Image Courtesy :jagbani(punjabkesari)

ਮੋਹਾਲੀ : ਜ਼ਿਲ੍ਹਾ ਮੈਜਿਸਟ੍ਰੇਟ ਗਿਰੀਸ਼ ਦਿਆਲਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ-144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ (ਜੋ ਕਿ ਇਸ ਜ਼ਿਲ੍ਹੇ ਦੀ ਹਦੂਦ ਅੰਦਰ ਆਉਂਦਾ ਹੈ) ਦੇ ਆਲੇ-ਦੁਆਲੇ ਮੀਟ ਦੀਆਂ ਦੁਕਾਨਾਂ ਚਲਾਉਣ ਅਤੇ ਇਸ ਦੀ ਰਹਿੰਦ-ਖੂੰਹਦ ਸੁੱਟਣ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਇਹ ਹੁਕਮ 21 ਨਵੰਬਰ 2020 ਤਕ ਜ਼ਿਲ੍ਹਾ ਮੋਹਾਲੀ ਦੀ ਹਦੂਦ ਅੰਦਰ ਲਾਗੂ ਰਹਿਣਗੇ।
ਏਅਰ ਫੋਰਸ ਸਟੇਸ਼ਨ ਅਥਾਰਟੀ ਚੰਡੀਗੜ੍ਹ ਨੇ ਜ਼ਿਲ੍ਹਾ ਮੈਜਿਸਟਰੇਟ ਦਫ਼ਤਰ ਦੇ ਧਿਆਨ ‘ਚ ਲਿਆਂਦਾ ਹੈ ਕਿ ਏਅਰਫੋਰਸ ਸਟੇਸ਼ਨ ਦੇ ਆਲੇ-ਦੁਆਲੇ ਆਮ ਜਨਤਾ ਵੱਲੋਂ ਕਈ ਖਾਣ-ਪੀਣ ਦੀਆਂ ਦੁਕਾਨਾਂ ਖੋਲ੍ਹੀਆਂ ਹੋਈਆਂ ਹਨ , ਉਨ੍ਹਾਂ ਵੱਲੋਂ ਇਨ੍ਹਾਂ ਵਸਤਾਂ ਦੀ ਰਹਿੰਦ ਖੁੱਲ੍ਹੇ ‘ਚ ਹੀ ਸੁੱਟ ਦਿੱਤੀ ਜਾਂਦੀ ਹੈ, ਜਿਸ ਕਰਕੇ ਏਅਰ ਫੋਰਸ ਦੇ ਏਰੀਏ ‘ਚ ਮਾਸਾਹਾਰੀ ਪੰਛੀ ਉੱਡਦੇ ਰਹਿੰਦੇ ਹਨ। ਇਨ੍ਹਾਂ ਦੇ ਉੱਡਣ ਨਾਲ ਕਿਸੇ ਵੀ ਹਵਾਈ ਜਹਾਜ਼ ਨਾਲ ਟਕਰਾਉਣ ਕਰ ਕੇ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ, ਜੋ ਕਿ ਰਾਸ਼ਟਰੀ ਸੁਰੱਖਿਆ ਲਈ ਵੀ ਖ਼ਤਰੇ ਦਾ ਕਾਰਨ ਬਣਦਾ ਹੈ ਅਤੇ ਫ਼ੌਜ ਵੱਲੋ ਦਿੱਤੀਆਂ ਜਾ ਰਹੀਆਂ ਸੇਵਾਵਾਂ ‘ਚ ਵੀ ਵਿਘਨ ਪੈਦਾ ਕਰਦਾ ਹੈ। ਇਸ ਦੇ ਫਲਸਰੂਪ ਅਮਨ ਤੇ ਕਾਨੂੰਨ ਦੀ ਸਥਿਤੀ ਵੀ ਭੰਗ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਹਵਾਈ ਜਹਾਜ਼ਾਂ ਨਾਲ ਕੋਈ ਹਾਦਸਾ ਨਾ ਵਾਪਰੇ, ਕੋਈ ਜਾਨੀ-ਮਾਲੀ ਨੁਕਸਾਨ ਨਾ ਹੋ ਸਕੇ ਅਤੇ ਅਮਨ ਤੇ ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਹਿੱਤ ਇਹ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
News Credit :jagbani(punjabkesari)