Image Courtesy :jagbani(punjabkesar)

ਮੁਹਾਲੀ : ਸੂਬੇ ਦੀ ਅਰਥਵਿਵਸਥਾ ਨੂੰ ਮੁੜ ਵਿਕਾਸ ਦੀ ਲੀਹ ‘ਤੇ ਲਿਆਉਣ ਤੱਕ ਅਰਾਮ ਨਾ ਕਰਨ ਦਾ ਸੰਕਲਪ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਲੋਕਾਂ ਦੀ ਭਲਾਈ ਵਾਲੀਆਂ ਕਈ ਯੋਜਨਾਵਾਂ ਦਾ ਐਲਾਨ ਕੀਤਾ।
ਦੋ ਸਾਲਾਂ ‘ਚ 6 ਲੱਖ ਨੌਜਵਾਨਾਂ ਨੂੰ ਦਿੱਤੀਆਂ ਜਾਣਗੀਆਂ ਨੌਕਰੀਆਂ
ਸਰਕਾਰੀ ਖੇਤਰ ‘ਚ ਇਕ ਲੱਖ ਨੌਕਰੀਆਂ ਸਣੇ ਕੁੱਲ 6 ਲੱਖ ਨੌਜਵਾਨਾਂ ਨੂੰ ਆਉਂਦੇ ਦੋ ਸਾਲਾਂ ‘ਚ ਨੌਕਰੀਆਂ ਦਿੱਤੀਆਂ ਜਾਣਗੀਆਂ। ਆਜ਼ਾਦੀ ਦਿਹਾੜੇ ਦੇ ਭਾਸ਼ਣ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 50,000 ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਵਿੱਤੀ ਸਾਲ 2021 ਅਤੇ ਹੋਰ 50,000 ਨੌਕਰੀਆਂ ਵਿੱਤੀ ਸਾਲ 2022 ਦੌਰਾਨ ਦਿੱਤੀਆਂ ਜਾਣਗੀਆਂ। ਉਨ੍ਹਾਂ ਪ੍ਰਾਈਵੇਟ ਖੇਤਰ ‘ਚ 50,000 ਨੌਜਵਾਨਾਂ ਦੀ ਪਲੇਸਮੈਂਟ ਦੇ ਟੀਚੇ ਨਾਲ ਅਗਲੇ ਮਹੀਨੇ ਵਰਚੁਅਲ ਮੈਗਾ ਜੌਬ ਮੇਲੇ ਦਾ ਵੀ ਐਲਾਨ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਸ਼ੁਰੂ ਕੀਤੀ ਅਹਿਮ ਯੋਜਨਾ ‘ਘਰ ਘਰ ਰੋਜ਼ਗਾਰ ਸਕੀਮ’ ਤਹਿਤ ਹੁਣ ਤੱਕ 13.60 ਲੱਖ ਨੌਜਵਾਨਾਂ ਨੂੰ ਰੋਜ਼ਗਾਰ/ਸਵੈ-ਰੋਜ਼ਗਾਰ ਮੁਹੱਈਆ ਕਰਵਾਇਆ ਜਾ ਚੁੱਕਾ ਹੈ। ਉਦਯੋਗਾਂ ਨੂੰ ਸੂਬੇ ‘ਚ ਨਿਵੇਸ਼ ਕਰਨ ਲਈ ਪ੍ਰੋਤਸਾਹਨ ਦੇਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਹੁਣ ਤੱਕ 63000 ਕਰੋੜ ਰੁਪਏ ਦਾ ਨਿਵੇਸ਼ ਜ਼ਮੀਨੀ ਪੱਧਰ ‘ਤੇ ਹੋ ਚੁੱਕਾ ਹੈ, ਜਿਸ ਨਾਲ ਸੂਬੇ ‘ਚ ਦੋ ਲੱਖ ਨੌਜਵਾਨਾਂ ਨੂੰ ਰੋਜ਼ਗਾਰ ਦੀ ਸਮਰੱਥਾ ਹੈ।
ਕਿਸਾਨਾਂ ਦਾ 520 ਕਰੋੜ ਦਾ ਕਰਜ਼ਾ ਕੀਤਾ ਜਾਵੇਗਾ ਮੁਆਫ਼
ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਕੁਝ ਮਹੀਨਿਆਂ ‘ਚ ਉਨ੍ਹਾਂ ਦੀ ਸਰਕਾਰ ਬੇਜ਼ਮੀਨੇ ਕਿਸਾਨਾਂ ਤੇ ਕਿਰਤੀਆਂ ਦਾ 520 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਰਜ਼ਾ ਮੁਆਫ਼ੀ ਸਕੀਮ ਤਹਿਤ ਹੁਣ ਤੱਕ 5.62 ਲੱਖ ਕਿਸਾਨਾਂ ਦਾ 4700 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਜਲਦੀ ਹੀ ਕਿਸਾਨਾਂ ਦੀ ਮਾਲਕੀ ਵਾਲੀ ਜ਼ਮੀਨ ਦੀ ਰੱਖਿਆ ਅਤੇ ਖੇਤੀਬਾੜੀ ਜ਼ਮੀਨ ਉਤੇ ਕਿਰਾਏਦਾਰਾਂ ਦੇ ਅਧਿਕਾਰਾਂ ਸਬੰਧੀ ਨਵਾਂ ਲੈਂਡ ਲੀਜਿੰਗ ਕਾਨੂੰਨ ਲੈ ਕੇ ਆ ਰਹੀ ਹੈ।
ਸਮਾਰਟ ਰਾਸ਼ਨ ਕਾਰਡ ਨਾਲ 1.41 ਕਰੋੜ ਲੋਕਾਂ ਨੂੰ ਮਿਲੇਗਾ ਲਾਭ
ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਜਲਦ ਹੀ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਸ਼ੁਰੂ ਹੋ ਜਾਣ ਨਾਲ 1.41 ਕਰੋੜ ਲੋਕਾਂ ਨੂੰ ਫਾਇਦਾ ਮਿਲੇਗਾ ਜੋ ਵਾਜਬ ਕੀਮਤਾਂ ਦੀਆਂ ਦੁਕਾਨਾਂ ਤੋਂ ਰਾਸ਼ਨ ਲੈਣ ਦੇ ਯੋਗ ਹੋਣਗੇ।
12000 ਕਰੋੜ ਦੀ ਲਾਗਤ ਨਾਲ ਸੂਬਾਈ ਤੇ ਕੌਮੀ ਸੜਕਾਂ ਬਣਾਈਆਂ ਜਾਣਗੀਆਂ
ਸੂਬੇ ਦੇ ਬੁਨਿਆਦੀ ਢਾਂਚੇ ਨੂੰ ਹੋਰ ਅੱਗੇ ਹੁਲਾਰਾ ਦੇਣ ਲਈ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਅਗਲੇ ਦੋ ਸਾਲਾਂ ਵਿੱਚ 12000 ਕਰੋੜ ਰੁਪਏ ਦੀ ਲਾਗਤ ਨਾਲ 1300 ਕਿਲੋਮੀਟਰ ਦੀਆਂ ਸੂਬਾਈ ਤੇ ਕੌਮੀ ਸੜਕਾਂ ਬਣਾਈਆਂ ਜਾਣਗੀਆਂ। ਇਸ ਦੇ ਨਾਲ ਹੀ ਪਿਛਲੇ ਤਿੰਨ ਸਾਲਾਂ ‘ਚ 3278 ਕਰੋੜ ਰੁਪਏ ਦੀ ਲਾਗਤ ਨਾਲ 28830 ਕਿਲੋਮੀਟਰ ਪੇਂਡੂ ਸੜਕਾਂ ਦਾ ਪਹਿਲਾਂ ਹੀ ਮੁਰੰਮਤ ਹੋ ਚੁੱਕੀ ਹੈ। ਅਗਲੇ ਦੋ ਸਾਲਾਂ ‘ਚ 834 ਕਰੋੜ ਰੁਪਏ ਦੇ ਨਿਵੇਸ਼ ਨਾਲ 6162 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਹੋਵੇਗੀ। ਇਸ ਤੋਂ ਇਲਾਵਾ 82 ਕਰੋੜ ਰੁਪਏ ਦੀ ਲਾਗਤ ਨਾਲ ਹੋਰ 17000 ਕਿਲੋਮੀਟਰ ਲਿੰਕ ਸੜਕਾਂ ਦੀ ਰਿਪੇਅਰ ਕੀਤੀ ਜਾਵੇਗੀ।
750 ਪੇਂਡੂ ਖੇਡ ਸਟੇਡੀਅਮ ਬਣਾਉਣ ਤੇ ਸਾਰੇ ਪੇਂਡੂ ਪਰਿਵਾਰਾਂ ਨੂੰ ਪੀਣਯੋਗ ਪਾਣੀ ਦੇਣ ਦਾ ਕੀਤਾ ਐਲਾਨ
