ਫਤਹਿਗੜ੍ਹ ਸਾਹਿਬ : ਪੰਜਾਬ ‘ਚ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ ‘ਚ ਦਿਨ-ਬ-ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਤਾਜ਼ਾ ਮਾਮਲੇ ‘ਚ ਫਤਹਿਗੜ੍ਹ ਸਾਹਿਬ ‘ਚ ਅੱਜ 7 ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਅੱਜ ਸਾਹਮਣੇ ਆਏ ਪਾਜ਼ੇਟਿਵ ਕੇਸ 4 ਮੰਡੀ ਗੋਬਿੰਦਗੜ੍ਹ, 1 ਬ੍ਰਾਹਮਣ ਮਾਜਰਾ ਅਤੇ 2 ਪਿੰਡ ਰੰਧਾਵਾ ਨਾਲ ਸਬੰਧਤ ਹਨ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ. ਐੱਨ. ਕੇ. ਅਗਰਵਾਲ ਨੇ ਕੀਤੀ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਫਤਹਿਗੜ੍ਹ ਸਾਹਿਬ ‘ਚ ਕੁੱਲ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ 265 ਹੋ ਗਈ ਹੈ ਜਦੋਂਕਿ ਜ਼ਿਲ੍ਹੇ ‘ਚ 74 ਐਕਟਿਵ ਕੇਸ ਹਨ। ਇੱਥੇ ਰਾਹਤ ਦੀ ਗੱਲ ਇਹ ਹੈ ਕਿ ਜ਼ਿਲ੍ਹੇ ‘ਚ 182 ਮਰੀਜ਼ ਕੋਰੋਨਾ ਨੂੰ ਮਾਤ ਦੇ ਘਰਾਂ ਨੂੰ ਜਾ ਚੁੱਕੇ ਹਨ ਜਦੋਂਕਿ 2 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਵੀ ਹੋ ਗਈ ਹੈ।
ਬਿਨਾਂ ਵਜ੍ਹਾ ਅਤੇ ਬਿਨਾਂ ਮਾਸਕ ਘਰੋਂ ਬਾਹਰ ਨਿਕਲਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ : ਡੀ. ਸੀ.
ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਕਿਹਾ ਹੈ ਕਿ ਲੋਕ ਕੋਰੋਨਾ ਲਾਗ ਦੀ ਬੀਮਾਰੀ (ਮਹਾਮਾਰੀ) ਨੂੰ ਹਲਕੇ ਵਿਚ ਨਾ ਲੈਣ ਅਤੇ ਇਸ ਮਹਾਮਾਰੀ ਤੋਂ ਬਚਾਅ ਲਈ ਆਪਣੇ ਘਰਾਂ ਵਿਚ ਹੀ ਰਹਿਣ ਨੂੰ ਤਰਜ਼ੀਹ ਦੇਣ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਸਿਹਤ ਮਹਿਕਮੇ ਵੱਲੋਂ ਦੱਸੀਆਂ ਗਈਆਂ ਸਾਵਧਾਨੀਆਂ ਨੂੰ ਅਣਗੌਲਿਆਂ ਕਰਨ ਕਾਰਣ ਇਹ ਬੀਮਾਰੀ ਵਧ ਰਹੀ ਹੈ। ਇਸ ਲਈ ਆਮ ਲੋਕਾਂ ਨੂੰ ਅਪੀਲ ਹੈ ਕਿ ਉਹ ਘਰੋਂ ਬਾਹਰ ਨਿਕਲਣ ਸਮੇਂ ਆਪਣਾ ਮੂੰਹ ਰੁਮਾਲ ਜਾਂ ਮਾਸਕ ਨਾਲ ਜ਼ਰੂਰ ਢਕ ਕੇ ਰੱਖਣ ਕਿਉਂਕਿ ਬਿਨਾਂ ਮੂੰਹ ਢੱਕਿਆਂ ਘਰੋਂ ਬਾਹਰ ਨਿਕਲਣਾ ਕੋਰੋਨਾ ਮਹਾਮਾਰੀ ਨੂੰ ਸੱਦਾ ਦੇਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਬਿਨਾਂ ਮਾਸਕ ਅਤੇ ਬਿਨਾਂ ਵਜ੍ਹਾ ਘਰੋਂ ਬਾਹਰ ਨਿਕਲਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਭ ਤੋਂ ਜ਼ਰੂਰੀ ਇਕ-ਦੂਜੇ ਨਾਲ ਘੱਟ ਤੋਂ ਘੱਟ 6 ਫੁੱਟ ਦੀ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ। ਇਨ੍ਹਾਂ ਸਾਵਧਾਨੀਆਂ ਨੂੰ ਅਪਣਾ ਕੇ ਹੀ ਅਸੀਂ ਕੋਰੋਨਾ ਮਹਾਮਾਰੀ ਨੂੰ ਮਾਤ ਦੇ ਸਕਦੇ ਹਾਂ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ ਪਰ ਉਹ ਤਾਂ ਹੀ ਸਫਲ ਹੋ ਸਕਦੇ ਹਨ ਜੇਕਰ ਇਨ੍ਹਾਂ ਉਪਰਾਲਿਆਂ ਨੂੰ ਲੋਕਾਂ ਦਾ ਵੱਧ ਤੋਂ ਵੱਧ ਸਹਿਯੋਗ ਹਾਸਲ ਹੋਵੇ। ਇਸ ਲਈ ਸਮੂਹ ਜ਼ਿਲਾ ਵਾਸੀ ਇਸ ਮਹਾਮਾਰੀ ਤੋਂ ਬਚਾਅ ਲਈ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਜਾਰੀ ਕੀਤੀਆਂ ਐਡਵਾਈਜ਼ਰੀਆਂ ਦੀ ਹਰ ਹਾਲਤ ਵਿਚ ਪਾਲਣਾ ਕਰਨ, ਤਾਂ ਜੋ ਇਸ ਮਹਾਮਾਰੀ ਦਾ ਖਾਤਮਾ ਕੀਤਾ ਜਾ ਸਕੇ।।
News Credit :jagbani(punjabkesar)