ਚੰਡੀਗੜ੍ਹ – ਸਾਬਕਾ ਸਰਪੰਚ ਦੇ ਕਤਲ ਦੇ ਮਾਮਲੇ ’ਤੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਜਾਖੜ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ’ਚ ਉਨ੍ਹਾਂ ਨੇ ਬੀਤੇ ਦਿਨ ਮਜੀਠੀਆ ਵਲੋਂ ਲਗਾਏ ਗਏ ਸਾਰੇ ਦੋਸ਼ਾਂ ਨੂੰ ਨਕਾਰ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੰਧਾਵਾ ਨੇ ਕਿਹਾ ਕਿ ਪੰਜਾਬ ’ਚ ਖਾਲੀਸਤਾਨ ਨਾਂ ਦੀ ਕੋਈ ਚੀਜ਼ ਨਹੀਂ। ਰੰਧਾਵਾ ਨੇ ਅਕਾਲੀ ਦਲ ਦੇ ਸੀਨੀਅਰ ਅਾਗੂ ਬਿਕਰਮ ਸਿੰਘ ਮਜੀਠੀਆ ਦੀਆਂ ਕੁਝ ਤਸਵੀਰਾਂ ਦਿਖਾਉਂਦੇ ਹੋਏ ਕਿਹਾ ਕਿ ਮਜੀਠੀਆ ਦੇ ਖਤਰਨਾਕ ਬਦਮਾਸ਼ਾ ਨਾਲ ਸਬੰਧ ਹਨ। ਪੰਜਾਬ ‘ਚ ਮਜੀਠੀਆ ਦੇ ਆਉਣ ਤੋਂ ਬਾਅਦ ਹੀ ਗੈਂਗਸਟਰ ਆਏ ਸਨ।
ਇਸ ਮਾਮਲੇ ਦੀ ਜਾਂਚ ਨਾ ਤਾਂ ਸੀ.ਬੀ.ਆਈ ਨੇ ਕਰਨੀ ਹੈ ਅਤੇ ਨਾ ਹੀ ਈ.ਡੀ.ਏ ਨੇ। ਉਨ੍ਹਾਂ ਕਿਹਾ ਕਿ ਈ.ਡੀ.ਏ ਨੇ ਮਜੀਠੀਆ ਦੇ ਖਿਲਾਫ ਵੀ ਕੋਈ ਕਾਰਵਾਈ ਨਹੀਂ ਸੀ ਕੀਤੀ। ਇਸ ਪ੍ਰੈੱਸ ਕਾਨਫਰੰਸ ਦੌਰਾਨ ਰੰਧਾਵਾ ਨੇ ਮਜੀਠੀਆ ਨੂੰ ਵੰਗਾਰਦੇ ਹੋਏ ਕਿਹਾ ਕਿ ਉਹ ਉਸ ਦੇ ਨਾਲ ਹਾਈਕੋਰਟ ਚਲੇ, ਜਿਥੇ ਜਾ ਕੇ ਉਹ ਇਸ ਮਾਮਲੇ ਦੀ ਜਾਂਚ ਜੱਜ ਵਲੋਂ ਕਰਵਾਉਗੇ। ਦੱਸ ਦੇਈਏ ਕਿ ਰੰਧਾਵਾ ਨੇ ਇਸ ਪ੍ਰੈੱਸ ਕਾਨਫਰੰਸ ਦੇ ਬਾਰੇ ਕੁਝ ਦਿਨ ਪਹਿਲਾ ਹੀ ਦੱਸ ਦਿੱਤਾ ਸੀ, ਜਿਸ ਦੌਰਾਨ ਉਨ੍ਹਾਂ ਨੇ ਮਜੀਠੀਆ ਦੀ ਪੋਲ ਖੋਲ੍ਹਣ ਦੇ ਬਾਰੇ ਕਿਹਾ ਸੀ।
ਦੱਸ ਦੇਈਏ ਕਿ ਬੀਤੇ ਦਿਨ ਅਕਾਲੀ ਦਲ ਦੇ ਸੀਨੀਅਰ ਅਾਗੂ ਬਿਕਰਮ ਸਿੰਘ ਮਜੀਠੀਆ ਨੇ ਬਦਮਾਸ਼ ਜੱਗੂ ਭਗਵਾਨਪੁਰੀਅਾ ਅਤੇ ਉਸ ਦੇ ਸਾਥੀਆਂ ਵਲੋਂ ਜੇਲ ਵਿਚੋਂ ਚਲਾਏ ਜਾ ਰਹੇ 1000 ਕਰੋੜ ਰੁਪਏ ਦੇ ਫਿਰੌਤੀ ਰੈਕੇਟ ਦੀ ਜਾਂਚ ਕੇਂਦਰੀ ਏਜੰਸੀ ਜਾਂ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਕਰਨ ਦੀ ਮੰਗ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕੀਤੀ ਸੀ। ਉਨ੍ਹਾਂ ਮੰਗ ਕੀਤੀ ਕਿ ਸਾਬਕਾ ਅਕਾਲੀ ਸਰਪੰਚ ਦਲਬੀਰ ਢਿੱਲਵਾਂ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ ਕਾਂਗਰਸੀਆਂ ਦੀ ਪੁਸ਼ਤ-ਪਨਾਹੀ ਕਰਨ ਲਈ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰਨਾ ਚਾਹੀਦਾ ਹੈ। ਇਸ ਕਤਲ ਵਿਚ ਜੱਗੂ ਭਗਵਾਨਪੁਰੀਆ ਦੀ ਭੂਮਿਕਾ ਅਤੇ ਜੱਗੂ ਵੱਲੋਂ ਜੇਲ ਵਿਚੋਂ ਚਲਾਏ ਜਾ ਰਹੇ ਫਿਰੌਤੀ ਰੈਕੇਟ ਦੀ ਜਾਂਚ ਕਰਵਾਈ ਜਾਵੇ।