Image Courtesy :jagbani(punjabkesar)

ਫਰੀਦਕੋਟ : ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਵੱਡੀ ਕਾਰਵਾਈ ਕਰਦੇ ਹੋਏ 7 ਡੇਰਾ ਪ੍ਰੇਮੀਆਂ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਖਬਰ ਪ੍ਰਾਪਤ ਹੋਈ ਹੈ। ਸੂਤਰਾਂ ਮੁਤਾਬਕ ਡੀ. ਆਈ. ਜੀ. ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ‘ਚ ਇਨ੍ਹਾਂ 7 ਡੇਰਾ ਪ੍ਰੇਮੀਆਂ ਨੂੰ ਗ੍ਰਿਫਤਾਰ ਕਰਨ ‘ਚ ਕਾਮਯਾਬੀ ਹਾਸਲ ਕੀਤੀ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉਕਤ 7 ਡੇਰਾ ਪ੍ਰੇਮੀਆਂ ਨੂੰ ਪੁਵਸ ਵੱਲੋਂ ਅੱਜ ਸਵੇਰੇ ਤੜਕੇ ਕਾਰਵਾਈ ਕਰਦਿਆਂ ਫਰੀਦਕੋਟ ਅਤੇ ਕੋਟਕਪੂਰਾ ਇਲਾਕਿਆਂ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਹਾਲਾਂਕਿ ਪੁਲਸ ਵੱਲੋਂ ਇਸ ਸੰਬੰਧੀ ਅਜੇ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਚੋਰੀ ਦਾ ਮਾਮਲਾ ਅਕਾਲੀ ਦਲ- ਭਾਜਪਾ ਸਰਕਾਰ ਦੇ ਕਾਰਜਕਾਲ ਸਮੇਂ 2015 ‘ਚ ਹੋਇਆ ਸੀ। ਇਸ ਮਾਮਲੇ ‘ਚ ਕਈ ਵਾਰ ਸਮੇਂ ਦੀਆਂ ਸਰਕਾਰਾਂ ਨੇ ਟੀਮਾਂ ਬਣਾਈਆਂ ਪਰ ਕੋਈ ਕਾਮਯਾਬੀ ਹਾਸਲ ਨਹੀਂ ਹੋਈ, ਜਿਸ ਕਰਕੇ ਇਹ ਸਮੁੱਚਾ ਮਾਮਲਾ ਸੀ. ਬੀ. ਆਈ. ਨੂੰ ਸੌਂਪ ਦਿੱਤਾ ਗਿਆ ਸੀ। ਪੰਜਾਬ ਸਰਕਾਰ ਨੇ ਮੁੜ ਤੋਂ ਇਹ ਕੇਸ ਵਾਪਸ ਲੈਣ ਉਪਰੰਤ ਡੀ. ਜੀ. ਪੀ. ਦੇ ਹੁਕਮਾਂ ‘ਤੇ ਸਿੱਟ ਦੇ ਮੁਖੀ ਡੀ. ਆਈ. ਜੀ ਰਣਬੀਰ ਸਿੰਘ ਖਟੜਾ ਆਈ.ਪੀ.ਐਸ. ਇਸ ਸਾਰੇ ਮਾਮਲੇ ਦੀ ਸ਼ੁਰੂ ਤੋਂ ਲੈ ਕੇ ਜਾਂਚ ਕਰ ਰਹੇ ਸਨ। ਸੂਤਰਾਂ ਅਨੁਸਾਰ ਇਨ੍ਹਾਂ 7 ਡੇਰਾ ਪ੍ਰੇਮੀਆਂ ਤੋਂ ਸਿੱਟ ਹੋਰ ਪੁੱਛਗਿੱਛ ਕਰ ਸਕਦੀ ਹੈ। ਫਿਲਹਾਲ ਗ੍ਰਿਫਤਾਰ ਕੀਤੇ ਗਏ ਇਨ੍ਹਾਂ ਦੋਸ਼ੀਆਂ ਨੂੰ ਅੱਜ ਅਦਾਲਤ ‘ਚ ਪੇਸ਼ ਕੀਤਾ ਜਾ ਸਕਦਾ ਹੈ।

News Credit :jagbani(punjabkesar)