ਬਠਿੰਡਾ : ਕੇਂਦਰ ਸਰਕਾਰ ਵੱਲੋਂ ਜੰਮੂ ਕਸ਼ਮੀਰ ਵਿਚੋਂ ਧਾਰਾ 370 ਅਤੇ 35ਏ ਹਟਾਏ ਜਾਣ ਦੇ ਵਿਰੋਧ ਵਿਚ ਪੰਜਾਬ ਦੀਆਂ 11 ਕਿਸਾਨ ਅਤੇ ਹੋਰ ਜਥੇਬੰਦੀਆਂ ਵੱਲੋਂ ਅੱਜ ਮੋਹਾਲੀ ਦੇ ਦੁਸਹਿਰਾ ਗਰਾਊਂਡ ਵਿਚ ਰੋਸ ਪ੍ਰਦਰਸ਼ਨ ਕਰਕੇ ਰੈਲੀ ਕੱਢੀ ਜਾਣੀ ਸੀ, ਜਿਸ ਵਿਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਕਿਸਾਨ ਜਥੇਬੰਦੀਆਂ ਨੇ ਜਾਣਾ ਸੀ ਪਰ ਪੰਜਾਬ ਸਰਕਾਰ ਵੱਲੋਂ ਰੈਲੀ ਕੱਢਣ ਲਈ ਇਜਾਜ਼ਤ ਨਹੀਂ ਦਿੱਤੀ ਗਈ, ਜਿਸ ਤਹਿਤ ਚੰਡੀਗੜ੍ਹ ਵੱਲ ਜਾ ਰਹੇ ਕਾਫਲਿਆਂ ਨੂੰ ਰਸਤਿਆਂ ਵਿਚ ਹੀ ਰੋਕ ਲਿਆ ਗਿਆ। ਇਸੇ ਤਰ੍ਹਾਂ ਬਠਿੰਡਾ ਤੋਂ ਵੀ ਕੁੱਝ ਕਿਸਾਨ ਜਥੇਬੰਦੀਆਂ ਮੋਹਾਲੀ ਜਾ ਰਹੀਆਂ ਸਨ ਪਰ ਪੁਲਸ ਨੇ ਸਰਕਾਰ ਦੀਆਂ ਹਿਦਾਇਤਾਂ ‘ਤੇ ਉਨ੍ਹਾਂ ਨੂੰ ਅੱਗੇ ਵਧਣ ਨਹੀਂ ਦਿੱਤਾ, ਜਿਸ ਨਾਲ ਗੁੱਸਾਏ ਕਿਸਾਨਾਂ ਵੱਲੋਂ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਜਾਮ ਕਰਕੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ।
ਰੋਡ ਜਾਮ ਕਰਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਬੋਖਲਾ ਗਈ ਹੈ, ਜਿਸ ਕਾਰਨ ਕਿਸਾਨ ਜਥੇਬੰਦੀਆਂ ਨੂੰ ਚੰਡੀਗੜ੍ਹ ਵਿਚ ਰੈਲੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਕਿਸਾਨਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਜੰਮੂ-ਕਸ਼ਮੀਰ ਦੇ ਲੋਕਾਂ ‘ਤੇ ਕੇਂਦਰ ਸਰਕਾਰ ਦੀ ਧੱਕਾਸ਼ਾਹੀ ਬੰਦ ਕੀਤੀ ਜਾਏ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਉਨ੍ਹਾਂ ਦਾ ਅਧਿਕਾਰ ਵਾਪਸ ਮਿਲਣਾ ਚਾਹੀਦਾ ਹੈ ਅਤੇ 370, 35ਏ ਧਾਰਾ ਜੰਮੂ-ਕਸ਼ਮੀਰ ਵਿਚ ਦੁਬਾਰਾ ਲਾਗੂ ਕੀਤੀ ਜਾਏ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਕੈਪਟਨ ਸਰਕਾਰ ਮੋਦੀ ਸਰਕਾਰ ਦੀਆਂ ਨੀਤੀਆਂ ‘ਤੇ ਕੰਮ ਕਰ ਰਹੀ ਹੈ, ਜਿਸ ਦੇ ਚੱਲਦੇ ਕਿਸਾਨਾਂ ਨੂੰ ਚੰਡੀਗੜ੍ਹ ਵਿਚ ਰੈਲੀ ਨਹੀਂ ਕਰਨ ਦਿੱਤੀ ਜਾ ਰਹੀ ਹੈ।