ਲਹਿਰਾਗਾਗਾ : ਲਹਿਰਾਗਾਗਾ ਵਿਖੇ “ਸਰਬੱਤ ਦਾ ਭਲਾ“ ਗੱਡੀ ਨੂੰ ਝੰਡੀ ਦਿਖਾ ਕੇ ਰਵਾਨਾ ਕਰਨ ਉਪਰੰਤ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪੱਤਰਕਾਰਾਂ ਵੱਲੋਂ ਵੱਖ-ਵੱਖ ਸਿਆਸੀ ਮੁੱਦਿਆਂ ਸਬੰਧੀ ਪੁਛੇ ਸਵਾਲਾਂ ਦੇ ਜਵਾਬ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਸ੍ਰੀ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਦੇ ਹਫਤੇ ਦੌਰਾਨ ਉਹ ਕੋਈ ਸਿਆਸੀ ਗੱਲ ਨਹੀਂ ਕਰਨਾ ਚਾਹੁੰਦੇ। ਉਨ੍ਹਾਂ ਕਿਹਾ ਕਿ 31 ਦਸੰਬਰ ਤੋਂ ਬਾਅਦ ਨਵੇਂ ਸਾਲ ਦੀ ਆਮਦ ‘ਤੇ ਉਹ ਸਾਰੇ ਸਿਆਸੀ ਪੱਤੇ ਖੋਲ੍ਹਣਗੇ ਅਤੇ ਪੱਤਰਕਾਰਾਂ ਨੂੰ ਪੂਰਾ ਮਸਾਲਾ ਦੇਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਰਾਜਨੀਤਿਕ ਪਾਰਟੀ ਜਾਂ ਆਗੂ ਨੂੰ ਸ਼ਹੀਦੀ ਹਫਤੇ ਕਿਸੇ ਵੀ ਤਰ੍ਹਾਂ ਦੀ ਸਿਆਸਤ ਨਹੀਂ ਕਰਨੀ ਚਾਹੀਦੀ। ਸ਼ਹੀਦੀ ਜੋੜ ਮੇਲ ਮੌਕੇ ਸਾਰੀਆਂ ਪਾਰਟੀਆਂ ਤੇ ਆਗੂਆਂ ਨੂੰ ਚਾਹੀਦਾ ਹੈ ਕਿ ਉਹ ਨਿਮਾਣੇ ਸ਼ਰਧਾਲੂ ਵਜੋਂ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ।
ਇਸ ਮੌਕੇ ਉਨ੍ਹਾਂ ਨਾਲ ਧਰਮ ਪ੍ਰਚਾਰ ਕਮੇਟੀ ਮੈਂਬਰ ਰਾਮਪਾਲ ਸਿੰਘ ਬੈਹਨੀਵਾਲ, ਸੀਨੀਅਰ ਆਗੂ ਸੁਖਵੰਤ ਸਿੰਘ ਸਰਾਓ, ਜ਼ਿਲਾ ਉਪ ਪ੍ਰਧਾਨ ਅਸ਼ਵਨੀ ਸ਼ਰਮਾ ਆਦਿ ਤੋਂ ਇਲਾਵਾ ਹੋਰ ਵੀ ਆਗੂ ਤੇ ਵਰਕਰ ਹਾਜ਼ਰ ਸਨ।