Image Courtesy :jagbani(punjabkesari)

ਚੰਡੀਗੜ੍ਹ : ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਵੱਲ ਵੱਡਾ ਕਦਮ ਪੁੱਟਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਅੱਜ 362 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ‘ਚੋਂ ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਭਰਤੀ ਹੋਈਆਂ 80 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਦਿੱਤੇ ਗਏ, ਜਦੋਂ ਕਿ ਆਂਗਨਵਾੜੀ ਵਰਕਰਾਂ ਦੀ ਆਸਾਮੀ ਤੋਂ ਤਰੱਕੀ ਪ੍ਰਾਪਤ 282 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਸਬੰਧਿਤ ਜ਼ਿਲ੍ਹਿਆਂ ‘ਚ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਤਾਂ ਜੋ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਚੱਲ ਰਹੇ ਵਿਭਾਗੀ ਕੰਮਕਾਜ ਪ੍ਰਭਾਵਿਤ ਨਾ ਹੋਣ।
ਨਵ-ਨਿਯੁਕਤ ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਮਹਿਕਮੇ ‘ਚ ਤਨਦੇਹੀ ਤੇ ਸਮਰਪਣ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਦਿਆਂ ਅਰੁਣਾ ਚੌਧਰੀ ਨੇ ਕਿਹਾ ਕਿ ਨਵੀਂ ਭਰਤੀ ਹੋਈਆਂ ਅਤੇ ਤਰੱਕੀ ਪ੍ਰਾਪਤ ਆਂਗਨਵਾੜੀ ਸੁਪਰਵਾਈਜ਼ਰਾਂ ਨਾਲ ਮਹਿਕਮੇ ਨੂੰ ਮਜ਼ਬੂਤੀ ਤਾਂ ਮਿਲੇਗੀ ਹੀ, ਨਾਲ ਹੀ ਸੂਬੇ ਦੀ ਨਵੀਂ ਪੀੜ੍ਹੀ ਨੂੰ ਪੌਸ਼ਟਿਕ ਖ਼ੁਰਾਕ ਤੇ ਸਿਹਤਮੰਦ ਵਾਤਾਵਰਣ ਦੇਣ ‘ਚ ਮਦਦ ਤੋਂ ਇਲਾਵਾ ਸੂਬੇ ‘ਚਹਰ ਵਰਗ ਦੇ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਸਮਾਂਬੱਧ ਜਾਣਕਾਰੀ ਦੇਣ ‘ਚ ਵੀ ਇਹ ਸੁਪਰਵਾਈਜ਼ਰ ਬੀਬੀਆਂ ਅਹਿਮ ਯੋਗਦਾਨ ਪਾਉਣਗੀਆਂ।
ਇਸ ਮੌਕੇ ਕੈਬਨਿਟ ਮੰਤਰੀ ਨਾਲ ਮਹਿਕਮੇ ਦੇ ਪ੍ਰਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਵਿਪੁਲ ਉੱਜਵਲ, ਸੰਯੁਕਤ ਸਕੱਤਰ ਵਿੰਮੀ ਭੁੱਲਰ ਅਤੇ ਡਿਪਟੀ ਡਾਇਰੈਕਟਰ ਗੁਰਜਿੰਦਰ ਸਿੰਘ ਮੌੜ ਵੀ ਮੌਜੂਦ ਸਨ। ਆਂਗਨਵਾੜੀ ਸੁਪਰਵਾਈਜ਼ਰਾਂ ਦੀ ਵੱਡੀ ਪੱਧਰ ‘ਤੇ ਭਰਤੀ ਨਾਲ ਆਂਗਨਵਾੜੀ ਵਰਕਰਾਂ ਦਾ ਮਨੋਬਲ ਵਧਣ ਦੀ ਗੱਲ ਆਖਦਿਆਂ ਅਰੁਣਾ ਚੌਧਰੀ ਨੇ ਕਿਹਾ ਕਿ ਸਿੱਧੀ ਭਰਤੀ ਅਤੇ ਤਰੱਕੀਆਂ ਰਾਹੀਂ ਖ਼ਾਲੀ ਆਸਾਮੀਆਂ ਭਰਨ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਟੀਚੇ ਨੂੰ ਸਰ ਕਰਨ ਵੱਲ ਕਦਮ ਪੁੱਟਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮਹਿਕਮੇ ਨੇ ਹਾਲ ਹੀ ‘ਚ ਆਂਗਨਵਾੜੀ ਸੁਪਰਵਾਈਜ਼ਰਾਂ ਦੀਆਂ ਆਸਾਮੀਆਂ ‘ਤੇ 282 ਆਂਗਨਵਾੜੀ ਵਰਕਰਾਂ ਨੂੰ ਤਰੱਕੀ ਦਿੱਤੀ ਹੈ ਅਤੇ 80 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਮਹਿਕਮੇ ‘ਚ ਨਿਯੁਕਤ ਕੀਤਾ ਗਿਆ ਹੈ।
ਮੰਤਰੀ ਨੇ ਕਿਹਾ ਕਿ ਵੱਡੀ ਗਿਣਤੀ ‘ਚ ਆਂਗਨਵਾੜੀ ਸੁਪਰਵਾਈਜ਼ਰਾਂ ਦੀ ਭਰਤੀ ਨਾਲ ਆਂਗਨਵਾੜੀ ਵਰਕਰਾਂ ਦਾ ਸਰਕਾਰ ਦੀਆਂ ਨੀਤੀਆਂ ‘ਚ ਵਿਸ਼ਵਾਸ ਹੋਰ ਮਜ਼ਬੂਤ ਹੋਵੇਗਾ। ਅਰੁਣਾ ਚੌਧਰੀ ਨੇ ਸਪੱਸ਼ਟ ਸ਼ਬਦਾਂ ‘ਚ ਕਿਹਾ ਕਿ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀਆਂ ਆਪਣੀਆਂ ਕੋਸ਼ਿਸ਼ਾਂ ਨੂੰ ਜਾਰੀ ਰੱਖਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮਹਿਕਮੇ ‘ਚ ਵੱਖ-ਵੱਖ ਖ਼ਾਲੀ ਆਸਾਮੀਆਂ ਜਲਦੀ ਭਰੀਆਂ ਜਾਣਗੀਆਂ ਅਤੇ ਇਸ ਸਬੰਧੀ ਇਸ਼ਤਿਹਾਰ ਛੇਤੀ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਸੂਬੇ ਦੇ ਨੌਜਵਾਨ ਸਰਕਾਰੀ ਖੇਤਰ ‘ਚ ਸ਼ਾਮਲ ਹੋ ਕੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਜਨ-ਜਨ ਤੱਕ ਪਹੁੰਚਾਉਣ ਸਣੇ ਸੂਬੇ ਨੂੰ ਹਰ ਪੱਖੋਂ ਬਿਹਤਰ ਬਣਾਉਣ ਵਾਲੀਆਂ ਨੀਤੀਆਂ ‘ਚ ਆਪਣਾ ਯੋਗਦਾਨ ਪਾ ਸਕਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਚੋਣ ਮਨੋਰਥ ਪੱਤਰ ‘ਚ ਕੀਤੇ ਹਰੇਕ ਵਾਅਦੇ ਨੂੰ ਹਰ ਹੀਲੇ ਪੂਰਾ ਕਰਨ ਲਈ ਵਚਨਬੱਧ ਹੈ।
News Credit :jagbani(punjabkesari)