ਮੋਹਾਲੀ : ਇੱਥੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਫੇਜ਼-6 ਮੋਹਾਲੀ ਵਿਖੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ 87 ਸਪੈਸ਼ਲਿਸਟ ਡਾਕਟਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ। ਇਸ ਮੌਕੇ ਸਿੱਧੂ ਨੇ ਨਵ ਨਿਯੁਕਤ ਡਾਕਟਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬੇ ’ਚ ਸਭ ਤੋਂ ਜ਼ਿਆਦਾ ਤਰਜੀਹ ਸਿੱਖਿਆ ਤੇ ਸਿਹਤ ਵਿਭਾਗ ਨੂੰ ਦਿੱਤੀ ਜਾ ਰਹੀ ਹੈ। ਇਸ ਕਾਰਨ ਪੰਜਾਬ ’ਚ ਸਿਹਤ ਤੇ ਸਿੱਖਿਆ ਦੇ ਖੇਤਰ ’ਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਕੁੱਲ 87 ਮਾਹਿਰ ਡਾਕਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ, ਜਿਨ੍ਹਾਂ ’ਚ 37 ਔਰਤਾਂ ਦੇ ਮਾਹਿਰ ਡਾਕਟਰ, 23 ਬੱਚਿਆਂ ਦੇ ਮਾਹਿਰ ਡਾਕਟਰ, 9 ਮੈਡੀਸਨ ਸਪੈਸ਼ਲਿਸਟ, 10 ਸਰਜਨ ਅਤੇ 5 ਮਾਨਸਿਕ ਰੋਗਾਂ ਦੇ ਮਾਹਿਰ ਡਾਕਟਰ ਤੇ 3 ਡੀ. ਐੱਨ. ਬੀ. ਕੰਸਲਟੈਂਟ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਾਲ 2017-18 ਤੋਂ ਹੁਣ ਤੱਕ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਅਧੀਨ 3100 ਦੇ ਕਰੀਬ ਮੈਡੀਕਲ, ਪੈਰਾ-ਮੈਡੀਕਲ ਅਤੇ ਹੋਰ ਸਟਾਫ ਦੀ ਭਰਤੀ ਕੀਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਹੋਰ ਬਹੁਤ ਸਾਰੀਆਂ ਆਸਾਮੀਆਂ ਲਈ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਦੇ ਹਸਪਤਾਲਾਂ ’ਚ ਮਾਹਿਰ ਡਾਕਟਰਾਂ ਦੀ ਤਾਇਨਾਤੀ ਨੂੰ ਯਕੀਨੀ ਬਣਾਉਣ ਲਈ ਸੇਵਾਮੁਕਤ ਡਾਕਟਰਾਂ ਨੂੰ ਮੁੜ ਨਿਯੁਕਤ ਕਰਨ ਲਈ ਪੰਜਾਬ ਸਰਕਾਰ ਜਲਦੀ ਨਵÄ ਨੀਤੀ ਲਿਆ ਰਹੀ ਹੈ।