ਨਵੀਂ ਦਿੱਲੀ- ਨਵੇਂ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਜ਼ਿਆਦਾਤਰ ਸਰਹੱਦਾਂ ‘ਤੇ ਕਿਸਾਨਾਂ ਦਾ ਅੰਦੋਲਨ 40ਵੇਂ ਦਿਨ ਵੀ ਜਾਰੀ ਹੈ। ਮੀਂਹ ਅਤੇ ਠੰਡ ਦੇ ਬਾਵਜੂਦ ਵੀ ਕਿਸਾਨ ਸੜਕਾਂ ‘ਤੇ ਡਟੇ ਹੋਏ ਹਨ। ਇਸ ਵਿਚ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਦੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਤੁਲਨਾ ਜਨਰਲ ਡਾਇਰ ਨਾਲ ਕੀਤੀ ਹੈ। ਉਨ੍ਹਾਂ ਨੇ ਇਕ ਨਿਊਜ਼ ਏਜੰਸੀ ਨਾਲ ਗੱਲ ਕਰਦੇ ਹੋਏ ਕਿਹਾ ਕਿ ਮਨੋਹਰ ਲਾਲ ਖੱਟੜ ਨੇ ਜਨਰਲ ਡਾਇਰ ਦੀ ਤਰ੍ਹਾਂ ਅੰਦੋਲਨਕਾਰੀ ਕਿਸਾਨਾਂ ‘ਤੇ ਹੰਝੂ ਗੈਸ ਦੇ ਗੋਲ਼ੇ ਛੱਡਣ ਅਤੇ ਗੋਲ਼ੀਬਾਰੀ ਕਰਨ ਦਾ ਆਦੇਸ਼ ਦਿੱਤਾ ਹੈ। ਅੱਗੇ ਰਾਘਵ ਚੱਢਾ ਨੇ ਕਿਹਾ ਕਿ ਕੀ ਦੇਸ਼ ਦੇ ਕਿਸਾਨ ਸਾਡੇ ਦੁਸ਼ਮਣ ਹਨ? ਕੀ ਉਹ ਚੀਨ ਜਾਂ ਪਾਕਿਸਤਾਨ ਦੇ ਫ਼ੌਜ ਦੇ ਜਵਾਨ ਹਨ? ਆਖ਼ਰ ਉਨ੍ਹਾਂ ਨਾਲ ਇਸ ਤਰ੍ਹਾਂ ਦਾ ਰਵੱਈਆ ਕਿਉਂ ਕੀਤਾ ਜਾ ਰਿਹਾ ਹੈ।
ਦਰਅਸਲ ਖੇਤੀ ਕਾਨੂੰਨਾਂ ਵਿਰੁੱਧ ਸ਼ੁਰੂ ਹੋਇਆ ਕਿਸਾਨ ਅੰਦੋਲਨ ਹੌਲੀ-ਹੌਲੀ ਵੱਧਦਾ ਜਾ ਰਿਹਾ ਹੈ। ਐਤਵਾਰ ਨੂੰ ਕਿਸਾਨਾਂ ਦਾ ਜੱਥਾ ਪੁਲਸ ਬੈਰੀਕੇਡਿੰਗ ਤੋੜ ਕੇ ਅੱਗੇ ਵੱਧ ਗਿਆ। ਇਸ ਤੋਂ ਬਾਅਦ ਦਿੱਲੀ-ਜੈਪੁਰ ਹਾਈਵੇਅ ਸਥਿਤ ਮਸਾਨੀ ਪਿੰਡ ਕੋਲ ਪੁਲਸ ਅਤੇ ਕਿਸਾਨਾਂ ਦਰਮਿਆਨ ਟਕਰਾਅ ਹੋ ਗਿਆ। ਕਿਸਾਨ ਅੱਗੇ ਵੱਧਣ ਦੀ ਮੰਗ ‘ਤੇ ਅੜੇ ਰਹੇ। ਉੱਥੇ ਹੀ ਪੁਲਸ ਨੇ ਕਿਸਾਨਾਂ ਨੂੰ ਰੋਕਣ ਲਈ ਹੰਝੂ ਗੈਸ ਦੇ ਗੋਲ਼ੇ ਛੱਡੇ।
News Credit :jagbani(punjabkesari)