ਨਵੀਂ ਦਿੱਲੀ—ਦੇਸ਼ ‘ਚ ਕੋਰੋਨਾਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਇਸ ਦੌਰਾਨ ਦਿੱਲੀ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੁਣ ਸਾਰੇ ਸ਼ਾਪਿੰਗ ਮਾਲ ਬੰਦ ਕਰਨ ਦਾ ਫੈਸਲਾ ਕੀਤਾ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦੇ ਹੋਏ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਕਿਰਾਨਾ ਦੁਕਾਨਾਂ, ਫਾਰਮੇਸੀ ਅਤੇ ਸਬਜ਼ੀਆਂ ਦੀਆਂ ਦੁਕਾਨਾਂ ਨੂੰ ਛੱਡ ਕੇ ਸਾਰੇ ਸ਼ਾਪਿੰਗ ਮਾਲ ਬੰਦ ਕਰਨ ਦਾ ਆਦੇਸ਼ ਦਿੱਤਾ ਹੈ।
ਇਸ ਤੋਂ ਪਹਿਲਾਂ ਦਿੱਲੀ ਸਰਕਾਰ ਨੇ ਸਾਰੇ ਪ੍ਰਾਈਵੇਟ ਸੈਕਟਰ ਦੀਆਂ ਕੰਪਨੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੇ ਕਰਮਚਾਰੀਆਂ ਨੂੰ ਘਰ ਤੋਂ ਕੰਮ ਕਰਨ ਦੀ ਇਜ਼ਾਜਤ ਦੇਣ। ਸਰਕਾਰ ਨੇ ਕਿਹਾ ਹੈ ਕਿ ਮਲਟੀਨੈਸ਼ਨਲ ਕੰਪਨੀ, ਆਈ.ਟੀ.ਆਈ ਕੰਪਨੀ, ਇੰਡਸਟਰੀਜ਼, ਕਾਰਪੋਰੇਟ ਦਫਤਰ ਜੋ ਵੀ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਹਨ, ਉਨ੍ਹਾਂ ਦੇ ਕਰਮਚਾਰੀਆਂ ਨੂੰ 31 ਮਾਰਚ ਤੱਕ ਘਰੋਂ ਕੰਮ ਕਰਨ ਦੀ ਆਗਿਆ ਦਿੱਤੀ ਜਾਵੇ। ਇਸ ਦੇ ਨਾਲ ਹੀ ਸਰਕਾਰ ਨੇ ਦਿੱਲੀ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਸਾਰੇ ਆਪਣੇ ਘਰ ਦੇ ਅੰਦਰ ਰਹਿਣ ਖਾਸ ਤੌਰ ‘ਤੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਘਰ ‘ਚ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਵੀਰਵਾਰ ਰਾਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਬੋਧਿਤ ਕਰਦੇ ਹੋਏ ਕਿਹਾ ਹੈ ਕਿ 22 ਮਾਰਚ ਨੂੰ ਸਵੇਰਸਾਰ 7 ਵਜੇ ਤੋਂ ਰਾਤ 9 ਵਜੇ ਤੱਕ ਕੋਈ ਵਿਅਕਤੀ ਆਪਣੇ ਘਰ ਤੋਂ ਬਾਹਰ ਨਾ ਨਿਕਲੇ। ਇਸ ਦਾ ਮਤਲਬ ਹੈ ਕਿ ਦੇਸ਼ ਦੇ ਹਰ ਇਕ ਮੈਂਬਰ ਨੇ ਕਰਫਿਊ ਵਰਗੀ ਸਥਿਤੀ ਪੈਦਾ ਕਰਨੀ ਹੈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਨੇ ਅਪੀਲ ਕੀਤੀ ਹੈ ਕਿ ਹਰ ਵਿਅਕਤੀ ਹਰ ਰੋਜ਼ ਘੱਟ ਤੋਂ ਘੱਟ 10 ਲੋਕਾਂ ਨੂੰ ਫੋਨ ਕਰ ਕੇ ਕੋਰੋਨਾ ਵਾਇਰਸ ਤੋਂ ਬਚਾਅ ਦੇ ਉਪਾਆਂ ਨੂੰ ਤਾਂ ਦੱਸਣਗੇ ਅਤੇ ਨਾਲ ਹੀ ਉਹ ਜਨਤਾ ਕਰਫਿਊ ਤੋਂ ਵੀ ਲੋਕਾਂ ਨੂੰ ਜਾਣੂ ਕਰਵਾਉਣਗੇ।