ਧਰਮਸ਼ਾਲਾ— ਹਿਮਾਚਲ ਪ੍ਰਦੇਸ਼ ਤੋਂ ਇਸ ਸਮੇਂ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲੇ ‘ਚ ਕੋਰੋਨਾ ਵਾਇਰਸ ਦੇ 8 ਸ਼ੱਕੀ ਕੇਸਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਿਨ੍ਹਾਂ ‘ਚ 7 ਲੋਕ ਕੋਰੋਨਾ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਸਨ। ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਇਹ ਜਾਣਕਾਰੀ ਦਿੱਤੀ ਹੈ।
ਜ਼ਿਲਾ ਡਿਪਟੀ ਕਮਿਸ਼ਨਰ ਰਾਕੇਸ਼ ਪ੍ਰਜਾਪਤੀ ਨੇ ਕਿਹਾ ਕਿ ਇਸ ਰਿਪੋਰਟ ਤੋਂ ਪ੍ਰਸ਼ਾਸਨ ਨੇ ਰਾਹਤ ਦਾ ਸਾਹ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਿਲਾ ਪ੍ਰਸ਼ਾਸਨ ਨੇ ਲੋਕਾਂ ਦੀ ਆਵਾਜਾਈ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ। ਸਰਹੱਦੀ ਖੇਤਰਾਂ ‘ਚ ਚੌਕਸੀ ਵਧਾਈ ਗਈ ਹੈ ਅਤੇ ਲੋਕਾਂ ਨੂੰ ਘਰਾਂ ‘ਚ ਹੀ ਰਹਿਣ ਦੀਆਂ ਹਿਦਾਇਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਖਾਣ-ਪੀਣ ਵਾਲੀਆਂ ਚੀਜ਼ਾਂ ਦੀ ਹੋਮ ਡਲਿਵਰੀ ਲਈ ਯੋਜਨਾ ਤਿਆਰ ਕੀਤੀ ਜਾ ਰਹੀ ਹੈ, ਤਾਂ ਕਿ ਘੱਟ ਤੋਂ ਘੱਟ ਲੋਕ ਜ਼ਰੂਰੀ ਚੀਜ਼ਾਂ ਹੀ ਖਰੀਦਣ ਲਈ ਘਰੋਂ ਬਾਹਰ ਨਿਕਲਣ। ਉਨ੍ਹਾਂ ਨੇ ਕਿਹਾ ਕਿ ਗਰੀਬ ਪਰਿਵਾਰਾਂ, ਮਜ਼ਦੂਰਾਂ ਨੂੰ ਵੀ ਰਾਸ਼ਨ ਉਪਲੱਬਧ ਕਰਾਉਣ ਲਈ ਕਦਮ ਚੁੱਕੇ ਜਾ ਰਹੇ ਹਨ।
ਓਧਰ ਸੀ. ਐੱਮ. ਠਾਕੁਰ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿਚ ਬੱਸਾਂ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਨਾਲ ਹੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ‘ਚ ਲਾਕ ਡਾਊਨ ਮੇਲਿਆਂ, ਤਿਉਹਾਰਾਂ ਅਤੇ ਖੇਡ ਟੂਰਨਾਮੈਂਟ ‘ਤੇ ਵੀ ਲਾਗੂ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ‘ਚ 613 ਲੋਕ ਇਸ ਸਮੇਂ ਨਿਗਰਾਨੀ ‘ਚ ਹਨ, ਜਿਨ੍ਹਾਂ ਨੇ ਕੋਵਿਡ-19 ਯਾਨੀ ਕਿ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਦੇਸ਼ਾਂ ਦਾ ਦੌਰਾ ਕੀਤਾ ਹੈ। ਜੈਰਾਮ ਨੇ ਇਹ ਵੀ ਕਿਹਾ ਕਿ ਨੋਡਲ ਅਧਿਕਾਰੀਆਂ ਵਲੋਂ ਸੂਬੇ ਅਤੇ ਜ਼ਿਲਾ ਪੱਧਰ ‘ਤੇ ਲੋਕਾਂ ਨੂੰ ਜਾਗਰੂਕ ਕਰਨ ਦਾ ਕੰਮ ਸੌਂਪਿਆ ਗਿਆ ਹੈ ਅਤੇ 104 ਹੈਲਪਲਾਈਨ ਨੰਬਰ ਸਰਗਰਮ ਹੈ। ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ‘ਚ ਕੋਰੋਨਾ ਦੇ 3 ਕੇਸ ਸਾਹਮਣੇ ਆ ਹਨ, ਜਿਨ੍ਹਾਂ ‘ਚੋਂ ਇਕ ਦੀ ਮੌਤ ਹੋ ਚੁੱਕੀ ਹੈ। ਦੱਸ ਦੇਈਏ ਕਿ ਭਾਰਤ ‘ਚ ਕੋਰੋਨਾ ਦੇ 1251 ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ‘ਚੋਂ 32 ਲੋਕਾਂ ਦੀ ਮੌਤ ਹੋ ਗਈ ਹੈ ਅਤੇ 100 ਦੇ ਕਰੀਬ ਲੋਕ ਠੀਕ ਵੀ ਹੋਏ ਹਨ।