ਪਟਿਆਲਾ : ਪੂਰੇ ਦੇਸ਼ ‘ਚ ਅੱਜ ਗਣਤੰਤਰ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਗਣਤੰਤਰ ਦਿਹਾੜੇ ਦੀ ਵਧਾਈ ਦਿੱਤੀ ਗਈ ਹੈ। ਉਨ੍ਹਾਂ ਵੱਲੋਂ ਪਟਿਆਲਾ ਵਿਖੇ ਤਿਰੰਗਾ ਲਹਿਰਾਇਆ ਗਿਆ। ਕੈਪਟਨ ਨੇ ਕਿਹਾ ਕਿ ਗਣਤੰਤਰ ਦਿਹਾੜਾ ਸਾਡੇ ਲੋਕਤੰਤਰੀ ਅਧਿਕਾਰਾਂ ਅਤੇ ਸਾਡੇ ਸੰਵਿਧਾਨ ਵੱਲੋਂ ਦਿੱਤੀਆਂ ਗਈਆਂ ਆਜ਼ਾਦੀਆਂ ਦੀ ਰਾਖੀ ਲਈ ਕੀਤੇ ਗਏ ਵਾਅਦੇ ਦੀ ਪੁਸ਼ਟੀ ਕਰਨ ਦਾ ਮਹੱਤਵਪੂਰਨ ਮੌਕਾ ਹੈ।
ਉਨ੍ਹਾਂ ਕਿਹਾ ਕਿ ਸਾਡਾ ਸੰਵਿਧਾਨ ਹੀ ਸਾਡੇ ਲੋਕਤੰਤਰੀ ਦੇਸ਼ ਦੀ ਅਸਲੀ ਤਾਕਤ ਹੈ। ਇਸ ਮੌਕੇ ਕਿਸਾਨੀ ਸੰਘਰਸ਼ ਦੇ ਹੱਕ ‘ਚ ਬੋਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਦਿਲ ਹਰ ਦਿੱਲੀ ਦੇ ਬਾਰਡਰਾਂ ‘ਤੇ ਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਹੋਣ ਵਾਲੀ ਅਗਲੀ ਬੈਠਕ ‘ਚ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਿਆਂ ਨੂੰ ਬਿਨਾਂ ਪੁੱਛੇ ਹੀ ਕੇਂਦਰ ਸਰਕਾਰ ਨੇ ਕਿਸਾਨਾਂ ‘ਤੇ ਨਵੇਂ ਖੇਤੀਬਾੜੀ ਕਾਨੂੰਨ ਥੋਪ ਦਿੱਤੇ ਹਨ, ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸੂਬਾ 1966 ਤੋਂ ਲੈ ਕੇ ਦੇਸ਼ ਦੇ ਲੋਕਾਂ ਦਾ ਢਿੱਡ ਭਰਦਾ ਆ ਰਿਹਾ ਹੈ ਪਰ ਕੇਂਦਰ ਸਰਕਾਰ ਹੁਣ ਪੰਜਾਬ ਨਾਲ ਹੀ ਅਜਿਹਾ ਮਾੜਾ ਵਰਤਾਓ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਸੂਬੇ ਦਾ ਕੋਈ ਪਿੰਡ ਅਜਿਹਾ ਨਹੀਂ ਹੈ, ਜਿੱਥੋਂ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਸੰਘਰਸ਼ ਨਹੀਂ ਨਾ ਬੈਠੇ ਹੋਣ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਕਿ ਕਿਸਾਨੀ ਮਸਲਿਆਂ ਦਾ ਹੱਲ ਕੱਢਿਆ ਜਾਵੇ ਅਤੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ।
ਕੈਪਟਨ ਨੇ ਕਿਹਾ ਕਿ ਦੁਨੀਆ ਦੇ ਲੋਕ ਸੋਚਦੇ ਹਨ ਕਿ ਪੰਜਾਬ ‘ਚ ਬਹੁਤ ਵੱਡੇ-ਵੱਡੇ ਜਿਮੀਂਦਾਰ ਬੈਠੇ ਹਨ ਪਰ ਸੱਚਾਈ ਤਾਂ ਇਹ ਹੈ ਕਿ 75 ਫ਼ੀਸਦੀ ਕਿਸਾਨੀ 5 ਕਿਲੇ ਤੋਂ ਘੱਟ ਦੀ ਮਾਲਕ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ‘ਤੇ ਬਜ਼ੁਰਗ ਆਪਣੀ ਆਉਣ ਵਾਲੀ ਪੀੜ੍ਹੀ ਦੇ ਭਵਿੱਖ ਲਈ ਹੀ ਬੈਠੇ ਹੋਏ ਹਨ, ਇਸ ਲਈ ਕੇਂਦਰ ਸਰਕਾਰ ਨੂੰ ਇਸ ਅੰਦੋਲਨ ਦਾ ਜਲਦ ਹੀ ਹੱਲ ਕੱਢਣਾ ਚਾਹੀਦਾ ਹੈ।