ਅੰਮ੍ਰਿਤਸਰ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਪਾਕਿਸਤਾਨ ਵਿਖੇ ਮਨਾਉਣ ਲਈ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦਾ ਇਕ ਜਥਾ ਸਰਪ੍ਰਸਤ ਭਾਈ ਪਰਮਜੀਤ ਸਿੰਘ ਖਾਲਸਾ ਦੀ ਅਗਵਾਈ ਹੇਠ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਰਵਾਨਾ ਹੋ ਗਿਆ। ਇਸ ਤੋਂ ਪਹਿਲਾਂ ਜਥੇ ‘ਚ ਸ਼ਾਮਿਲ ਸਮੂਹ ਨੁਮਾਇੰਦਿਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੱਥਾ ਟੇਕਿਆ, ਜਿਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿ. ਜਗਤਾਰ ਸਿੰਘ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿ. ਰਘਬੀਰ ਸਿੰਘ ਨੇ ਅਰਦਾਸ ਉਪਰੰਤ ਸਨਮਾਨਿਤ ਕਰ ਕੇ ਜੈਕਾਰਿਆਂ ਦੀ ਗੂੰਜ ‘ਚ ਰਵਾਨਾ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਸਰਪ੍ਰਸਤ ਭਾਈ ਪਰਮਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁ. ਸ੍ਰੀ ਨਨਕਾਣਾ ਸਾਹਿਬ, ਗੁ. ਸ੍ਰੀ ਕਰਤਾਰਪੁਰ ਸਾਹਿਬ, ਗੁ. ਸ੍ਰੀ ਡੇਹਰਾ ਸਾਹਿਬ ਅਤੇ ਗੁ. ਸ੍ਰੀ ਸੱਚਾ ਸੌਦਾ ਸਾਹਿਬ ਵਿਖੇ ਧਾਰਮਿਕ ਸਮਾਗਮ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਜਥੇ ‘ਚ ਸਿੱਖ ਕੌਮ ਦੇ ਮਹਾਨ ਵਿਦਵਾਨ ਗਿਆਨੀ ਪਿੰਦਰਪਾਲ ਸਿੰਘ, ਜਵੱਦੀ ਟਕਸਾਲ ਦੇ ਮੁਖੀ ਬਾਬਾ ਅਮੀਰ ਸਿੰਘ ਤੇ ਭਾਈ ਮੇਜਰ ਸਿੰਘ ਖਾਲਸਾ ਸਮੇਤ ਹੋਰ ਪੰਥ ਪ੍ਰਸਿੱਧ ਸ਼ਖਸੀਅਤਾਂ ਪਾਕਿਸਤਾਨ ਜਾ ਰਹੀਆਂ ਹਨ। ਜਥਾ ਵੱਖ-ਵੱਖ ਇਤਿਹਾਸਕ ਅਸਥਾਨਾਂ ‘ਤੇ ਕੀਰਤਨ ਸਮਾਗਮ ਕਰਨ ਉਪਰੰਤ 9 ਨਵੰਬਰ ਦੀ ਸ਼ਾਮ ਨੂੰ ਵਾਪਸ ਪੰਜਾਬ (ਭਾਰਤ) ਪਰਤ ਆਵੇਗਾ।