ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ ਅੱਜ ਯਾਨੀ ਸ਼ੁੱਕਰਵਾਰ ਨੂੰ 37ਵਾਂ ਦਿਨ ਹੈ। ਇਸ ਵਿਚ ਸਿੰਘੂ ਸਰਹੱਦ ‘ਤੇ ਗੁਰਬਾਣੀ ਕੀਰਤਨ ਕਰਦਿਆਂ ਨਵਾਂ ਸਾਲ ਚੜ੍ਹਿਆ। ਫੁੱਲਾਂ ਨਾਲ ਸਜਾਈ ਗਈ ਪਾਲਕੀ ਸਾਹਿਬ ਨਾਲ ਨਗਰ ਕੀਰਤਨ ਕੱਢਿਆ ਜਾ ਰਿਹਾ। ਇਸ ਦੌਰਾਨ ਪਾਲਕੀ ਸਾਹਿਬ ‘ਤੇ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਹੈ। ਇੱਥੇ ਗਤਕੇ ਦੇ ਜੌਹਰ ਵੀ ਦਿਖਾਏ ਜਾ ਰਹੇ ਹਨ। ਇਹ ਨਗਰ ਕੀਰਤਨ ਸਿੰਘੂ ਸਰਹੱਦ ਤੋਂ ਹਰਿਆਣਾ ਦੀ ਕੁੰਡਲੀ ਸਰਹੱਦ ਵੱਲ ਵੱਧ ਰਿਹਾ ਹੈ।
ਦੱਸਣਯੋਗ ਹੈ ਕਿ ਬੁੱਧਵਾਰ ਨੂੰ ਹੋਈ ਗੱਲਬਾਤ ‘ਚ ਸਰਕਾਰ ਨੇ ਬਿਜਲੀ ਬਿੱਲ ‘ਚ ਵਾਧੇ ਅਤੇ ਪਰਾਲੀ ਸਾੜਨ ‘ਤੇ ਜੁਰਮਾਨਾ ਲਗਾਉਣ ਨਾਲ ਜੁੜੀਆਂ ਚਿੰਤਾਵਾਂ ਦਾ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ। ਹਾਲਾਂਕਿ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਨੂੰ ਕਾਨੂੰਨੀ ਦਾਇਰੇ ‘ਚ ਲਿਆਉਣ ਦੀ ਉਨ੍ਹਾਂ ਦੀ ਮੁੱਖ ਮੰਗ ‘ਤੇ ਕੁਝ ਫ਼ੈਸਲਾ ਨਹੀਂ ਹੋ ਸਕਿਆ। ਹੁਣ 4 ਜਨਵਰੀ 2021 ਨੂੰ ਮੁੜ ਤੋਂ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਮੁੱਖ ਮੰਗਾਂ ਨੂੰ ਲੈ ਕੇ ਚਰਚਾ ਹੋਵੇਗੀ।
News Credit :jagbani(punjabkesari)