ਚੰਡੀਗੜ੍ਹ : ਬਹਿਬਲ ਕਲਾਂ ਦੇ ਗੋਲੀਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਮੌਤ ‘ਤੇ ਸ਼ੁੱਕਰਵਾਰ ਨੂੰ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਦੌਰਾਨ ਕਾਂਗੜ ਨੇ ਆਪਣੇ ‘ਤੇ ਲੱਗੇ ਸਾਰੇ ਦੋਸ਼ਾਂ ਨੂੰ ਬੇ-ਬੁਨਿਆਦ ਦੱਸਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਮ੍ਰਿਤਕ ਸੁਰਜੀਤ ਸਿੰਘ ਦੀ ਪਤਨੀ ਉਨ੍ਹਾਂ ‘ਤੇ ਦੋਸ਼ ਕਿਉਂ ਲਾ ਰਹੀ ਹੈ। ਕਾਂਗੜ ਨੇ ਇਸ ਦੇ ਪਿੱਛੇ ਕਿਸੇ ਵੱਡੀ ਸਾਜਿਸ਼ ਹੋਣ ਦੀ ਗੱਲ ਕਹੀ ਹੈ।
ਗੁਰਪ੍ਰੀਤ ਕਾਂਗੜ ਨੇ ਕਿਹਾ ਕਿ ਸੁਰਜੀਤ ਸਿੰਘ ਦੀ ਮੌਤ ਦਾ ਉਨ੍ਹਾਂ ਨੂੰ ਵੀ ਬੇਹੱਦ ਅਫਸੋਸ ਹੈ ਪਰ ਉਨ੍ਹਾਂ ‘ਤੇ ਮ੍ਰਿਤਕ ਦੀ ਪਤਨੀ ਅਤੇ ਅਕਾਲੀ ਦਲ ਵਲੋਂ ਜਿਹੜੇ ਦੋਸ਼ ਲਾਏ ਗਏ ਹਨ, ਉਨ੍ਹਾਂ ‘ਚ ਕੋਈ ਸੱਚਾਈ ਨਹੀਂ ਹੈ। ਗੁਰਪ੍ਰੀਤ ਕਾਂਗੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਹੀ ਬੇਅਦਬੀ ਦੇ ਮਾਮਲੇ ਸਾਹਮਣੇ ਆਏ ਸਨ।
ਦੱਸ ਦੇਈਏ ਕਿ ਮ੍ਰਿਤਕ ਸੁਰਜੀਤ ਸਿੰਘ ਦੀ ਪਤਨੀ ਨੇ ਗੁਰਪ੍ਰੀਤ ਕਾਂਗੜ ਅਤੇ ਕੁਸ਼ਲਦੀਪ ਢਿੱਲੋਂ ‘ਤੇ ਸੁਰਜੀਤ ਸਿੰਘ ਨੂੰ ਤੰਗ-ਪਰੇਸ਼ਾਨ ਕਰਨ ਦੇ ਦੋਸ਼ ਲਾਏ ਸਨ ਅਤੇ ਨਾਲ ਹੀ ਕਿਹਾ ਸੀ ਕਿ ਇਸ ਕਾਰਨ ਸੁਰਜੀਤ ਸਿੰਘ ਪਰੇਸ਼ਾਨ ਰਹਿੰਦੇ ਹਨ। ਇਸ ਤੋਂ ਬਾਅਦ ਅਕਾਲੀ ਦਲ ਵਲੋਂ ਗੁਰਪ੍ਰੀਤ ਸਿੰਘ ਕਾਂਗੜ ਅਤੇ ਕੁਸ਼ਲਦੀਪ ਸਿੰਘ ਢਿੱਲੋਂ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਸੀ।