ਨਵੀਂ ਦਿੱਲੀ— ਚੀਨ ‘ਚ ਫੈਲਿਆ ਜਾਨਲੇਵਾ ਕੋਰੋਨਾ ਵਾਇਰਸ ਦੁਨੀਆ ਦੇ ਕਈ ਦੇਸ਼ਾਂ ‘ਚ ਦਸਤਕ ਦੇ ਰਿਹਾ ਹੈ। ਭਾਰਤ ਵਿਚ ਵੀ ਕੋਰੋਨਾ ਵਾਇਰਸ ਦੇ ਪਹਿਲੇ ਮਾਮਲੇ ਦੀ ਪੁਸ਼ਟੀ ਹੋ ਗਈ ਹੈ। ਚੀਨ ਦੇ ਸ਼ਹਿਰ ਵੁਹਾਨ ਤੋਂ ਕੇਰਲ ਪਰਤਿਆ ਵਿਦਿਆਰਥੀ ਕੋਰੋਨਾ ਵਾਇਰਸ ਨਾਲ ਇਨਫੈਕਟਡ ਹੈ। ਸਿਹਤ ਮੰਤਰਾਲੇ ਨੇ ਇਸ ਗੱਲ ਦੀ ਪੁਸ਼ਟੀ ਵੀ ਕਰ ਦਿੱਤੀ ਹੈ। ਸਿਹਤ ਮੰਤਰਾਲੇ ਨੇ ਦੱਸਿਆ ਕਿ ਚੀਨ ਦੀ ਵੁਹਾਨ ਯੂਨੀਵਰਸਿਟੀ ‘ਚ ਪੜ੍ਹਾਈ ਕਰਨ ਵਾਲੇ ਕੇਰਲ ਦਾ ਵਿਦਿਆਰਥੀ ਵਾਇਰਲ ਦੀ ਲਪੇਟ ‘ਚ ਹੈ। ਮੰਤਰਾਲੇ ਨੇ ਦੱਸਿਆ ਕਿ ਵਿਦਿਆਰਥੀ ਦੀ ਜਾਂਚ ਦੇ ਨਤੀਜੇ ਪੋਜੀਟਿਵ ਪਾਏ ਜਾਣ ਤੋਂ ਬਾਅਦ ਉਸ ਨੂੰ ਹਸਪਤਾਲ ‘ਚ ਭਰਤੀ ਕੀਤਾ ਗਿਆ ਹੈ। ਮਰੀਜ਼ ਦੀ ਹਾਲਤ ਸਥਿਰ ਹੈ ਅਤੇ ਉਸ ਦੀ ਸਿਹਤ ‘ਤੇ ਨਜ਼ਰ ਰੱਖੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਦੀ ਲਪੇਟ ‘ਚ ਚੀਨ ‘ਚ ਮਰਨ ਵਾਲਿਆਂ ਦੀ ਗਿਣਤੀ 170 ਪਹੁੰਚ ਗਈ ਹੈ, ਜਦਕਿ 7000 ਦੇ ਕਰੀਬ ਲੋਕ ਵਾਇਰਸ ਨਾਲ ਇਨਫੈਕਟਡ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ। ਵਿਸ਼ਵ ਸਿਹਤ ਸੰਗਠਨ ਨੇ ਦੁਨੀਆ ਦੇ ਸਾਰੇ ਦੇਸ਼ਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਨੂੰ ਰੋਕਣ ਲਈ ਤੁਰੰਤ ਪ੍ਰਭਾਵੀ ਕਦਮ ਚੁੱਕਣ। ਇਸ ਜਾਨਲੇਵਾ ਵਾਇਰਸ ਨੂੰ ਲੈ ਕੇ ਭਾਰਤ ਪੂਰੀ ਚੌਕਸੀ ਵਰਤ ਰਿਹਾ ਹੈ। ਗ੍ਰਹਿ ਮੰਤਰਾਲੇ ਨੇ ਕੱਲ ਭਾਵ ਵੀਰਵਾਰ ਨੂੰ 21 ਹਵਾਈ ਅੱਡਿਆਂ ‘ਤੇ ਅਲਰਟ ਜਾਰੀ ਕੀਤਾ ਹੈ ਅਤੇ ਆਪਣੇ ਨਾਗਰਿਕਾਂ ਨੂੰ ਚੀਨ ਨਾ ਜਾਣ ਦੀ ਸਲਾਹ ਦਿੱਤੀ ਹੈ।