ਮੋਗਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਵਿਚ ਅਮਨ ਕਾਨੂੰਨ ਦੀ ਮਾੜੀ ਹਾਲਤ, ਪੁਲਸ ਵਧੀਕੀਆਂ, ਦਲਿਤਾਂ ਵਿਰੁੱਧ ਵਧੇ ਅੱਤਿਆਚਾਰਾਂ, ਗ਼ੈਰ-ਕਾਨੂੰਨੀ ਮਾਈਨਿੰਗ ਤੇ ਹੋਰ ਲੋਕ ਮੁੱਦਿਆਂ ਨੂੰ ਲੈ ਕੇ ਕੈਪਟਨ ਸਰਕਾਰ ਖਿਲਾਫ ਅੱਜ ਮੋਗਾ ਵਿਖੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਦਫ਼ਤਰ ਬਾਹਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਧਰਨਾ ਦਿੱਤਾ ਜਾ ਰਿਹਾ ਹੈ। ਜਿਸ ਵਿਚ ਵੱਡੀ ਗਿਣਤੀ ‘ਚ ਅਕਾਲੀ ਵਰਕਰਾਂ ਦਾ ਠਾਠਾਂ ਮਾਰਦਾ ਇਕੱਠ ਦਿਖਾਈ ਦੇ ਰਿਹਾ ਹੈ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੇ ਰਾਜ ‘ਚ ਅਕਾਲੀ ਵਰਕਰਾਂ ‘ਤੇ ਝੂਠੇ ਪਰਚੇ ਹੋ ਰਹੇ ਹਨ। ਇਸ ਦੌਰਾਨ ਸੁਖਬੀਰ ਬਾਦਲ ਨੇ ਝੂਠੇ ਪਰਚੇ ਕਰਨ ਵਾਲੇ ਅਫ਼ਸਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਅਫਸਰਾਂ ‘ਤੇ ਕਾਰਵਾਈ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਸਾਹਿਬ ਸਵੇਰੇ ਉੱਠ ਕੇ 5 ਵਜੇ ਅਖਬਾਰ ਪੜ੍ਹਨਾ ਸ਼ੁਰੂ ਕਰ ਦਿੰਦੇ ਸਨ ਅਤੇ ਜਿਹੜੇ ਵੀ ਜ਼ਿਲੇ ‘ਚ ਧੱਕਾ ਹੋਇਆ, ਚੋਰੀ ਹੋਈ ਜਾਂ ਡਰੱਗ ਸਮੱਗਲਰ ਫੜਿਆ ਗਿਆ, ਉਸੇ ਵੇਲੇ ਡੀ.ਐੱਸ.ਪੀ. ਨੂੰ ਫੋਨ ਕਰਦੇ ਸਨ ਪਰ ਕੈਪਟਨ ਸਰਕਾਰ ਦੇ ਰਾਜ ‘ਚ 6-6 ਮਹੀਨੇ ਲੰਘ ਜਾਂਦੇ ਹਨ ਤੇ ਕੋਈ ਕਾਰਵਾਈ ਹੀ ਨਹੀਂ ਹੁੰਦੀ। ਪੰਜਾਬ ‘ਚ ਸਰਕਾਰ ਨਾਂ ਦੀ ਕੋਈ ਚੀਜ਼ ਹੀ ਨਹੀਂ ਹੈ।
ਉਨ੍ਹਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਪੰਜਾਬ ਦਾ ਖਜ਼ਾਨਾ ਖਾਲੀ ਨਹੀਂ ਤੇ ਲੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੇ ਰਾਜ ‘ਚ ਸ਼ਰਾਬ ਦੇ ਮਾਲੀਏ ‘ਚ ਗਿਰਾਵਟ ਹੋਈ ਹੈ ਅਤੇ ਕਾਂਗਰਸੀ ਆਗੂਆਂ ਤੇ ਪੁਲਸ ਦੀ ਮਿਲੀ ਭੁਗਤ ਨਾਲ ਤਸਕਰ ਨਸ਼ਾ ਵੇਚ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਛੇ -ਛੇ ਮਹੀਨੇ ਡਿਪਟੀ ਕਮਿਸ਼ਨਰਾਂ ਕੋਲੋਂ ਜ਼ਿਲੇ ਦੇ ਹਾਲਾਤਾਂ ਬਾਰੇ ਵੀ ਜਾਣਕਰੀ ਨਹੀਂ ਲੈਂਦੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਹਰ ਫ਼ਰੰਟ ‘ਤੇ ਫ਼ੇਲ ਸਾਬਤ ਹੋਈ ਹੈ ਤੇ ਇਸ ਨੇ ਆਪਣੇ ਤਿੰਨ ਸਾਲ ਦੀ ਕਾਰਜਕਾਲ ਦੌਰਾਨ ਸੂਬੇ ਦੇ ਵਿਕਾਸ ਦੀ ਥਾਂ ਵਿਨਾਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਾਂਗਰਸ ਸਰਕਾਰ ਦਾ ਤਿੰਨ ਵਰ੍ਹਿਆਂ ਦਾ ਕਾਰਜਕਾਲ ਬੇਹੱਦ ਨਿਰਾਸ਼ਾਜਨਕ ਰਿਹਾ ਹੈ। ਸਰਕਾਰ ਨੇ ਸੂਬੇ ਦੀ ਜਨਤਾ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ।