Image Courtesy :jagbani(punjabkesari)

ਨਵੀਂ ਦਿੱਲੀ- ਸਾਬਕਾ ਕੇਂਦਰੀ ਮੰਤਰੀ ਤੇ ਭਾਜਪਾ ਦੇ ਦਿੱਗਜ ਨੇਤਾ ਰਹੇ ਜਸਵੰਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ 82 ਸਾਲ ਦੇ ਸਨ। ਉਨ੍ਹਾਂ ਦੇ ਦਿਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਸਾਂਝਾ ਕੀਤਾ ਹੈ।
ਪੀ. ਐੱਮ. ਨੇ ਟਵੀਟ ਕਰਕੇ ਕਿਹਾ ਕਿ ਜਸਵੰਤ ਸਿੰਘ ਨੂੰ ਉਨ੍ਹਾਂ ਦੀ ਸਮਝਦਾਰੀ ਤੇ ਦੇਸ਼ ਦੀ ਸੇਵਾ ਲਈ ਯਾਦ ਕੀਤਾ ਜਾਵੇਗਾ। ਗੌਰਤਲਬ ਹੈ ਕਿ ਅਟਲ ਬਿਹਾਰੀ ਵਾਜਪਈ ਸਰਕਾਰ ਸਮੇਂ ਮੰਤਰੀ ਰਹੇ ਜਸਵੰਤ ਸਿੰਘ ਪਿਛਲੇ ਲੰਮੇ ਸਮੇਂ ਤੋਂ ਬੀਮਾਰ ਸਨ। ਸਾਬਕਾ ਰੱਖਿਆ ਮੰਤਰੀ ਜਸਵੰਤ ਸਿੰਘ ਦਾ ਐਤਵਾਰ ਨੂੰ 82 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਸਿੰਘ ਭਾਰਤੀ ਫੌਜ ਅਧਿਕਾਰੀ ਵੀ ਰਹੇ ਸਨ। ਉਨ੍ਹਾਂ ਨੇ ਲੰਮਾ ਸਮਾਂ ਅਟਲ ਬਿਹਾਰੀ ਵਾਜਪਾਈ ਦੇ ਮੰਤਰੀ ਮੰਡਲ ਵਿਚ ਸੇਵਾ ਨਿਭਾਈ। 1998 ਤੋਂ 2004 ਵਿਚਕਾਰ ਅਟਲ ਬਿਹਾਰੀ ਵਾਜਪਾਈ ਮੰਤਰੀ ਮੰਡਲ ਵਿਚ ਉਨ੍ਹਾਂ ਰੱਖਿਆ, ਵਿੱਤ ਅਤੇ ਵਿਦੇਸ਼ੀ ਮਾਮਲਿਆਂ ਦੇ ਜਿੰਮੇਵਾਰੀ ਨਿਭਾਈ ਸੀ।
7 ਅਗਸਤ, 2014 ਨੂੰ ਆਪਣੀ ਰਿਹਾਇਸ਼ ਦੇ ਬਾਥਰੂਮ ਵਿਚ ਡਿੱਗਣ ਤੋਂ ਬਾਅਦ ਜਸਵੰਤ ਸਿੰਘ ਕੋਮਾ ਵਿਚ ਸਨ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ, “ਭਾਜਪਾ ਦੇ ਦਿੱਗਜ ਨੇਤਾ ਅਤੇ ਸਾਬਕਾ ਮੰਤਰੀ ਸ਼੍ਰੀ ਜਸਵੰਤ ਸਿੰਘ ਜੀ ਦੇ ਦਿਹਾਂਤ ਤੋਂ ਬਹੁਤ ਦੁਖੀ ਹਾਂ।” ਜਸਵੰਤ ਸਿਘ ਭਾਜਪਾ ਦੀ ਟਿਕਟ ‘ਤੇ ਪੰਜ ਵਾਰ ਰਾਜ ਸਭਾ ਵਿਚ ਗਏ ਸਨ। 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਟਿਕਟ ਨਾ ਮਿਲਣ ‘ਤੇ ਜਸਵੰਤ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ, ਬਾਅਦ ਵਿਚ ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਸੀ।
News Credit :jagbani(punjabkesari)