ਪੰਜਾਬ ਦੀ ਖੇਡ ਖੇਤਰ ‘ਚ ਗੁਆਚੀ ਹੋਈ ਸ਼ਾਨ ਮੁੜ ਬਹਾਲ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਦੋ ਸਾਲਾਂ ‘ਚ ਸੂਬੇ ਭਰ ‘ਚ 750 ਪੇਂਡੂ ਖੇਡ ਸਟੇਡੀਅਮ ਬਣਾਏ ਜਾਣਗੇ। ਉਨ੍ਹਾਂ ਅਗਲੇ ਦੋ ਸਾਲਾਂ ਲਈ 2500 ਕਰੋੜ ਰੁਪਏ ਦੇ ਨਿਵੇਸ਼ ਵਾਲੀ ਸਮਾਰਟ ਪੇਂਡੂ ਮੁਹਿੰਮ ਦੇ ਦੂਜੇ ਪੜਾਅ ਦਾ ਐਲਾਨ ਕੀਤਾ। ਇਸ ਯੋਜਨਾ ਦੇ ਪਹਿਲੇ ਪੜਾਅ ‘ਚ 835 ਕਰੋੜ ਰੁਪਏ ਦੀ ਲਾਗਤ ਨਾਲ ਪਿੰਡਾਂ ‘ਚ 19132 ਕੰਮ ਮੁਕੰਮਲ ਹੋ ਚੁੱਕੇ ਹਨ। ਸਾਰੀ ਪੇਂਡੂ ਵਸੋਂ ਨੂੰ ਅਗਲੇ ਦੋ ਸਾਲਾਂ ਅੰਦਰ ਪੀਣ ਯੋਗ ਪਾਣੀ ਮਿਲੇਗਾ, ਜਿਸ ਉਪਰ 1200 ਕਰੋੜ ਰੁਪਏ ਖਰਚੇ ਜਾਣਗੇ।
ਸਿਹਤ ਬੀਮਾ ਯੋਜਨਾ ਦਾ ਵਧਿਆ ਜਾਵੇਗਾ ਦਾਇਰਾ
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਗਲੇ ਦੋ ਸਾਲਾਂ ‘ਚ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਉਤੇ 1046 ਕਰੋੜ ਰੁਪਏ ਖਰਚੇ ਜਾਣਗੇ ਜਦੋਂ ਕਿ ਸੂਬੇ ਦੇ ਸਾਰੇ ਪੇਂਡੂ ਤੇ ਸ਼ਹਿਰੀ ਪਰਿਵਾਰਾਂ ਨੂੰ 5 ਲੱਖ ਰੁਪਏ ਸਿਹਤ ਬੀਮਾ ਮੁਹੱਈਆ ਕਰਵਾਉਣ ਲਈ ਸਰਬੱਤ ਸਿਹਤ ਬੀਮਾ ਯੋਜਨਾ ਦਾ ਦਾਇਰਾ ਵਧਾਇਆ ਜਾਵੇਗਾ। ਔਰਤਾਂ ਦੇ ਸਮਾਜਿਕ ਤੇ ਆਰਥਿਕ ਸ਼ਸਕਤੀਕਰਨ ਦੇ ਟੀਚੇ ਨਾਲ ਮੁੱਖ ਮੰਤਰੀ ਨੇ ਕਿਹਾ ਕਿ ਮਾਤਾ ਤ੍ਰਿਪਤਾ ਮਹਿਲਾ ਯੋਜਨਾ ਤੇ ਮਾਤਾ ਕਸਤੂਰਬਾ ਮਹਿਲਾ ਯੋਜਨਾ ਉਤੇ ਕੰਮ ਚੱਲ ਰਿਹਾ ਹੈ ਜੋ ਕਿ ਜਲਦ ਹੀ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਿਵਿਆਂਗ ਲੋਕਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤੀ ਪ੍ਰਦਾਨ ਕਰਨ ਲਈ ਜਲਦ ਹੀ ਸਕੀਮ ਨੂੰ ਅੰਤਿਮ ਰੂਪ ਦੇ ਰਹੀ ਹੈ।
ਕੋਰੋਨਾ ਸੰਕਟ ਕਾਰਨ ਆਈ ਆਰਥਿਕ ਮੰਦੀ
ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਕਰਕੇ ਆਈ ਆਰਥਿਕ ਮੰਦੀ, ਜਿਸ ਦੇ ਚੱਲਦਿਆਂ ਮੌਜੂਦਾ ਸਾਲ ਦੀ ਪਹਿਲੀ ਤਿਮਾਹੀ ‘ਚ 50 ਫ਼ੀਸਦੀ ਮਾਲੀਆ ਘਟ ਗਿਆ ਹੈ, ਦੇ ਬਾਵਜੂਦ ਸੂਬਾ ਸਰਕਾਰ ਇਸ ਸੰਕਟ ਨਾਲ ਨਜਿੱਠਣ ਲਈ ਸਫਲਤਾਪੂਰਵਕ ਪਹਿਲਕਦਮੀਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਸੁਚਾਰੂ ਤੇ ਨਿਰਵਿਘਨ ਖਰੀਦ ਯਕੀਨੀ ਬਣਾਉਣ ਨਾਲ ਕਿਸਾਨੀ ਭਾਈਚਾਰੇ ਨੂੰ 26000 ਕਰੋੜ ਰੁਪਏ ਦੀ ਸਹਾਇਤਾ ਪ੍ਰਾਪਤ ਹੋਈ।
