ਨਵੀਂ ਦਿੱਲੀ—ਨਿਰਭਯਾ ਗੈਂਗਰੇਪ ਮਾਮਲੇ ‘ਚ ਦੋਸ਼ੀਆਂ ਖਿਲਾਫ ਨਵਾਂ ਡੈੱਥ ਵਾਰੰਟ ਜਾਰੀ ਹੋਣ ਤੋਂ ਬਾਅਦ ਤਿਹਾੜ ਜੇਲ ‘ਚ ਫਾਂਸੀ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਇਸ ਦੌਰਾਨ ਚਾਰੇ ਦੋਸ਼ੀਆਂ ‘ਚੋਂ ਇਕ ਪਵਨ ਕੁਮਾਰ ਗੁਪਤਾ ਨੇ ਸੁਪਰੀਮ ਕੋਰਟ ‘ਚ ਸਪੈਸ਼ਲ ਲੀਵ ਪਟੀਸ਼ਨ ਦਾਇਰ ਕੀਤੀ ਹੈ, ਜਿਸ ‘ਤੇ ਸੁਪਰੀਮ ਕੋਰਟ ‘ਚ ਅੱਜ ਸੁਣਵਾਈ ਹੋਵੇਗੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ‘ਚ ਹੋਣ ਵਾਲੀ ਇਸ ਸੁਣਵਾਈ ਤੋਂ ਪਹਿਲਾਂ ਨਿਰਭਯਾ ਦੀ ਮਾਂ ਆਸ਼ਾ ਦੇਵੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਹ ਸਿਰਫ ਫਾਂਸੀ ਨੂੰ ਟਾਲਣ ਦੀ ਸਾਜ਼ਿਸ਼ ਹੈ, ਉਸ ਦੀ ਪਟੀਸ਼ਨ 2013 ‘ਚ ਸੁਪਰੀਮ ਕੋਰਟ ਵੱਲੋਂ ਰੱਦ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਰਿਵਿਊ ਪਟੀਸ਼ਨ ਵੀ ਕੋਰਟ ਨੇ ਖਾਰਿਜ ਕਰ ਦਿੱਤੀ ਸੀ। ਉਹ ਸਿਰਫ ਸਮਾਂ ਬਰਬਾਦ ਕਰਨ ਲਈ ਅਜਿਹਾ ਕਰ ਰਿਹਾ ਹੈ।
ਆਸ਼ਾ ਦੇਵੀ ਨੇ ਕਿਹਾ ਹੈ ਕਿ ਸਾਰੇ ਦੋਸ਼ੀਆਂ ਨੂੰ 1 ਫਰਵਰੀ ਨੂੰ ਹੀ ਫਾਂਸੀ ਦੇਣ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਨਵਾਂ ਡੈੱਥ ਵਾਰੰਟ ਜਾਰੀ ਕੀਤੇ ਜਾਣ ‘ਤੇ ਆਸ਼ਾ ਦੇਵੀ ਨੇ ਨਿਰਾਜ਼ਗੀ ਜ਼ਾਹਿਰ ਕੀਤੀ ਸੀ। ਦੱਸਣਯੋਗ ਹੈ ਕਿ ਨਿਰਭਯਾ ਦੇ ਨਾਲ ਹੋਈ ਬਰਬਰਤਾ ਖਿਲਾਫ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਡੈੱਥ ਵਾਰੰਟ ਜਾਰੀ ਕੀਤਾ ਸੀ ਅਤੇ ਚਾਰੇ ਦੋਸ਼ੀਆਂ ਵਿਨੈ ਸ਼ਰਮਾ, ਮੁਕੇਸ਼ ਸਿੰਘ, ਪਵਨ ਗੁਪਤਾ ਅਤੇ ਅਕਸ਼ੈ ਕੁਮਾਰ ਦੀ ਫਾਂਸੀ ਲਈ 1 ਫਰਵਰੀ ਦੀ ਤਾਰੀਕ ਤੈਅ ਕੀਤੀ ਸੀ। ਇਸ ਤੋਂ ਬਾਅਦ ਪਵਨ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।