ਨਵੀਂ ਦਿੱਲੀ— ਅਧਿਆਤਮਿਕ ਗੁਰੂ ਸ਼੍ਰੀ ਸ਼੍ਰੀ ਰਵੀਸ਼ੰਕਰ ਨੇ ਰਾਮ ਜਨਮਭੂਮੀ-ਬਾਬਰੀ ਮਸਜਿਦ ਜ਼ਮੀਨ ਵਿਵਾਦ ‘ਚ ਸੁਪਰੀਮ ਕੋਰਟ ਦੇ ਫੈਸਲੇ ਦਾ ਸੁਆਗਤ ਕੀਤਾ। ਉਨ੍ਹਾਂ ਕਿਹਾ ਕਿ ਫੈਸਲਾ ਹਿੰਦੂ ਅਤੇ ਮੁਸਲਮਾਨ ਭਾਈਚਾਰੇ ਦੇ ਲੋਕਾਂ ਲਈ ਰਾਹਤ ਅਤੇ ਖੁਸ਼ੀ ਲੈ ਕੇ ਆਇਆ ਹੈ। ਇੱਥੇ ਦੱਸ ਦੇਈਏ ਕਿ ਰਵੀਸ਼ੰਕਰ ਸੁਪਰੀਮ ਕੋਰਟ ਵਲੋਂ ਇਸ ਵਿਵਾਦ ਦੇ ਮਿੱਤਰਤਾਪੂਰਨ ਹੱਲ ਲਈ ਪਹਿਲਾਂ ਨਿਯੁਕਤ ਕੀਤੀ ਗਈ ਵਿਚੋਲਗੀ ਪੈਨਲ ਦਾ ਹਿੱਸਾ ਸਨ। ਉਨ੍ਹਾਂ ਨੇ ਟਵੀਟ ਕੀਤਾ, ”ਮੈਂ ਤਹਿ ਦਿਲੋਂ ਮਾਣਯੋਗ ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲਾ ਦਾ ਸੁਆਗਤ ਕਰਦਾ ਹਾਂ। ਇਸ ਨਾਲ ਦੋਹਾਂ ਭਾਈਚਾਰੇ ਦੇ ਲੋਕਾਂ ਨੂੰ ਖੁਸ਼ੀ ਅਤੇ ਲੰਬੇ ਸਮੇਂ ਤੋਂ ਚੱਲ ਰਹੇ ਵਿਵਾਦ ਤੋਂ ਰਾਹਤ ਮਿਲੀ ਹੈ।
ਦੱਸਣਯੋਗ ਹੈ ਕਿ ਸੁਪਰੀਮ ਕੋਰਟ ਦੇ ਚੀਫ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ‘ਚ 5 ਜੱਜਾਂ ਦੀ ਸੰਵਿਧਾਨਕ ਬੈਂਚ ਨੇ ਫੈਸਲਾ ਸੁਣਾਇਆ ਕਿ ਵਿਵਾਦਿਤ ਜ਼ਮੀਨ ਰਾਮਜਨਮ ਭੂਮੀ ਟਰੱਸਟ ਨੂੰ ਦਿੱਤੀ ਜਾਵੇਗੀ, ਇਸ ਲਈ ਸਰਕਾਰ ਨੂੰ 3 ਮਹੀਨੇ ਦੇ ਅੰਦਰ ਟਰੱਸਟ ਬਣਾ ਕੇ ਮੰਦਰ ਬਣਾਉਣ ਦਾ ਹੁਕਮ ਦਿੱਤਾ ਗਿਆ ਹੈ। ਕੋਰਟ ਦੇ ਇਸ ਫੈਸਲੇ ਤੋਂ ਬਾਅਦ ਮੰਦਰ ਬਣਾਉਣ ਦਾ ਰਾਹ ਸਾਫ ਹੋ ਗਿਆ ਹੈ। ਸੁਪਰੀਮ ਕੋਰਟ ਕਿਹਾ ਕਿ ਸੁੰਨੀ ਵਕਫ਼ ਬੋਰਡ ਨੂੰ ਮਸਜਿਦ ਬਣਾਉਣ ਲਈ ਅਯੁੱਧਿਆ ‘ਚ ਹੀ ਦੂਜੀ ਥਾਂ ‘ਤੇ 5 ਏਕੜ ਜ਼ਮੀਨ ਦਿੱਤੀ ਜਾਵੇ। ਸੁਪਰੀਮ ਕੋਰਟ ਨੇ ਨਿਰਮੋਹੀ ਅਖਾੜੇ ਅਤੇ ਸ਼ੀਆ ਵਕਫ਼ ਦੇ ਦਾਅਵੇ ਨੂੰ ਖਾਰਜ ਕਰ ਦਿੱਤਾ, ਜਦਕਿ ਰਾਮਜਨਮ ਭੂਮੀ ਟਰੱਸਟ ਦੇ ਦਾਅਵੇ ਨੂੰ ਬਰਕਰਾਰ ਰੱਖਿਆ।