ਜੰਮੂ- ਜੰਮੂ-ਕਸ਼ਮੀਰ ਦੇ ਸੋਪੋਰ ‘ਚ ਭਾਰਤੀ ਸੁਰੱਖਿਆ ਫੋਰਸ ਨੂੰ ਵੱਡੀ ਸਫਲਤਾ ਮਿਲੀ ਹੈ। ਸੁਰੱਖਿਆ ਫੋਰਸ ਨੇ ਸੋਪੋਰ ‘ਚ 4 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਵੱਡੇ ਹਮਲੇ ਦੀ ਸਾਜਿਸ਼ ਰਚ ਰਹੇ ਸਨ। ਗ੍ਰਿਫਤਾਰ ਕੀਤੇ ਗਏ ਅੱਤਵਾਦੀਆਂ ਦੀ ਪਛਾਣ ਰਮੀਜ਼ ਅਹਿਮਦ ਮੁੱਲਾ, ਰਿਆਜ਼ ਖਾਲਿਕ ਪਾਰਰੇ, ਵਸੀਮ ਮਨਜ਼ੂਰ ਗਾਜ਼ੀ ਅਤੇ ਇਖਲਾਕ ਇਮਤਿਆਜ਼ ਸ਼ੇਖ ਵਜੋਂ ਹੋਈ ਹੈ। ਸੁਰੱਖਿਆ ਫੋਰਸ ਮੁਤਾਬਕ ਅੱਤਵਾਦੀਆਂ ਕੋਲੋਂ ਹਥਿਆਰਾਂ ਵੀ ਬਰਾਮਦ ਹੋਏ ਹਨ। ਉਨ੍ਹਾਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਨੈੱਟਵਰਕ ਦਾ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਸੂਤਰਾਂ ਮੁਤਾਬਕ ਸੁਰੱਖਿਆ ਫੋਰਸ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਕੁਝ ਅੱਤਵਾਦੀ ਸੋਪੋਰ ਵਿਚ ਲੁੱਕੇ ਹੋਏ ਹਨ ਅਤੇ ਕਿਸੇ ਵੱਡੀ ਸਾਜਿਸ਼ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿਚ ਹਨ। ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਭਾਰਤੀ ਸੁਰੱਖਿਆ ਫੋਰਸ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਕੇ ਸੋਪੋਰ ਸਥਿਤ ਇਕ ਘਰ ‘ਚੋਂ ਚਾਰੋਂ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ। ਦੱਸਣਯੋਗ ਹੈ ਕਿ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਜਾਣਾ ਹੈ। ਕਰਤਾਰਪੁਰ ਲਾਂਘੇ ਨੂੰ ਲੈ ਕੇ ਪਹਿਲਾਂ ਹੀ ਭਾਰਤ ਨੇ ਚਿੰਤਾ ਜ਼ਾਹਰ ਕੀਤੀ ਹੈ। ਭਾਰਤ ਦਾ ਕਹਿਣਾ ਹੈ ਕਿ ਅੱਤਵਾਦੀ ਕਰਤਾਰਪੁਰ ਲਾਂਘੇ ਦਾ ਇਸਤੇਮਾਲ ਭਾਰਤ ਵਿਚ ਦਾਖਲ ਹੋਣ ਲਈ ਕਰ ਸਕਦੇ ਹਨ।