ਬੋਲੇ – ਇਹ ਹਾਦਸਾ ਭ੍ਰਿਸ਼ਟ ਅਧਿਕਾਰੀਆਂ ਦੀ ਦੇਣ
ਬਟਾਲਾ : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬਟਾਲਾ ਵਿਖੇ ਫੈਕਟਰੀ ਵਿਚ ਹੋਏ ਧਮਾਕੇ ਨੂੰ ਭ੍ਰਿਸ਼ਟ ਅਧਿਕਾਰੀਆਂ ਦੀ ਦੇਣ ਦੱਸਿਆ। ਬਟਾਲਾ ਵਿਖੇ ਜ਼ਖ਼ਮੀਆਂ ਦਾ ਹਾਲ ਜਾਣਨ ਪਹੁੰਚੇ ਭਗਵੰਤ ਮਾਨ ਨੇ ਕਿਹਾ ਕਿ ਹਾਦਸੇ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਨੂੰ ਪੰਜਾਬ ਸਰਕਾਰ ਵੱਲੋਂ 10-10 ਲੱਖ ਰੁਪਏ ਦਾ ਮੁਆਵਜ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਦੀ ਮੌਜੂਦਾ ਅਤੇ ਸਾਬਕਾ ਸਰਕਾਰ ‘ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਪਹਿਲਾਂ ਤਾਂ ਅਸੀਂ ਜ਼ਿੰਦਗੀਆਂ ਨੂੰ ਬੜੇ ਹਲਕੇ ਵਿੱਚ ਲੈਂਦੇ ਹਾਂ ਅਤੇ ਵੱਡਾ ਹਾਦਸਾ ਵਾਪਰਨ ਮਗਰੋਂ ਵੱਡੀਆਂ ਜਾਚਾਂ ਦੀ ਗੱਲ ਕਹਿ ਕੇ ਪੱਲਾ ਝਾੜ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਲੰਘੇ ਵਰ੍ਹੇ ਅੰਮ੍ਰਿਤਸਰ ਦੇ ਜੌੜਾ ਫਾਟਕ ਵਿਖੇ ਵੀ ਅਜਿਹੀ ਘਟਨਾ ਹੋਈ ਸੀ ਪਰ ਉਸ ਦਾ ਵੀ ਕੋਈ ਨਤੀਜਾ ਹੁਣ ਤੱਕ ਸਾਹਮਣੇ ਨਹੀਂ ਆ ਸਕਿਆ। ਮਾਨ ਨੇ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਦੋ ਸਾਲ ਪਹਿਲਾਂ ਇਸੇ ਜਗ੍ਹਾ ‘ਤੇ ਅੱਗ ਲੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ, ਉਸ ਦਾ ਸਮਝੌਤਾ ਕਿਸ ਨੇ ਅਤੇ ਕਿੱਦਾਂ ਕਰਵਾਇਆ ਇਸ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕੀਤੀ ਕਿ ਸੂਬੇ ਭਰ ‘ਚ ਇਸ ਤਰ੍ਹਾਂ ਦੀਆਂ ਜਲਣਸ਼ੀਲ ਤੇ ਬਾਰੂਦ ਦੇ ਜ਼ਖੀਰੇ ਵਾਲੀਆਂ ਸਾਰੀਆਂ ਫ਼ੈਕਟਰੀਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਰਿਹਾਇਸ਼ੀ ਇਲਾਕਿਆਂ ਤੋਂ ਦੂਰ ਕੀਤਾ ਜਾਵੇ।