ਅੰਮਿ੍ਰਤਸਰ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰਬਾਣੀ ਸਰਵਨ ਕੀਤੀ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਖੇਤੀ ਕਾਨੂੰਨਾਂ ਨੂੰ ਲੈ ਕੇ ਰੱਜ ਕੇ ਭੜਾਸ ਕੱਢੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਖੇਤੀ ਕਾਨੂੰਨਾਂ ਨੂੰ ਲੈ ਕੇ ਕੋਈ ਸਿੱਟਾ ਕੱਢਣ ਦਾ ਇਰਾਦਾ ਨਹੀਂ ਹੈ। ਜੇਕਰ ਉਨ੍ਹਾਂ ਦਾ ਕੋਈ ਇਰਾਦਾ ਹੁੰਦਾ ਤਾਂ ਡੇਢ ਮਹੀਨਾ ਕਿਸਾਨਾਂ ਨੂੰ ਠੰਡ ’ਚ ਨਾ ਬਿਠਉਂਦੇ। ਸਿੱਟਾ ਕੱਢਣ ਦਾ ਇਰਾਦਾ ਨਾ ਹੋਣ ਕਾਰਨ ਹੀ ਉਨ੍ਹਾਂ ਨੇ ਪਿੱਛਲੀ ਮੀਟਿੰਗ ਕਿਸਾਨਾਂ ਨੂੰ ਅਦਾਲਤ ’ਚ ਜਾਣ ਲਈ ਕਿਹਾ ਸੀ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਸਰਕਾਰ ਕਾਨੂੰਨਾਂ ਦੇ ਮਾਮਲੇ ਵਿਚ ਕਿਸਾਨਾਂ ਦੀ ਆਵਾਜ਼ ਸੁਣਨ ਲਈ ਤਿਆਰ ਨਹੀਂ ਹੈ। ਇਕ ਚੁਣੀ ਹੋਈ ਸਰਕਾਰ ਜੇ ਲੋਕਾਂ ਨੂੰ ਅਦਾਲਤ ਵਿਚ ਜਾਣ ਦਾ ਰਾਹ ਦਿਖਾਉਂਦੀ ਹੈ ਤਾਂ ਫਿਰ ਉਸ ਨੂੰ ਲੋਕਾਂ ਵੱਲੋਂ ਚੁਣਿਆ ਹੀ ਕਿਉਂ ਗਿਆ। ਉਹ ਸਰਕਾਰ ਲੋਕਾਂ ਦੀ ਪ੍ਰਤੀਨਿਧਤਾ ਕਿਵੇਂ ਕਰਦੀ ਹੈ। ਕਿਸਾਨ ਅੰਦੋਲਨ ’ਚ 70 ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰ ਸਰਕਾਰ ਨੂੰ ਇਨ੍ਹਾਂ ਦੀ ਕੋਈ ਪਰਵਾਹਨਹੀਂ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ’ਤੇ ਹੰਝੂ ਗੋਲੇ ਵਰ੍ਹਾ ਕੇ ਉਨ੍ਹਾਂ ਦੇ ਸ਼ਾਂਤਮਈ ਧਰਨੇ ਨੂੰ ਅਸ਼ਾਤਮਈ ਵੱਲ ਧੱਕ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਨ੍ਹਾਂ ਘਟੀਆਂ ਇਰਾਦਿਆਂ ਨੂੰ ਕਾਮਯਾਬ ਨਾ ਹੋਣ ਦਿਓ। ਦੁਨੀਆ ਭਰ ’ਚ ਕਿਸਾਨਾਂ ਦੇ ਇਸ ਸੰਘਰਸ਼ ਦੀ ਸ਼ਲਾਘਾ ਹੋਈ ਹੈ ਪਰ ਸਰਕਾਰ ਹੁਣ ਹਰ ਤਰ੍ਹਾਂ ਦੇ ਹੱਥਕੰਡੇ ਇਸ ਸੰਘਰਸ਼ ਨੂੰ ਬਦਨਾਮ ਕਰਨ ਲਈ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਕਰਕੇ ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਆਪਣਾ ਸੰਘਰਸ਼ ’ਤੇ ਇਸੇ ਤਰ੍ਹਾਂ ਸ਼ਾਂਤਮਈ ਢੰਗ ਨਾਲ ਡਟੇ ਰਹਿਣ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਕਿਸਾਨ ਸੰਘਰਸ਼ ਦੇ ਨਾਲ ਹੀ ਅਤੇ ਕਿਸਾਨਾਂ ਦੇ ਇਸ ਅੰਦੋਲਨ ਦੀ ਜ਼ਰੂਰ ਜਿੱਤ ਹੋਵੇਗੀ।
News Credit :jagbani(punjabkesari)