ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਰਾਗੀ ਜਥੇ ਭੇਜਣ ਦਾ ਫੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਰਾਗੀ ਜਥੇ ਆਮ ਸੰਗਤ ਵਾਂਗ ਸਵੇਰੇ ਲਾਂਘੇ ਰਾਹੀਂ ਕਰਤਾਰਪੁਰ ਸਾਹਿਬ ਜਾਣਗੇ ਅਤੇ ਦਿਨ ਭਰ ਗੁਰੂ ਘਰ ‘ਚ ਕੀਰਤਨ ਦੀ ਸੇਵਾ ਨਿਭਾਅ ਕੇ ਸ਼ਾਮ ਨੂੰ ਸੰਗਤ ਨਾਲ ਹੀ ਵਾਪਸ ਭਾਰਤ ਪਰਤ ਆਉਣਗੇ।
ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਕਹਿਣਾ ਹੈ ਕਿ ਪਾਕਿਸਤਾਨ ਗੁਰਧਾਮਾਂ ਵਿਖੇ ਕੀਰਤਨ ਕਰਨ ਵਾਲੇ ਰਾਗੀ ਜਥਿਆਂ ਦੀ ਘਾਟ ਮਹਿਸੂਸ ਕੀਤੀ ਜਾ ਰਹੀ ਸੀ, ਜਿਸ ਦੇ ਚਲਦਿਆਂ ਫੈਸਲਾ ਕੀਤਾ ਗਿਆ ਹੈ ਕਿ ਹੁਣ ਸ਼੍ਰੋਮਣੀ ਕਮੇਟੀ ਆਪਣੇ ਵੱਲੋਂ ਰਾਗੀ ਜਥੇ ਭੇਜੇਗੀ। ਇਹ ਰਾਗੀ ਜਥੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਕੀਰਤਨ ਦੀ ਸੇਵਾ ਨਿਭਾਉਣਗੇ। ਰਾਗੀ ਜਥਿਆਂ ਦੀ 20 ਡਾਲਰ ਫੀਸ ਅਤੇ ਖਰਚਾ ਸ਼੍ਰੋਮਣੀ ਕਮੇਟੀ ਕਰੇਗੀ।