Image Courtesy :jagbani(punjabkesari)

ਸ਼ਿਮਲਾ— ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਰੋਹ ਵੱਧਦਾ ਜਾ ਰਿਹਾ ਹੈ। ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼ਿਮਲਾ ਦੇ ਰਿਜ ਮੈਦਾਨ ’ਤੇ ਕਿਸਾਨ ਅੰਦੋਲਨ ਦੇ ਸਮਰਥਨ ’ਚ ਸਿੰਘੂ ਸਰਹੱਦ ਤੋਂ ਪੁੱਜੇ 3 ਕਿਸਾਨਾਂ ਨੂੰ ਪੁਲਸ ਨੇ ਹਿਰਾਸਤ ਵਿਚ ਲਿਆ ਹੈ। ਪੁਲਸ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਇਨ੍ਹਾਂ ਨੂੰ ਹਿਰਾਸਤ ਵਿਚ ਲਿਆ ਹੈ। ਪੁਲਸ ਮੁਤਾਬਕ ਬਿਨਾਂ ਇਜਾਜ਼ਤ ਇਹ ਕਿਸਾਨ, ਕਿਸਾਨ ਅੰਦੋਲਨ ਲਈ ਸਮਰਥਨ ਜੁਟਾ ਰਹੇ ਸਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਦੌਰਾਨ ਪੁਲਸ ਨੇ ਕਵਰੇਜ਼ ਕਰ ਰਹੇ ਮੀਡੀਆ ਕਾਮਿਆਂ ਨਾਲ ਵੀ ਧੱਕਾ-ਮੁੱਕੀ ਕੀਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਕਿਸਾਨ, ਕਿਸਾਨ ਅੰਦੋਲਨ ਦਾ ਸਮਰਥਨ ਕਰਨ ਲਈ ਸ਼ਿਮਲਾ ਪੁੱਜੇ ਸਨ, ਜੋ ਕਿ ਸ਼ਿਮਲਾ ਦੇ ਰਿਜ ਮੈਦਾਨ ’ਚ ਪੈਦਲ ਮਾਰਚ ਕਰਨ ਪੁੱਜੇ ਸਨ। ਪੈਦਲ ਮਾਰਚ ਦੌਰਾਨ ਹੀ ਪੁਲਸ ਨੇ ਇਨ੍ਹਾਂ ਤਿੰਨਾਂ ਕਿਸਾਨਾਂ ਨੂੰ ਫੜ ਲਿਆ ਅਤੇ ਥਾਣੇ ਲੈ ਗਈ ਜਿੱਥੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਪੁਲਸ ਮੁਤਾਬਕ ਖੇਤਰ ਵਿਚ ਮਾਹੌਲ ਨਾ ਵਿਗੜੇ, ਇਸ ਦੇ ਚੱਲਦੇ ਉਨ੍ਹਾਂ ਨੂੰ ਹਿਰਾਸਤ ’ਚ ਲਿਆ ਗਿਆ ਹੈ। ਇਸ ਦੌਰਾਨ ਪੁਲਸ ਨੇ ਮੀਡੀਆ ਕਾਮਿਆਂ ਨਾਲ ਧੱਕਾ-ਮੁੱਕੀ ਕੀਤੀ। ਹਾਲਾਂਕਿ ਮੀਡੀਆ ਕਾਮਿਆਂ ਦੇ ਵਿਰੋਧ ਤੋਂ ਬਾਅਦ ਪੁਲਸ ਨੇ ਮੁਆਫ਼ੀ ਵੀ ਮੰਗ ਲਈ।
ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ’ਤੇ ਗਰੰਟੀ ਕਾਨੂੰਨ ਦੀ ਮੰਗ ਨੂੰ ਲੈ ਕੇ ਕਿਸਾਨ ਕੜਾਕੇ ਦੀ ਠੰਡ ’ਚ ਪਿਛਲੇ 55 ਦਿਨਾਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਡਟੇ ਹੋਏ ਹਨ। ਕੇਂਦਰ ਅਤੇ ਕਿਸਾਨਾਂ ਵਿਚਾਲੇ ਹੁਣ ਤੱਕ 9 ਗੇੜ ਦੀ ਗੱਲਬਾਤ ਹੋ ਚੁੱਕੀ ਹੈ, ਜੋ ਕਿ ਬੇਸਿੱਟਾ ਰਹੀ। 10ਵੇਂ ਗੇੜ ਦੀ ਗੱਲਬਾਤ ਭਲਕੇ ਹੋਵੇਗੀ।
News Credit :jagbani(punjabkesari)