ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ 44ਵੇਂ ਦਿਨ ਵੀ ਜਾਰੀ ਹੈ। ਇਸ ਵਿਚ ਅੱਜ ਯਾਨੀ ਸ਼ੁੱਕਰਵਾਰ ਕੇਂਦਰ ਅਤੇ ਕਿਸਾਨਾਂ ਵਿਚਾਲੇ 8ਵੇਂ ਦੌਰ ਦੀ ਗੱਲਬਾਤ ਸ਼ੁਰੂ ਹੋ ਗਈ ਹੈ। ਕਿਸਾਨ ਲਗਾਤਾਰ ਕਾਨੂੰਨ ਰੱਦ ਕਰਨ ਦੀ ਮੰਗ ‘ਤੇ ਅੜੇ ਹੋਏ ਹਨ। ਉੱਥੇ ਹੀ ਸਰਕਾਰ ਵੀ ਕਾਨੂੰਨ ਵਾਪਸ ਲੈਣ ਦੇ ਮੂਡ ‘ਚ ਨਹੀਂ ਹੈ। ਇਹ ਬੈਠਕ ਵਿਗਿਆਨ ਭਵਨ ‘ਚ ਚੱਲ ਰਹੀ ਹੈ। ਗੱਲਬਾਤ ਰਾਹੀਂ ਮੁੱਦੇ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਵਿਗਿਆਨ ਭਵਨ ‘ਚ ਕਿਸਾਨਾਂ ਨਾਲ ਗੱਲਬਾਤ ਪਹਿਲਾਂ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਅਤੇ ਰੇਲ ਮੰਤਰੀ ਪੀਊਸ਼ ਗੋਇਲ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰੀਬ 1 ਘੰਟੇ ਤੱਕ ਬੈਠਕ ਹੋਈ।
ਦੱਸਣਯੋਗ ਹੈ ਕਿ ਕਿਸਾਨ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ 8ਵੇਂ ਦੌਰ ਦੀ ਗੱਲਬਾਤ ਹੋਣੀ ਹੈ। ਇਸ ਤੋਂ ਪਹਿਲਾਂ 4 ਜਨਵਰੀ ਨੂੰ ਹੋਈ ਬੈਠਕ ਦੇ ਬੇਨਤੀਜਾ ਰਹਿਣ ਤੋਂ ਬਾਅਦ ਇਹ ਬੈਠਕ ਅਹਿਮ ਹੈ। ਸਰਕਾਰ ਨੇ 30 ਦਸੰਬਰ ਨੂੰ 6ਵੇਂ ਦੌਰ ਦੀ ਗੱਲਬਾਤ ‘ਚ ਕਿਸਾਨਾਂ ਦੀ ਬਿਜਲੀ ਸਬਸਿਡੀ ਅਤੇ ਪਰਾਲੀ ਸਾੜਨ ਸੰਬੰਧੀ 2 ਮੰਗਾਂ ਨੂੰ ਮੰਨ ਲਿਆ ਸੀ। ਇਸ ਤੋਂ ਪਹਿਲਾਂ ਕਿਸੇ ਵੀ ਬੈਠਕ ‘ਚ ਕੋਈ ਸਫ਼ਲਤਾ ਨਹੀਂ ਮਿਲੀ ਸੀ। 8ਵੇਂ ਦੌਰ ਦੀ ਬੈਠਕ ਤੋਂ ਪਹਿਲਾਂ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੱਲ ਦੇ ਇਤਿਹਾਸਕ ਟਰੈਕਟਰ ਮਾਰਚ ਦਾ ਅਸਰ ਅੱਜ ਦੀ ਬੈਠਕ ‘ਚ ਦੇਖਣ ਨੂੰ ਮਿਲੇਗਾ।
News Credit :jagbani(punjabkesari)