿਹਾ ਕਿ ਉਹ ਲੰਗਰ ਕਮੇਟੀਆਂ ਨੂੰ ਪਹਿਲਾਂ ਹੀ ਇਸ ਬਾਰੇ ਸੁਚੇਤ ਕਰ ਦੇਣ।
ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਗਰ ਕੀਰਤਨ ਦੇ ਸਾਰੇ ਰੂਟ ਦੀ ਮੁਰੰਮਤ ਅਤੇ ਸਫ਼ਾਈ ਕੀਤੀ ਜਾਵੇ। ਉਨ੍ਹਾਂ ਲੋਕ ਨਿਰਮਾਣ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸ੍ਰੀ ਹਰਗੋਬਿੰਦਪੁਰ ਰੋਡ ਅਤੇ ਡੇਰਾ ਬਾਬਾ ਨਾਨਕ ਰੋਡ ਦੀ ਜਲਦ ਰਿਪੇਅਰ ਕਰ ਕੇ ਸੰਗਤਾਂ ਦੇ ਲੰਘਣਯੋਗ ਬਣਾਉਣ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਦੇ ਰੂਟ ਤੋਂ ਇਲਾਵਾ ਜਿਥੇ-ਜਿਥੇ ਵੀ ਸੰਗਤ ਇਕੱਠੀ ਹੁੰਦੀ ਹੈ ਉਸ ਥਾਂ ਉੱਪਰ ਕੋਈ ਵੀ ਬਿਜਲੀ, ਟੈਲੀਫੋਨ ਅਤੇ ਕੇਬਲ ਆਦਿ ਦੀ ਤਾਰ ਨੀਵੀਂ ਅਤੇ ਨੰਗੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਪਾਵਰਕਾਮ ਅਤੇ ਬੀ. ਐੱਸ. ਐੱਨ. ਐੱਲ. ਦੇ ਅਧਿਕਾਰੀ ਨਿੱਜੀ ਤੌਰ ’ਤੇ ਇਸਦੀ ਜਾਂਚ ਕਰਨਗੇ।
ਡਿਪਟੀ ਕਮਿਸ਼ਨਰ ਨੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਸ਼ਹਿਰ ’ਚ ਸੀਵਰੇਜ ਦੀ ਨਿਕਾਸੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨਾਲ ਹੀ ਸਖਤ ਤਾਡ਼ਨਾ ਕਰਦਿਆਂ ਕਿਹਾ ਕਿ ਸ਼ਹਿਰ ਵਿਚ ਇਕ ਵੀ ਸੀਵਰੇਜ ਦਾ ਹੋਲ ਬਿਨਾਂ ਢੱਕਣ ਦੇ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸੀਵਰੇਜ, ਬਿਜਲੀ ਜਾਂ ਕਿਸੇ ਹੋਰ ਵਿਭਾਗ ਦੀ ਅਣਗਹਿਲੀ ਕਾਰਣ ਜੇਕਰ ਸੰਗਤ ਦਾ ਕੋਈ ਜਾਨੀ ਨੁਕਸਾਨ ਹੁੰਦਾ ਹੈ ਤਾਂ ਉਸ ਵਿਭਾਗ ਦੇ ਜ਼ਿੰਮੇਵਾਰ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਖਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੂਰੀ ਜ਼ਿੰਮੇਵਾਰੀ ਨਾਲ ਆਪਣਾ ਕੰਮ ਕਰਨ। ਉਨ੍ਹਾਂ ਕਿਹਾ ਕਿ ਸ਼ਹਿਰ ’ਚ ਸਟਰੀਟ ਲਾਈਟਾਂ ਨੂੰ ਠੀਕ ਕਰਵਾਇਆ ਜਾਵੇ ਤਾਂ ਜੋ ਰਾਤ ਸਮੇਂ ਸੰਗਤ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।
ਡੀ. ਸੀ. ਨੇ ਦੱਸਿਆ ਕਿ ਵਿਆਹ-ਪੁਰਬ ਮੌਕੇ ਬਟਾਲਾ ਸ਼ਹਿਰ ਨੂੰ 9 ਸੈਕਟਰਾਂ ’ਚ ਵੰਡਿਆ ਜਾਵੇਗਾ ਅਤੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਵਿਸ਼ੇਸ਼ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਐਮਰਜੈਂਸੀ ਲਈ ਫਾਇਰ ਟੈਂਡਰ ਨੂੰ ਢੁਕਵੀਂ ਮਾਤਰਾ ਵਿਚ ਤਾਇਨਾਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਖਾਣ-ਪੀਣ ਦਾ ਸਾਮਾਨ ਵੇਚਣ ਵਾਲੀਆਂ ਰੇਹਡ਼ੀਆਂ ਅਤੇ ਦੁਕਾਨਾਂ ਤੋਂ ਸੈਂਪਲ ਭਰ ਕੇ ਜਾਂਚ ਕਰਨ, ਤਾਂ ਜੋ ਕਿਸੇ ਦੀ ਸਿਹਤ ਨਾਲ ਖਿਲਵਾਡ਼ ਨਾ ਹੋਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵਿਆਹ-ਪੁਰਬ ਦੀਆਂ ਤਿਆਰੀਆਂ ਵਿਚ ਕੋਈ ਕਸਰ ਨਹੀਂ ਛੱਡੇਗਾ ਅਤੇ ਨਾਲ ਹੀ ਉਨ੍ਹਾਂ ਸੰਗਤਾਂ ਨੂੰ ਸ਼ਹਿਰ ਨੂੰ ਸਾਫ਼ ਰੱਖਣ ਦੀ ਅਪੀਲ ਵੀ ਕੀਤੀ। ਇਸ ਮੌਕੇ ਐੱਸ. ਜੀ. ਪੀ. ਸੀ. ਮੈਂਬਰਾਂ ਅਤੇ ਗੁਰਦੁਆਰਾ ਸਾਹਿਬ ਮੈਨੇਜਰਾਂ ਵੱਲੋਂ ਡੀ. ਸੀ., ਐੱਸ. ਐੱਸ. ਪੀ. ਬਟਾਲਾ ਅਤੇ ਹੋਰ ਅਧਿਕਾਰੀਆਂ ਨੂੰ ਵਿਆਹ-ਪੁਰਬ ਵਿਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ ਗਿਆ।