Image Courtesy :jagbani(punjabkesar)

ਪਟਿਆਲਾ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਜੇਕਰ ਕਾਂਗਰਸ ਸਰਕਾਰ ਨੇ ਗੁਰਦੁਆਰਾ ਸ੍ਰੀ ਅਰਦਾਸਪੁਰਾ ਸਾਹਿਬ ਪਿੰਡ ਕਲਿਆਣ ਤੋਂ ਚੋਰੀ ਹੋਏ ਪੁਰਾਤਨ ਸਰੂਪ ਨੂੰ ਲੱਭਣ ‘ਚ ਦੇਰੀ ਕੀਤੀ ਤਾਂ ਅਕਾਲੀ ਦਲ ਸਰਕਾਰ ਦੀ ਇੱਟ ਨਾਲ ਇੱਟ ਵਜਾ ਦੇਵੇਗਾ। ਉਹ ਹਲਕਾ ਘਨੌਰ ਦੀ ਮੁੱਖ ਸੇਵਾਦਾਰ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਮਾਮਲੇ ‘ਚ ਸਰਕਾਰ ਨੂੰ 18 ਅਗਸਤ ਤੱਕ ਦਾ ਅਲਟੀਮੇਟਮ ਦਿੱਤਾ ਹੋਇਆ ਹੈ।
ਇਸ ਤੋਂ ਬਾਅਦ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ ਅਤੇ ਜਿਸ ‘ਚ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੈਰਾਨ ਕਰਨ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਦੇ ਘਰ ਤੋਂ ਕੁਝ ਦੂਰੀ ‘ਤੇ ਐਨੀ ਵੱਡੀ ਗੱਲ ਹੋ ਗਈ ਹੈ, ਉਹ ਇਕ ਸ਼ਬਦ ਨਹੀਂ ਬੋਲ ਰਹੇ। ਇਸ ਮਾਮਲੇ ‘ਚ ਪੁਲਸ ਦੀ ਕਾਰਗੁਜ਼ਾਰੀ ਵੀ ਸ਼ੱਕੀ ਹੈ। ਪੁਲਸ ਸਿਰਫ ਗੱਲਾਂ ਕਰਕੇ ਮਾਮਲੇ ਨੂੰ ਟਾਲ ਰਹੀ ਹੈ।ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜੇਕਰ ਜ਼ਹਿਰੀਲੀ ਸ਼ਰਾਬ ਦੀ ਅੱਜ ਵੀ ਸੀ. ਬੀ. ਆਈ. ਜਾਂਚ ਹੋ ਜਾਵੇ ਤਾਂ ਕੈਪਟਨ ਅਮਰਿੰਦਰ ਸਿੰਘ ਦੀ ਅੱਧੀ ਤੋਂ ਜ਼ਿਆਦਾ ਕੈਬਨਿਟ ਜੇਲ ਦੀਆਂ ਸਲਾਖਾਂ ਪਿੱਛੇ ਹੋਵੇਗੀ ਕਿਉਂਕਿ ਕਿ ਸਰਕਾਰ ਵਿਧਾਇਕ ਖੁਦ ਸ਼ਰਾਬ ਸਮੱਗਲਰਾਂ ਦੀ ਪੁਸ਼ਤਪਨਾਹੀ ਕਰ ਰਹੇ ਹਨ।
ਸਾਢੇ ਤਿੰਨ ਸਾਲ ਤੋਂ ਬੀਬੀ ਮੁਖਮੈਲਪੁਰ ਨਸ਼ੇ ਦੇ ਸੌਦਾਗਰਾਂ ਖਿਲਾਫ ਲੜ ਰਹੀ ਜੰਗ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਲਕਾ ਘਨੌਰ ਦੀ ਮੁੱਖ ਸੇਵਾਦਾਰ ਅਤੇ ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਨੇ ਇੱਕ ਦਲੇਰ ਆਗੂ ਦੀ ਤਰ੍ਹਾਂ ਪਿਛਲੇ ਸਾਢੇ ਤਿੰਨ ਸਾਲ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਨਸ਼ੇ ਸੌਦਾਗਰਾਂ ਖਿਲਾਫ ਲੜਾਈ ਲੜੀ ਹੈ ਅਤੇ ਕਦੇ ਨਹੀਂ ਡੋਲੇ। ਉਨ੍ਹਾਂ ਕਿਹਾ ਕਿ ਹਲਕਾ ਘਨੌਰ ‘ਚ ਅਕਾਲੀ ਵਰਕਰਾਂ ਅਤੇ ਆਮ ਲੋਕਾਂ ਨੇ ਜਿਹੜੇ ਪਿਛਲੇ ਸਾਢੇ ਤਿੰਨ ਸਾਲ ਤੋਂ ਕਾਂਗਰਸ ਸਰਕਾਰ ਦੀ ਧੱਕੇਸ਼ਾਹੀ ਦਾ ਸੰਤਾਪ ਭੁਗਤਿਆ ਹੈ, ਉਸ ਦਾ ਹਿਸਾਬ ਲਿਆ ਜਾਵੇਗਾ ਅਤੇ ਸਾਰੇ ਦਰਜ ਕੀਤੇ ਗਏ ਝੂਠੇ ਕੇਸ ਵਾਪਸ ਕਰਵਾਏ ਜਾਣਗੇ। ਉਨ੍ਹਾਂ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਨੂੰ ਕਿਹਾ ਕਿ ਉਹ ਆਪਣੀ ਲੜਾਈ ਜਾਰੀ ਰੱਖਣ ਅਤੇ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਉਨ੍ਹਾਂ ਦੇ ਨਾਲ ਚੱਟਾਨ ਵਾਂਗ ਖੜੀ ਹੈ।
News Credit :jagbani(punjabkesar)