Image Courtesy :jagbani(punjabkesari)

ਚੰਡੀਗੜ੍ਹ : ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਸੁਪਰੀਮ ਕੋਰਟ ਵੱਲੋਂ ਮੰਗਲਵਾਰ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਸੁਮੇਧ ਸਿੰਘ ਸੈਣੀ ਦੀ ਗ੍ਰਿਫ਼ਤਾਰੀ ‘ਤੇ ਰੋਕ ਲਾ ਦਿੱਤੀ ਹੈ ਅਤੇ ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ।
ਇਸ ਤੋਂ ਪਹਿਲਾਂ ਵਿਸ਼ੇਸ਼ ਜਾਂਚ ਟੀਮ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਸੀ। ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਰੱਦ ਹੋਣ ਤੋਂ ਬਾਅਦ ਸੁਮੇਧ ਸਿੰਘ ਸੈਣੀ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ, ਜਿਸ ਤੋਂ ਬਾਅਦ ਅਦਾਲਤ ਨੇ ਸੁਮੇਧ ਸਿੰਘ ਸੈਣੀ ਦੀ ਗ੍ਰਿਫ਼ਤਾਰੀ ‘ਤੇ ਰੋਕ ਲਾ ਦਿੱਤੀ ਹੈ।
29 ਸਾਲ ਪੁਰਾਣਾ ਹੈ ਮਾਮਲਾ
ਇਹ ਮਾਮਲਾ 29 ਸਾਲ ਪੁਰਾਣਾ ਹੈ। ਜਦੋਂ ਸਾਬਕਾ ਡੀ. ਜੀ. ਪੀ. ਸੈਣੀ ਚੰਡੀਗੜ੍ਹ ਦੇ ਐਸ. ਐਸ. ਪੀ. ਸਨ। ਇਸ ਦੌਰਾਨ ਉਨ੍ਹਾਂ ‘ਤੇ ਅੱਤਵਾਦੀ ਹਮਲਾ ਹੋਇਆ ਸੀ, ਜਿਸ ‘ਚ ਉਹ ਬਚ ਗਏ ਸਨ, ਜਦੋਂ ਕਿ ਉਨ੍ਹਾਂ ਦੇ ਤਿੰਨ ਗੰਨਮੈਨ ਮਾਰੇ ਗਏ ਸਨ।
ਉਨ੍ਹਾਂ ‘ਤੇ ਦੋਸ਼ ਹੈ ਕਿ ਇਸ ਤੋਂ ਬਾਅਦ ਸੈਣੀ ਨੇ ਮੋਹਾਲੀ ਤੋਂ ਬਲਵੰਤ ਸਿੰਘ ਮੁਲਤਾਨੀ ਨੂੰ ਘਰੋਂ ਜ਼ਬਰਦਸਤੀ ਚੁੱਕਿਆ ਸੀ, ਜਿਸ ਤੋਂ ਬਾਅਦ ਉਹ ਭੇਤਭਰੇ ਹਾਲਾਤ ‘ਚ ਲਾਪਤਾ ਹੋ ਗਿਆ ਸੀ।
News Credit :jagbani(punjabkesari)