ਹਰਿਆਣਾ— ਹਰਿਆਣਾ ਦੀ ਮਨੋਹਰ ਲਾਲ ਖੱਟੜ ਸਰਕਾਰ ਨੇ ਪਰਾਲੀ ਦੇ ਨਿਪਟਾਰੇ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਸਰਕਾਰ ਵਲੋਂ ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਲਈ ਆਰਥਿਕ ਮਦਦ ਦਿੱਤੀ ਜਾਵੇਗੀ। ਕਿਸਾਨਾਂ ਨੂੰ ਸਰਕਾਰ ਵਲੋਂ ਪਾਰਲੀ ਦੇ ਨਿਪਟਾਰੇ ਨੂੰ ਲੈ ਕੇ 1 ਹਜ਼ਾਰ ਰੁਪਏ ਦਿੱਤੇ ਜਾਣਗੇ। ਇਹ ਰਾਸ਼ੀ ਕਿਸਾਨਾਂ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਦਿੱਤੀ ਜਾਵੇਗੀ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਹਰਿਆਣਾ ਸਰਕਾਰ ਨੇ ਇਹ ਫੈਸਲਾ ਲਿਆ ਹੈ। ਸਰਕਾਰ ਨੇ ਗੈਰ-ਬਾਸਮਤੀ ਫਸਲਾਂ ਅਤੇ ਛੋਟੇ ਕਿਸਾਨਾਂ ਨੂੰ ਮੁਆਵਜਾ ਦੇਣ ਦਾ ਫੈਸਲਾ ਵੀ ਲਿਆ ਹੈ। ਸਰਕਾਰ ਨੇ ਪਰਾਲੀ ਦੇ ਪ੍ਰਬੰਧਨ ਲਈ ਅਧਿਕਾਰੀਆਂ ਦੀ ਨਿਯੁਕਤੀ ਦੇ ਨਿਰਦੇਸ਼ ਵੀ ਦਿੱਤੇ ਹਨ।
ਦੱਸਣਯੋਗ ਹੈ ਕਿ ਕਿਸਾਨਾਂ ਵਲੋਂ ਪਰਾਲੀ ਨੂੰ ਸਾੜੇ ਜਾਣਾ ਸਰਕਾਰਾਂ ਲਈ ਵੱਡੀ ਸਿਰਦਰਦੀ ਬਣ ਗਈ ਹੈ। ਪਰਾਲੀ ਨੂੰ ਅੱਗ ਲਾਉਣ ਕਰ ਕੇ ਕਈ ਕਿਸਾਨਾਂ ਨੂੰ ਚਲਾਨ ਵੀ ਜਾਰੀ ਕੀਤੇ ਗਏ ਹਨ। ਪਰਾਲੀ ਦੇ ਧੂੰਏਂ ਕਾਰਨ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ। ਇੱਥੇ ਦੱਸ ਦੇਈਏ ਕਿ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨ ਲੱਖਾਂ ਏਕੜ ਦੀ ਜ਼ਮੀਨ ‘ਤੇ ਕਣਕ ਅਤੇ ਝੋਨੇ ਦੀ ਖੇਤੀ ਕਰਦੇ ਹਨ। ਸਾਲ ਵਿਚ ਦੋ ਵਾਰ ਇਨ੍ਹਾਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਨਾਲ ਵਾਤਾਵਾਰਣ ਹੀ ਨਹੀਂ ਖੇਤਾਂ ਦੀ ਮਿੱਟੀ ਦੀ ਗੁਣਵੱਤਾ ਨੂੰ ਵੀ ਨੁਕਸਾਨ ਪੁੱਜਦਾ ਹੈ।