ਚੰਡੀਗੜ੍ਹ – ਝੋਨੇ ਦੀ ਖਰੀਦ ਦਾ ਪਿਛਲੇ ਦਿਨਾਂ ਦੌਰਾਨ ਬਾਈਕਾਟ ਕਰਨ ਵਾਲੇ ਆੜ੍ਹਤੀਆਂ ਨੂੰ ਚਿਤਾਵਨੀ ਭਰਿਆ ਸਖ਼ਤ ਬਿਆਨ ਦੇਣ ਮਗਰੋਂ ਨਵੀਂ ਨੀਤੀ ਖਿਲਾਫ਼ ਅੰਦੋਲਨ ਦਾ ਐਲਾਨ ਕਰ ਰਹੇ ਰਾਈਸ ਸ਼ੈਲਰ ਮਾਲਕਾਂ ਖਿਲਾਫ਼ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਤਿੱਖਾ ਬਿਆਨ ਦਿੱਤਾ ਹੈ। ਉਨ੍ਹਾਂ ਆਪਣੇ ਜਾਰੀ ਕੀਤੇ ਇਕ ਬਿਆਨ ‘ਚ ਰਾਈਸ ਸ਼ੈਲਰ ਮਾਲਕਾਂ ਦੇ ਰੋਸ ਮੁਜ਼ਾਹਰਿਆਂ ਨੂੰ ਪਾਖੰਡ ਅਤੇ ਸਿਆਸਤ ਤੋਂ ਪ੍ਰੇਰਿਤ ਦੱਸਿਆ। ਉਨ੍ਹਾਂ ਕਿਹਾ ਕਿ ਕੁਝ ਲੋਕ ਆਪਣੇ ਨਿੱਜੀ ਮੁਫਾਦਾਂ ਨੂੰ ਸਿੱਧ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ ਦੀਆਂ ਕਠਪੁਤਲੀਆਂ ਵਜੋਂ ਕੰਮ ਕਰ ਰਹੇ ਹਨ ਅਤੇ ਸੂਬੇ ਵਿਚ ਸੁਚਾਰੂ ਢੰਗ ਨਾਲ ਚੱਲ ਰਹੀ ਝੋਨੇ ਦੀ ਖ਼ਰੀਦ ਪ੍ਰਕਿਰਿਆ ਵਿਚ ਵਿਘਨ ਪਾਉਣ ਦਾ ਯਤਨ ਕਰ ਰਹੇ ਹਨ।
ਆਸ਼ੂ ਨੇ ਕਿਹਾ ਕਿ ਇਹ ਉਨ੍ਹਾਂ ਲੋਕਾਂ ਦੀ ਬੁਖਲਾਹਟ ਨੂੰ ਦਰਸਾਉਂਦਾ ਹੈ, ਜਿਨ੍ਹਾਂ ਨੂੰ ਸਾਲ 2017 ‘ਚ ਸੱਤਾ ਸੰਭਾਲਣ ਵਾਲੀ ਮੌਜੂਦਾ ਕਾਂਗਰਸ ਸਰਕਾਰ ਵਲੋਂ ਸੂਬੇ ‘ਚ ਨਿਰਵਿਘਨ ਤੇ ਸੁਚਾਰੂ ਰੂਪ ‘ਚ ਕੀਤੀ ਜਾ ਰਹੀ ਝੋਨੇ ਦੀ ਮਿਸਾਲੀ ਖ਼ਰੀਦ ਹਜ਼ਮ ਨਹੀਂ ਹੋ ਰਹੀ ਅਤੇ ਉਹ ਲੋਕ ਖਰੀਦ ਪ੍ਰਕਿਰਿਆ ‘ਚ ਅੜਿੱਕਾ ਪਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਸੂਬੇ ‘ਚ ਝੋਨੇ ਦੀ ਨਿਰਵਿਘਨ ਖ਼ਰੀਦ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਆਸ਼ੂ ਨੇ ਕਿਹਾ ਕਿ ਸਰਕਾਰ ਸਾਰੇ ਸਹੀ ਮਿੱਲ ਮਾਲਕਾਂ ਦੇ ਪੱਖ ਵਿਚ ਹੈ। ਉਨ੍ਹਾਂ ਕਿਹਾ ਕਿ 10 ਅਕਤੂਬਰ ਜਾਂ ਇਸ ਤੋਂ ਪਹਿਲਾਂ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਝੋਨੇ ਦੀ ਅਲਾਟਮੈਂਟ ਲਈ ਅਪਲਾਈ ਕਰਨ ਵਾਲੇ ਸਾਰੇ ਮਿੱਲ ਮਾਲਕਾਂ ਨੂੰ ਪਹਿਲ ਦੇ ਆਧਾਰ ‘ਤੇ ਅਲਾਟਮੈਂਟ ਕੀਤੀ ਜਾਵੇਗੀ ਅਤੇ ਇਨ੍ਹਾਂ ਸਾਰੇ ਮਿੱਲਰਾਂ ਨੂੰ ਅਲਾਟਮੈਂਟ ਵਿਚ ਵਾਧਾ ਦਿੱਤਾ ਜਾਵੇਗਾ।