ਨਵੀਂ ਦਿੱਲੀ—ਰਾਸ਼ਟਰੀ ਰਾਜਧਾਨੀ ਦਿੱਲੀ ਦੇ ਕੁਝ ਹਿੱਸਿਆਂ ‘ਚ ਅੱਜ ਭਾਵ ਐਤਵਾਰ ਸਵੇਰਸਾਰ ਬਾਰਿਸ਼ ਹੋਈ, ਜਿਸ ਕਾਰਨ ਲੋਕਾਂ ਨੂੰ ਹੁੰਮਸ ਭਰੇ ਮੌਸਮ ਤੋਂ ਕੁਝ ਰਾਹਤ ਮਿਲੀ। ਮੌਸਮ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਹੈ ਕਿ ਸ਼ਹਿਰ ‘ਚ ਐਤਵਾਰ ਸਵੇਰੇ 1.8 ਮਿਮੀ. ਬਾਰਿਸ਼ ਹੋਈ। ਉਨ੍ਹਾਂ ਨੇ ਦੱਸਿਆ ਕਿ ਕਈ ਸਥਾਨਾਂ ‘ਚ ਬਾਰਿਸ਼ ਨਹੀਂ ਹੋਈ ਪਰ ਉਨ੍ਹਾਂ ‘ਚ ਉਹ ਖੇਤਰ ਸ਼ਾਮਲ ਹਨ, ਜੋ ਰਿਜ, ਪਾਲਮ ਅਤੇ ਆਇਆਨਗਰ ਮੌਸਮ ਕੇਂਦਰਾਂ ਦੇ ਅਧੀਨ ਆਉਂਦੇ ਹਨ। ਉਨ੍ਹਾਂ ਨੇ ਦੱਸਿਆ ਕਿ ਦਿਨ ‘ਚ ਬੱਦਲ ਛਾਏ ਰਹਿਣਗੇ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੱਜ ਘੱਟ ਤੋਂ ਘੱਟ ਤਾਪਮਾਨ 27.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਮੌਸਮ ਦੇ ਔਸਤ ਤਾਪਮਾਨ ਤੋਂ 3 ਡਿਗਰੀ ਸੈਲਸੀਅਸ ਜ਼ਿਆਦਾ ਹੈ। ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 35 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ।
ਦੱਸਣਯੋਗ ਹੈ ਕਿ ਦਿੱਲੀ ਤੋਂ ਇਲਾਵਾ ਮੱਧ ਪ੍ਰਦੇਸ਼, ਗੁਜਰਾਤ ਅਤੇ ਰਾਜਸਥਾਨ ‘ਚ ਭਾਰੀ ਬਾਰਿਸ਼ ਹੋਣ ਕਾਰਨ ਜਨਜੀਵਨ ਕਾਫੀ ਪ੍ਰਭਾਵਿਤ ਹੋਇਆ। ਨੀਵੀਆਂ ਬਸਤੀਆਂ ‘ਚ ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਕਾਫੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।