ਸੰਗਰੂਰ : ਮੁੱਖ ਸਕੱਤਰ ਪੰਜਾਬ ਸਰਕਾਰ ਅਤੇ ਡੀ. ਜੀ. ਪੀ. ਵੱਲੋਂ ਪ੍ਰਾਪਤ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਪੁਲਸ ਨੇ ਸੰਗਰੂਰ ‘ਚ ਪਰਾਲੀ ਸਾੜਣ ਵਾਲੇ 24 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਮੰਗਲਵਾਰ ਸ਼ਾਮ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਮੁੱਖ ਸਕੱਤਰ ਪੰਜਾਬ ਵੱਲੋਂ ਕੀਤੀ ਗਈ ਵੀਡੀਓ ਕਾਨਫਰੰਸਿੰਗ ਦੌਰਾਨ ਦਿੱਤੀ।
ਉਨ੍ਹਾਂ ਦੱਸਿਆ ਕਿ ਜ਼ਿਲੇ ‘ਚ ਪਰਾਲੀ ਨੂੰ ਸਾੜਣ ਤੋਂ ਰੋਕਣ ਲਈ ਪੁਲਸ ਪ੍ਰਸ਼ਾਸਨ ਅਤੇ ਆਧਾਰਿਤ 8 ਸਾਂਝੀਆਂ ਟੀਮਾਂ ਸਰਗਰਮੀ ਨਾਲ ਕਾਰਜਸ਼ੀਲ ਹਨ ਅਤੇ ਸਮੂਹ ਉਪ ਮੰਡਲ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ ਖਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਨੂੰ ਅਮਲ ‘ਚ ਲਿਆਂਦਾ ਜਾਵੇ। ਡਿਪਟੀ ਕਮਿਸ਼ਨਰ ਨੇ ਸਮੀਖਿਆ ਕਰਦਿਆਂ ਦੱਸਿਆ ਕਿ ਜ਼ਿਲਾ ਸੰਗਰੂਰ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਕੇਸਾਂ ‘ਤੇ ਤਿੱਖੀ ਨਜ਼ਰ ਰੱਖਦੇ ਹੋਏ ਚੌਕਸੀ ਟੀਮਾਂ ਵੱਲੋਂ ਪਰਾਲੀ ਸਾੜਣ ਦੇ ਮਾਮਲਿਆਂ ਵਿਚ ਚਲਾਨ ਕਰਨ ਦੀ ਪ੍ਰਕਿਰਿਆ ‘ਚ ਤੇਜ਼ੀ ਲਿਆਂਦੀ ਗਈ ਹੈ ਅਤੇ ਅੱਜ ਸ਼ਾਮ ਤੱਕ ਪਰਾਲੀ ਸਾੜਣ ਦੇ 643 ਮਾਮਲੇ ਸਾਹਮਣੇ ਆਉਣ ‘ਤੇ ਇਸ ਉਲੰਘਣਾ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ 16 ਲੱਖ 47 ਹਜ਼ਾਰ 500 ਰੁਪਏ ਜੁਰਮਾਨਾ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਖੇਤਾਂ ਵਿਚ ਪਰਾਲੀ ਸਾੜਣ ਦੇ ਵਧ ਰਹੇ ਰੁਝਾਨ ਨੂੰ ਸਖ਼ਤੀ ਨਾਲ ਠੱਲ੍ਹ ਪਾਉਣ ਲਈ ਉਲੰਘਣਾ ਕਰਨ ਵਾਲੇ 704 ਵਿਅਕਤੀਆਂ ਦੀ ਜ਼ਮੀਨ ਦੇ ਮਾਲ ਰਿਕਾਰਡ ਵਿਚ ਰੈੱਡ ਐਂਟਰੀ ਪਾਈ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਉਪ ਮੰਡਲ ਪੱਧਰੀ ਟੀਮਾਂ ਵੱਲੋਂ 1260 ਥਾਵਾਂ ਦਾ ਦੌਰਾ ਕੀਤਾ ਗਿਆ, ਜਿਸ ਵਿਚੋਂ 643 ਥਾਵਾਂ ‘ਤੇ ਪਰਾਲੀ ਸਾੜਣ ਵਾਲਿਆਂ ਨੂੰ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਲਈ ਜ਼ਿੰਮੇਵਾਰ ਮੰਨਦਿਆਂ ਜੁਰਮਾਨਾ ਲਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲਾ ਪੁਲਸ ਵੱਲੋਂ ਅੱਜ 16 ਥਾਵਾਂ ‘ਤੇ ਫਲੈਗ ਮਾਰਚ ਕੀਤੇ ਗਏ ਅਤੇ ਪ੍ਰਸ਼ਾਸਨਿਕ ਟੀਮਾਂ ਅਤੇ 60 ਵਿਸ਼ੇਸ਼ ਪੁਲਸ ਪੈਟਰੋਲਿੰਗ ਪਾਰਟੀਆਂ ਅਜਿਹੇ ਪਿੰਡਾਂ ‘ਚ ਲਗਾਤਾਰ ਚੌਕਸੀ ਰੱਖ ਰਹੀਆਂ ਹਨ ਜਿਥੇ ਪਰਾਲੀ ਸਾੜੇ ਜਾਣ ਦੀਆਂ ਘਟਨਾਵਾਂ ਵਧੇਰੇ ਵਾਪਰਦੀਆਂ ਹਨ। ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿਚ ਦੌਰੇ ਵਧਾਏ ਜਾਣ ਅਤੇ ਪਰਾਲੀ ਸਾੜਣ ਵਾਲਿਆਂ ਖਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾਵੇ।