Image Courtesy :jagbani(punjabkesari)

ਅੰਮ੍ਰਿਤਸਰ : 2016 ‘ਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਅੱਗਜਣੀ ਦੀ ਘਟਨਾ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ ਪਾਵਨ ਸਰੂਪਾਂ ਦੀ ਬੇਅਦਬੀ ਦੇ ਮਾਮਲੇ ‘ਚ ਬੀਤੇ ਦਿਨ ਸ਼੍ਰੋਮਣੀ ਕਮੇਟੀ ਦੇ ਬੱਜਟ ਇਜਲਾਸ ‘ਚ ਕੋਈ ਠੋਸ ਫੈਸਲਾ ਨਹੀਂ ਲਿਆ ਗਿਆ। ਇਸ ਦੌਰਾਨ ਅੰਮ੍ਰਿਤਸਰ ਅਕਾਲੀ ਦਲ ਦੇ ਈਮਾਨ ਸਿੰਘ ਮਾਨ, ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਅਤੇ ਮੁੱਖ ਬੁਲਾਰੇ ਕੰਵਰਪਾਲ ਸਿੰਘ ਬਿੱਟੂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਆਪਣੀ ਕਾਰਜਕਾਰਣੀ ਸਮੇਤ ਗੁਰੂ ਸਾਹਿਬ ਦੇ ਪਾਵਨ ਸਰੂਪਾਂ ਦਾ ਹਿਸਾਬ ਦੇਣ ‘ਚ ਅਸਫ਼ਲ ਹੋਈ ਹੈ, ਜਿਸ ਤੋਂ ਲੱਗਦਾ ਹੈ ਕਿ ਸ਼੍ਰੋਮਣੀ ਕਮੇਟੀ ਆਪਣੇ ਫ਼ਰਜ਼ਾਂ ਤੋਂ ਭਗੌੜੀ ਹੈ। ਜ਼ਿਕਰਯੋਗ ਹੈ ਕਿ ਕੱਲ•ਦੇ ਬਜਟ ਇਜਲਾਸ ਸਮੇਂ 328 ਪਾਵਨ ਸਰੂਪਾਂ ਦੇ ਮਾਮਲੇ ਨੂੰ ਲੈ ਕੇ ਹੱਥਾਂ ‘ਚ ਤਖ਼ਤੀਆਂ ਫੜ੍ਹੀ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਸਨ। ਦਲ ਖਾਲਸਾ, ਅਕਾਲੀ ਦਲ (ਅੰਮ੍ਰਿਤਸਰ), ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ, ਯੂਨਾਈਟਿਡ ਅਕਾਲੀ ਦਲ, ਅਕਾਲ ਫੈਡਰੇਸ਼ਨ ਅਤੇ ਸਿੱਖ ਯੂਥ ਆਫ ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਨੂੰ ਬਜਟ ਇਜਲਾਸ ਤੋਂ ਪਹਿਲਾਂ ਸਵਾਲਨਾਮੇ ਦੇ ਰੂਪ ‘ਚ ਪੱਤਰ ਸੌਂਪਿਆ ਗਿਆ ਸੀ ਤਾਂ ਜੋ ਸ਼੍ਰੋਮਣੀ ਕਮੇਟੀ ਨੂੰ ਪੰਥ ਅੱਗੇ ਜਵਾਬਦੇਹ ਬਣਾਇਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਪੱਤਰ ਰਾਹੀਂ ਹਾਊਸ ਤੋਂ ਮੰਗ ਕੀਤੀ ਗਈ ਸੀ ਕਿ ਲਾਪਤਾ ਪਾਵਨ ਸਰੂਪਾਂ ਦਾ ਸਹੀ ਥਹੁ ਪਤਾ ਦੱਸਿਆ ਜਾਵੇ, ਸਾਮੂਹਿਕ ਜ਼ਿੰਮੇਵਾਰੀ ਦੇ ਸਿਧਾਂਤ ਅਨੁਸਾਰ ਵਰਤਮਾਨ ਪ੍ਰਧਾਨ ਅਤੇ ਅਹੁਦੇਦਾਰਾਂ ਅਤੇ ਦੋਸ਼ੀ ਅਧਿਕਾਰੀਆਂ ਤੋਂ ਤੁਰੰਤ ਅਸਤੀਫ਼ੇ ਲਏ ਜਾਣ ‘ਤੇ ਗੁਰੂ ਸਾਹਿਬ ਦੇ ਸਰੂਪਾਂ ਦੀ ਨਿਰਾਦਰੀ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ। ਉਨ੍ਹਾਂ ਆਪਣੀਆਂ ਹਮ ਖ਼ਿਆਲੀ ਪਾਰਟੀਆਂ ਨਾਲ ਹੋਈ ਗੱਲਬਾਤ ਦੇ ਆਧਾਰ ‘ਤੇ ਕਿਹਾ ਕਿ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਘਰ ਦੇ ਸਾਹਮਣੇ ਪੰਥਕ ਜਥੇਬੰਦੀਆਂ ਦਾ ਚੱਲ ਰਿਹਾ ਧਰਨਾ 8 ਅਕਤੂਬਰ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਸਰਵਉੱਚ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਖੁਦਮੁਖ਼ਤਾਰੀ ਹੈਸੀਅਤ ਨੂੰ ਬਾਦਲ ਪਰਿਵਾਰ ਨੇ ਕਰਾਰੀ ਸੱਟ ਮਾਰੀ ਹੈ। ਸ਼੍ਰੋਮਣੀ ਕਮੇਟੀ ਦੀ ਲੀਡਰਸ਼ਿਪ ਦਾ ਗੁਰੂ ਸਾਹਿਬ ਦੀ ਹੋਈ ਨਿਰਾਦਰੀ ਦੇ ਮਾਮਲੇ ਨੂੰ ਮੁਲਾਜ਼ਮਾ ਵੱਲੋਂ ਮਾਇਆ ਦੇ ਲਾਲਚ ‘ਚ ਕੀਤੀ ਠੱਗੀ ਦਾ ਮਾਮਲਾ ਕਰਾਰ ਦੇ ਕੇ ਖਹਿੜਾ ਨਹੀਂ ਛੁੱਟਣ ਵਾਲਾ। ਉਨ੍ਹਾਂ ਕਿਹਾ ਕਿ ਜੋ ਸ਼੍ਰੋਮਣੀ ਕਮੇਟੀ 2016 ਤੋਂ ਲੈ ਕੇ ਹਾਲੇ ਤੱਕ ਇਹ ਪਤਾ ਨਹੀਂ ਲਗਾ ਸਕੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਸਰੂਪ ਕਿੱਥੇ ਨੇ, ਕਿਸਨੂੰ ਦਿੱਤੇ ਨੇ ਅਤੇ ਕਿਸ ਹਾਲਤ ‘ਚ ਨੇ, ਉਸਦੇ ਕਿਰਦਾਰ ‘ਤੇ ਸ਼ੱਕ ਕਰਨਾ ਕੋਈ ਅੱਤ ਕਥਨੀ ਨਹੀਂ ਹੋਵੇਗੀ।
News Credit :jagbani(punjabkesari)