1.74 ਲੱਖ ਵਿਦਿਆਰਥੀਆਂ ਨੂੰ ਦਿੱਤੇ ਜਾ ਰਹੇ ਨੇ ਸਮਾਰਟ ਫੋਨ
ਆਨਲਾਈਨ ਸਿੱਖਿਆ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਬਾਰ•ਵੀਂ ਦੇ 1.74 ਲੱਖ ਵਿਦਿਆਰਥੀਆਂ ਨੂੰ ਇਸ ਸਾਲ ਸਮਰਾਟ ਫੋਨ ਦਿੱਤੇ ਜਾ ਰਹੇ ਹਨ ਜੋ ਉਨ੍ਹਾਂ ਲਈ ਸਿੱਖਿਆ ਹਾਸਲ ਕਰਨ ‘ਚ ਸਹਾਈ ਸਿੱਧ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਾਂ ਨੂੰ ਟੈਕਸ ‘ਚ ਰਾਹਤਾਂ ਤੇ ਛੋਟਾਂ ਦੇਣ ਤੋਂ ਇਲਾਵਾ ਵਿਅਕਤੀਗਤ ਵਲੋਂ ਦਿੱਤੀਆਂ ਜਾਣ ਵਾਲੀਆਂ ਫੀਸਾਂ, ਟੈਕਸਾਂ ਤੇ ਕਰਜ਼ਿਆਂ ਦਾ ਕਾਫੀ ਕੁਝ ਮੁਆਫ਼ ਕੀਤਾ ਗਿਆ ਅਤੇ ਕੁਝ ਨੂੰ ਅੱਗੇ ਪਾਉਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗਰੀਬਾਂ ਤੇ ਜ਼ਰੂਰਤਮੰਦਾਂ ਦੀ ਸਹਾਇਤਾ ਯਕੀਨੀ ਬਣਾਉਣ ਲਈ ਸਮੇਂ ਸਿਰ ਪੈਨਸ਼ਨ ਦਿੱਤੀ ਜਾ ਰਹੀ ਹੈ।
ਕੋਰੋਨਾ ਸੰਕਟ ‘ਚ ਬਜ਼ੁਰਗਾਂ ਦਾ ਰੱਖੋਂ ਖ਼ਾਸ ਧਿਆਨ
ਇਸ ਗੱਲ ਉਤੇ ਪੂਰਨ ਭਰੋਸਾ ਕਰਦਿਆਂ ਕਿ ਕੋਵਿਡ ਮਹਾਂਮਾਰੀ ਉਤੇ ਪੰਜਾਬ ਜ਼ਰੂਰ ਫਤਿਹ ਪਾਵੇਗਾ, ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਕਟ ਖਿਲਾਫ਼ ਲੜਾਈ ‘ਚ ਉਨ੍ਹਾਂ ਦੀ ਸਰਕਾਰ ਨੂੰ ਖੁੱਲ੍ਹੇ ਦਿਲ ਨਾਲ ਸਹਿਯੋਗ ਕਰਨ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਬਜ਼ੁਰਗਾਂ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ ਅਤੇ ਸਾਰੇ ਪ੍ਰੋਟੋਕਾਲ ਦੀ ਪਾਲਣਾ ਕਰਦੇ ਹੋਏ ਵੱਡੇ ਇਕੱਠਾਂ ਤੋਂ ਗੁਰੇਜ਼ ਕੀਤਾ ਜਾਵੇ। ਇਸ ਦੇ ਨਾਲ ਹੀ ਮਾਸਕ ਦੀ ਵਰਤੋਂ ਕੀਤੀ ਜਾਵੇ ਅਤੇ ਨਿਰੰਤਰ ਹੱਥ ਧੋਂਦੇ ਰਹਿਣ। ਜਦੋਂ ਵੀ ਉਨ੍ਹਾਂ ਨੂੰ ਕੋਈ ਲੱਛਣ ਮਹਿਸੂਸ ਹੋਵੇ ਤਾਂ ਤੁਰੰਤ ਟੈਸਟ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਮਹਾਮਾਰੀ ਖਿਲਾਫ਼ ਫਤਹਿ ਹਾਸਲ ਕਰਨ ਲਈ ਜਲਦੀ ਟੈਸਟ ਕਰਵਾਉਣਾ ਬਹੁਤ ਜ਼ਰੂਰੀ ਹੈ।
News Credit :jagbani(punjabkesar)